ਜਸਵੰਤ ਜੱਸ
ਫ਼ਰੀਦਕੋਟ, 3 ਫ਼ਰਵਰੀ
ਫ਼ਰੀਦਕੋਟ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਪ੍ਰਮੁੱਖ ਪਾਰਟੀਆਂ ਦੇ ਉਮੀਦਵਾਰਾਂ ਨੇ ਚੋਣ ਪ੍ਰਚਾਰ ਦੀ ਸਮੁੱਚੀ ਜ਼ਿੰਮੇਵਾਰੀ ਆਪਣੀਆਂ ਪਤਨੀਆਂ ਨੂੰ ਸੌਂਪੀ ਹੋਈ ਹੈ ਅਤੇ ਖੁਦ ਜੋੜ-ਤੋੜ ਦੀ ਰਾਜਨੀਤੀ ਵਿੱਚ ਰੁੱਝੇ ਹੋਏ ਹਨ। ਉਮੀਦਵਾਰਾਂ ਨੂੰ ਚੋਣ ਪ੍ਰਚਾਰ ਦੇ ਨਾਲ-ਨਾਲ ਪਾਰਟੀ ਪ੍ਰਬੰਧਾਂ ਨੂੰ ਵੀ ਦੇਖਣਾ ਪੈ ਰਿਹਾ ਹੈ।
ਫ਼ਰੀਦਕੋਟ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਪਤਨੀ ਸੁਖਜੀਵ ਕੌਰ ਰੋਮਾਣਾ ਪਿਛਲੇ ਤਿੰਨ ਮਹੀਨਿਆਂ ਤੋਂ ਆਪਣੇ ਪਤੀ ਦੇ ਚੋਣ ਪ੍ਰਚਾਰ ਵਿੱਚ ਰੁੱਝੀ ਹੋਈ ਹੈ। ਸੁਖਜੀਵ ਕੌਰ ਰੋਮਾਣਾ ਨੇ ਕਿਹਾ ਕਿ ਉਹ ਵਿਧਾਨ ਸਭਾ ਹਲਕੇ ਦੇ ਹਰ ਗਲੀ ਮੁਹੱਲੇ ਵਿੱਚ ਚੋਣ ਪ੍ਰਚਾਰ ਲਈ ਗਈ ਹੈ। ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਦਿੱਤ ਸਿੰਘ ਸੇਖੋਂ ਦੀ ਪਤਨੀ ਬੇਅੰਤ ਕੌਰ ਸੇਖੋਂ ਵੀ ਆਪਣੇ ਪਤੀ ਦੇ ਚੋਣ ਪ੍ਰਚਾਰ ਲਈ ਪੇਂਡੂ ਖੇਤਰਾਂ ਵਿੱਚ ਚੋਣ ਪ੍ਰਚਾਰ ਕਰ ਰਹੀ ਹੈ। ਬੇਅੰਤ ਕੌਰ ਸੇਖੋਂ ਨੇ ਕਿਹਾ ਕਿ ਉਸ ਨੇ ਆਪਣੀ ਜ਼ਿੰਦਗੀ ਵਿੱਚ ਪਹਿਲੀ ਵਾਰ ਚੋਣ ਪ੍ਰਚਾਰ ਕੀਤਾ ਹੈ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਹਲਕੇ ਦੇ ਲੋਕਾਂ ਦਾ ਚੰਗਾ ਹੁੰਗਾਰਾ ਮਿਲ ਰਿਹਾ ਹੈ। ਕਾਂਗਰਸ ਪਰਟੀ ਦੇ ਉਮੀਦਵਾਰ ਕੁਸ਼ਲਦੀਪ ਸਿੰਘ ਢਿੱਲੋਂ ਦੀ ਪਤਨੀ ਬੀਬਾ ਅਮਨਜੋਤ ਕੌਰ ਢਿੱਲੋਂ ਚੋਣ ਪ੍ਰਚਾਰ ਲਈ ਸ਼ਹਿਰਾਂ ਦੇ ਨਾਲ-ਨਾਲ ਪਿੰਡਾਂ ਵਿੱਚ ਸਰਗਰਮ ਹੈ। ਅਮਨਜੋਤ ਕੌਰ ਢਿੱਲੋਂ ਨੇ ਕਿਹਾ ਕਿ ਕਿੱਕੀ ਢਿੱਲੋਂ ਨੂੰ ਟਿਕਟ ਭਾਵੇਂ ਦੇਰੀ ਨਾਲ ਮਿਲੀ ਹੈ ਪਰੰਤੂ ਉਨ੍ਹਾਂ ਨੇ ਟਿਕਟ ਮਿਲਣ ਤੋਂ ਪਹਿਲਾਂ ਹੀ ਆਪਣੇ ਪਤੀ ਲਈ ਚੋਣ ਪ੍ਰਚਾਰ ਕਰਨਾ ਸ਼ੁਰੂ ਕਰ ਦਿੱਤਾ ਸੀ। ਅਮਨਜੋਤ ਕੌਰ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਦੀ ਜ਼ਿੰਮੇਵਾਰੀ ਹੋਰ ਵਧ ਗਈ ਹੈ ਅਤੇ ਵੋਟਰ ਹੁਣ ਉਮੀਦਵਾਰਾਂ ਦੇ ਨਾਲ-ਨਾਲ ਉਨ੍ਹਾਂ ਨਾਲ ਵੀ ਸਿੱਧਾ ਰਾਬਤਾ ਰੱਖ ਰਹੇ ਹਨ। ਯੂਨੀਵਰਸਿਟੀਆਂ ਵਿੱਚ ਪੜ੍ਹਾਈ ਕਰਨ ਵਾਲੀਆ ਇਹ ਬੀਬੀਆਂ ਸਫ਼ਲ ਚੋਣ ਪ੍ਰਚਾਰਕ ਸਾਬਤ ਹੋ ਰਹੀਆਂ ਹਨ। ਬੇਅੰਤ ਕੌਰ ਸੇਖੋਂ ਨੇ ਕਿਹਾ ਕਿ ਚੋਣ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਉਸ ਨੇ ਸਾਰੀਆਂ ਪਾਰਟੀਆਂ ਦੇ ਚੋਣ ਮੈਨੀਫੈਸਟੋ ਪੜ੍ਹੇ ਸਨ ਅਤੇ ਇਸ ਤੋਂ ਇਲਾਵਾ ਹਲਕੇ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਲੈ ਕੇ ਉਹ ਚੋਣ ਪ੍ਰਚਾਰ ਵਿੱਚ ਆਏ ਹਨ ਅਤੇ ਇਸ ਚੋਣ ਪ੍ਰਚਾਰ ਦੌਰਾਨ ਵੋਟਰਾਂ ਨਾਲ ਕੋਈ ਝੂਠਾ ਵਾਅਦਾ ਨਹੀਂ ਕੀਤਾ ਜਾ ਰਿਹਾ ਹੈ ਬਲਕਿ ਆਪਣੀ ਪਾਰਟੀ ਦੇ ਏਜੰਡਿਆਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਫ਼ਰੀਦਕੋਟ ਵਿਧਾਨ ਸਭਾ ਹਲਕੇ ਵਿੱਚ
ਲੋਕਾਂ ਵੱਲੋਂ ਉਮੀਦਵਾਰਾਂ ਦੇ ਲਗਾਤਾਰ ਘਿਰਾਓ ਹੋ ਰਹੇ ਹਨ ਪ੍ਰੰਤੂ ਚੋਣ ਪ੍ਰਚਾਰ ਲਈ ਜਾ ਰਹੀਆਂ ਬੀਬੀਆਂ ਨੂੰ ਅਜਿਹੀ ਕੋਈ ਦਿੱਕਤ ਨਹੀਂ ਆ ਰਹੀ।