ਹੜ੍ਹ ਪੀੜਤਾਂ ਲਈ ਫੌਰੀ ਮੁਆਵਜ਼ਾ ਮੰਗਿਆ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਹੜ੍ਹ ਪੀੜਤਾਂ ਨੂੰ ਫੌਰੀ ਮੁਆਵਜ਼ਾ ਦੇਣ ਲਈ ਅੱਜ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਗਏ। ਇਸ ਦੇ ਨਾਲ ਹੀ ਚੀਨੀ ਵਾਇਰਸ ਤੇ ਹਲਦੀ ਰੋਗ ਕਾਰਨ ਝੋਨੇ ਦੀ ਫ਼ਸਲ ਦਾ ਘੱਟ ਝਾੜ ਨਿਕਲਣ ਸਬੰਧੀ ਕਿਸਾਨਾਂ ਨੂੰ ਬਣਦਾ ਬੋਨਸ ਦੇਣ ਦੀ ਮੰਗ ਕੀਤੀ। ਬਿਮਾਰੀ ਕਾਰਨ ਝੋਨੇ ਦੇ ਬਦਰੰਗ ਹੋਏ ਦਾਣੇ ਦੀ ਖ਼ਰੀਦ ਮਾਪਦੰਡਾਂ ਵਿੱਚ ਰਿਆਇਤ ਦੇਣ ਦੀ ਅਪੀਲ ਕੀਤੀ। ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਮੰਗ ਪੱਤਰਾਂ ਵਿੱਚ ਕਿਹਾ ਕਿ ਪੰਜਾਬ ਵਿੱਚ ਹੜ੍ਹਾਂ ਕਾਰਨ 2500 ਦੇ ਕਰੀਬ ਪਿੰਡ ਪ੍ਰਭਾਵਿਤ ਹੋਏ ਹਨ ਅਤੇ 5 ਲੱਖ ਏਕੜ ਦੇ ਕਰੀਬ ਫ਼ਸਲ ਤਬਾਹ ਹੋਈ ਹੈ। ਇਸ ਤੋਂ ਇਲਾਵਾ 60 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਲੱਖਾਂ ਲੋਕਾਂ ਦੇ ਘਰ ਢਹਿਣ ਕਰ ਕੇ ਉਹ ਬੇਘਰ ਹੋ ਗਏ। ਇੰਨਾ ਕੁਝ ਹੋਣ ਦੇ ਬਾਵਜੂਦ ਸੂਬਾ ਸਰਕਾਰ ਵੱਲੋਂ ਹਾਲੇ ਤੱਕ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ। ਪਾਰਟੀ ਆਗੂਆਂ ਨੇ ਡਿਪਟੀ ਕਮਿਸ਼ਨਰਾਂ ਤੋਂ ਮੰਗ ਕੀਤੀ ਕਿ ਹੜ੍ਹ ਪੀੜ੍ਹਤਾਂ ਨੂੰ ਪਹਿਲ ਦੇ ਆਧਾਰ ’ਤੇ ਬਣਦਾ ਮੁਆਵਜ਼ਾ ਦਿੱਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਝੋਨੇ ਦੀ ਫ਼ਸਲ ਨੂੰ ਪਈ ਬਿਮਾਰੀ ਕਾਰਨ ਕਿਸਾਨਾਂ ਦੇ ਹੋਏ ਨੁਕਸਾਨ ਨੂੰ ਕੁਦਰਤੀ ਆਫ਼ਤ ਐਲਾਨਣ ਅਤੇ ਸੂਬਾ ਆਫ਼ਤ ਪ੍ਰਬੰਧਨ ਫੰਡ ’ਚੋਂ ਕਿਸਾਨਾਂ ਦੇ ਨੁਕਸਾਨ ਦੀ ਭਰਪਾਈ ਕਰਨ ਦੀ ਮੰਗ ਕੀਤੀ। ਪਾਰਟੀ ਆਗੂਆਂ ਨੇ ਕਿਹਾ ਕਿ ਜੇ ਸੂਬਾ ਸਰਕਾਰ ਆਉਣ ਵਾਲੇ ਦਿਨਾਂ ਵਿੱਚ ਨੁਕਸਾਨ ਦੀ ਭਰਪਾਈ ਨਹੀਂ ਕਰਦੀ ਤਾਂ ਕੇਂਦਰੀ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਕੀਤੀ ਜਾਵੇਗੀ।
