ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 12 ਮਈ
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਿਲ੍ਹਾ ਪ੍ਰਧਾਨਾਂ ਅਤੇ ਲੋਕ ਸਭਾ ਇੰਚਾਰਜਾਂ ਨਾਲ ਪਲੇਠੀ ਮੁਲਾਕਾਤ ਕੀਤੀ ਹੈ। ਮੁੱਖ ਮੰਤਰੀ ਨੇ ਪਾਰਟੀ ਆਗੂਆਂ ਨੂੰ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ। ਇਸ ਮੌਕੇ ‘ਆਪ’ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸਕੱਤਰ ਗਗਨਦੀਪ ਸਿੰਘ ਚੱਢਾ, ਬੁਲਾਰਾ ਨੀਲ ਗਰਗ ਅਤੇ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਹਾਜ਼ਰ ਸਨ।
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਸਿੱਧੀ ਬਿਜਾਈ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਧਾਨ ਅਤੇ ਲੋਕ ਸਭਾ ਇੰਚਾਰਜਾਂ ਦੀਆਂ ਡਿਊਟੀਆਂ ਲਗਾਈਆਂ। ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਨਾਲ ਘੱਟ ਪਾਣੀ ਵਿੱਚ ਵਧੀਆ ਖੇਤੀ ਹੋ ਸਕਦੀ ਹੈ, ਜਿਸ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ।
ਇਸ ਤੋਂ ਇਲਾਵਾ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਵੀ ‘ਆਪ’ ਵਰਕਰਾਂ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ।
ਸ੍ਰੀ ਮਾਨ ਨੇ ਸੂਬੇ ਦੇ ਸਮੂਹ ਜ਼ਿਲ੍ਹਾ ਪ੍ਰਧਾਨਾਂ ਅਤੇ ਲੋਕ ਸਭਾ ਇੰਚਾਰਜਾਂ ਨਾਲ ਆਗਾਮੀ ਨਗਰ ਨਿਗਮ ਅਤੇ ਮਿਉਂਸਿਪਲ ਕਮੇਟੀਆਂ ਦੀਆਂ ਚੋਣਾਂ ਲਈ ਤਿਆਰੀਆਂ ਬਾਰੇ ਗੱਲਬਾਤ ਕੀਤੀ। ਉਨ੍ਹਾਂ ਪਾਰਟੀ ਵਰਕਰਾਂ ਨੂੰ ਲੋਕਾਂ ਵਿੱਚ ਜਾਣ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਹੱਲ ਕਰਵਾਉਣ ’ਤੇ ਜ਼ੋਰ ਦਿੱਤਾ।