ਗੁਰਦੀਪ ਸਿੰਘ ਲਾਲੀ
ਸੰਗਰੂਰ, 7 ਨਵੰਬਰ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਭਾਜਪਾ ਕਿਸਾਨ ਮੋਰਚਾ ਦੇ ਕੌਮੀ ਆਗੂ ਸਤਵੰਤ ਸਿੰਘ ਪੂਨੀਆ ਦੇ ਘਰ ਅੱਗੇ ਲਾਏ ਮੋਰਚੇ ਨੂੰ ਕਿਸਾਨ ਬੀਬੀਆਂ ਨੇ ਸਾਂਭਿਆ ਹੋਇਆ ਹੈ। ਇੱਥੇ ਧਰਨੇ ਦੀ ਅਗਵਾਈ ਕਰਦੇ ਹੋਏ ਗੋਬਿੰਦਰ ਸਿੰਘ ਬਡਰੁੱਖਾਂ ਨੇ ਕਿਹਾ ਕਿ ਮੋਦੀ ਸਰਕਾਰ ਸਿੱਧੇ ਰੂਪ ਵਿਚ ਪੰਜਾਬ ਨਾਲ ਟਕਰਾਅ ਵਾਲਾ ਮਾਹੌਲ ਪੈਦਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਉਜਾੜਨ ਦੇ ਰਾਹ ਪਈ ਹੈ ਪਰ ਪੰਜਾਬ ਦੇ ਲੋਕ ਮੋਦੀ ਸਰਕਾਰ ਦੇ ਸੁਫਨੇ ਕਦੇ ਪੂਰਾ ਨਹੀਂ ਹੋਣ ਦੇਣਗੇ। ਇਸ ਦੌਰਾਨ ਬੁਲਾਰਿਆਂ ਨੇ ਪੰਜਾਬ ਦੇ ਹਰ ਵਰਗ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਖੇਤੀ ਮਾਰੂ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਅਤੇ ਕੇਂਦਰ ਦੀ ਆਕੜ ਭੰਨ੍ਹਣ ਲਈ 26 ਤੇ 27 ਨਵੰਬਰ ਨੂੰ ਦਿੱਲੀ ਕੂਚ ਕਰਨ। ਇਸ ਮੌਕੇ ਗੋਬਿੰਦਰ ਸਿੰਘ ਮੰਗਵਾਲ, ਲਾਭ ਸਿੰਘ ਖੁਰਾਣਾ, ਦਰਬਾਰਾ ਸਿੰਘ, ਹਾਕਮ ਸਿੰਘ ਸ਼ੇਰੋਂ, ਗੁਰਜੰਟ ਸਿੰਘ ਬਡਰੁੱਖਾਂ, ਰਾਜਪਾਲ ਸਿੰਘ ਮੰਗਵਾਲ ਤੇ ਹੋਰਾਂ ਨੇ ਸੰਬੋਧਨ ਕੀਤਾ।
ਖੇੜੀ ਰਿਲਾਇੰਸ ਪੰਪ ਅੱਗੇ ਵੀ ਕਿਸਾਨਾਂ ਦਾ ਧਰਨਾ ਜਾਰੀ ਹੈ। ਇਥੇ ਧਰਨੇ ਦੀ ਅਗਵਾਈ ਕਰਦਿਆਂ ਸਰੂਪ ਚੰਦ ਕਿਲਾਭਰੀਆਂ ਅਤੇ ਗੁਰਦੀਪ ਸਿੰਘ ਕੰਮੋਮਾਜਰਾ ਨੇ ਕਿਹਾ ਕਿ ਕੇਂਦਰ ਸਰਕਾਰ ਸਾਜ਼ਿਸ਼ ਤਹਿਤ ਪੰਜਾਬ ਵਿਚ ਰੇਲ ਗੱਡੀਆਂ ਨਹੀਂ ਚਲਾ ਰਹੀ ਤਾਂ ਜੋ ਪੰਜਾਬ ਦੇ ਲੋਕ ਖਾਦਾਂ, ਕੋਲਾ ਤੇ ਹੋਰ ਜ਼ਰੂਰੀ ਵਸਤਾਂ ਤੋਂ ਤੰਗ ਆ ਕੇ ਆਪਸ ਵਿਚ ਹੀ ਉਲਝ ਜਾਣ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਅਜਿਹੀਆਂ ਚਾਲਾਂ ਨੂੰ ਪੰਜਾਬ ਦੇ ਲੋਕ ਜਾਣ ਚੁੱਕੇ ਹਨ।
ਸ਼ਵੇਤ ਮਲਿਕ ਦੇ ਘਰ ਅੱਗੇ 38ਵੇਂ ਦਿਨ ਵੀ ਧਰਨਾ ਜਾਰੀ
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਖੇਤੀ ਕਾਨੂੰਨਾਂ ਖ਼ਿਲਾਫ਼ 31 ਕਿਸਾਨ ਜਥੇਬੰਦੀਆਂ ਦੇ ਸੱਦੇ ’ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਸਾਹਮਣੇ ਅੱਜ 38ਵੇਂ ਦਿਨ ਵੀ ਧਰਨਾ ਜਾਰੀ ਰਿਹਾ। ਧਰਨਾ ਲਾ ਕੇ ਬੈਠੀਆਂ ਜਥੇਬੰਦੀਆਂ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂਆਂ ਜਤਿੰਦਰ ਸਿੰਘ ਛੀਨਾ, ਕੰਵਲਪ੍ਰੀਤ ਸਿੰਘ ਪੰਨੂ ਤੇ ਹਰਜੀਤ ਸਿੰਘ ਝੀਤਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਪੰਜਾਬ ਨਾਲ ਹੰਕਾਰ ਭਰਿਆ ਤੇ ਦੁਸ਼ਮਣਾ ਵਾਲਾ ਵਤੀਰਾ ਕਰ ਰਹੀ ਹੈ। ਉਨਾਂ ਦੋਸ਼ ਲਾਇਆ ਕਿ ਮਾਲ ਗੱਡੀਆਂ ਰੋਕ ਕੇ ਮੋਦੀ ਸਰਕਾਰ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਪੰਜਾਬੀ ਸਹਿਣ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਅੜੀਆਂ ਨੂੰ ਕਿਸਾਨ ਅੰਦੋਲਨ ਇੱਕ ਦਿਨ ਢਹਿ-ਢੇਰੀ ਕਰ ਦੇਵੇਗਾ। ਇਸ ਮੌਕੇ ਬਚਿੱਤਰ ਸਿੰਘ ਕੋਟਲਾ, ਸਤਨਾਮ ਸਿੰਘ ਝੰਡੇਰ, ਸੁਖਦੇਵ ਸਿੰਘ ਸਹਿੰਸਰਾ, ਅਮਨਦੀਪ ਸਿੰਘ ਛੀਨਾ ਤੇ ਹੋਰ ਹਾਜ਼ਰ ਸਨ।