ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 2 ਮਈ
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਾਂਗਰਸੀ ਵਰਕਰਾਂ ਨੂੰ ‘ਆਪ’ ਸਰਕਾਰ ਨੂੰ ਜਵਾਬਦੇਹ ਬਣਾਉਣ ਲਈ ਲੜਾਈ ਲੜਨ ਵਾਸਤੇ ਤਿਆਰ ਰਹਿਣ ਦਾ ਸੱਦਾ ਦਿੱਤਾ ਹੈ। ਇੱਥੇ ਪੰਜਾਬ ਕਾਂਗਰਸ ਭਵਨ ਵਿੱਚ ਸੂਬੇ ਭਰ ਤੋਂ ਆਏ ਵਰਕਰਾਂ ਅਤੇ ਪ੍ਰਮੁੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ‘ਆਪ’ ਨੂੰ ਜਵਾਬਦੇਹ ਬਣਾਉਣ ਅਤੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਣ ਨਾ ਦੇਣ ’ਚ ਕਾਂਗਰਸ ਦੀ ਅਹਿਮ ਭੂਮਿਕਾ ਹੈ। ਇਸ ਦੌਰਾਨ ਕਾਂਗਰਸ ਪ੍ਰਧਾਨ ਨੇ ਮਾਨ ਸਰਕਾਰ ਨੂੰ ਵਾਅਦੇ ਯਾਦ ਕਰਵਾਉਣ ਲਈ ਸੂਬਾ ਪੱਧਰੀ ਪ੍ਰੋਗਰਾਮ ਦਾ ਵੀ ਐਲਾਨ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਨਾ ਸਕੇ। ਉਨ੍ਹਾਂ ਕਿਹਾ ਕਿ ਉਹ ਛੇਤੀ ਹੀ ਸੂਬੇ ਭਰ ਵਿੱਚ ਜਨ ਸੰਪਰਕ ਪ੍ਰੋਗਰਾਮ ਦਾ ਐਲਾਨ ਕਰਨਗੇ। ਇਸ ਮੌਕੇ ਕਾਂਗਰਸ ਪ੍ਰਧਾਨ ਨਾਲ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਤੇ ਜਨਰਲ ਸਕੱਤਰ ਕੈਪਟਨ ਸੰਦੀਪ ਸੰਧੂ ਨੇ ਵੀ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ, ਮਹਿਲਾ ਕਾਂਗਰਸ ਆਗੂ ਗੁਰਸ਼ਰਨ ਕੌਰ ਰੰਧਾਵਾ, ਸੰਗੀਤਾ ਧੀਰ, ਸੇਵਾ ਦਲ ਦੇ ਆਗੂ ਨਿਰਮਲ ਕੈੜਾ ਤੇ ਪ੍ਰਿੰਸ ਰਸਰਨੀਆ ਤੋਂ ਇਲਾਵਾ ਹੋਰਨਾਂ ਆਗੂਆਂ ਨਾਲ ਕ੍ਰਮਵਾਰ ਮੀਟਿੰਗਾਂ ਕੀਤੀਆਂ। ਆਗੂਆਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਕਿਹਾ ਕਿ ਮੁੱਖ ਵਿਰੋਧੀ ਧਿਰ ਵਜੋਂ ਕਾਂਗਰਸ ਪਾਰਟੀ ਦੀ ਭੂਮਿਕਾ ਅਹਿਮ ਹੈ, ਕਿਉਂਕਿ ‘ਆਪ’ ਸਰਕਾਰ ਕਾਰਗੁਜ਼ਾਰੀ ’ਚ ਹੁਣ ਤੋਂ ਹੀ ਫੇਲ੍ਹ ਹੋ ਚੁੱਕੀ ਹੈ।