ਪਾਲ ਸਿੰਘ ਨੌਲੀ
ਜਲੰਧਰ, 29 ਅਗਸਤ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ 12 ਵਜੇ ਤੋਂ 2 ਵਜੇ ਤੱਕ 2 ਘੰਟਿਆਂ ਲਈ ਨੈਸ਼ਨਲ ਹਾਈਵੇਅ ’ਤੇ ਜਾਮ ਲਾ ਕੇ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ਉੱਤੇ ਕੀਤੇ ਗਏ ਲਾਠੀਚਾਰਜ ਦਾ ਤਿੱਖਾ ਵਿਰੋਧ ਕੀਤਾ ਗਿਆ। ਦੋਆਬੇ ਦੀਆਂ ਕਿਸਾਨ ਜਥੇਬੰਦੀਆਂ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪੁਤਲਾ ਵੀ ਫੂਕਿਆ। ਜਲੰਧਰ ਵਿੱਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਦੋਆਬਾ, ਕੰਢੀ ਕਿਸਾਨ ਸੰਘਰਸ਼ ਕਮੇਟੀ ਤੇ ਹੋਰ ਕਿਸਾਨ ਜਥੇਬੰਦੀਆਂ ਨੇ ਇਕਜੁੱਟ ਹੁੰਦਿਆਂ ਹਰਿਆਣਾ ਸਰਕਾਰ ਤੇ ਹਰਿਆਣਾ ਪੁਲੀਸ ਵੱਲੋਂ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਗਟਾ ਰਹੇ ਕਿਸਾਨਾਂ ’ਤੇ ਅੰਨ੍ਹੇਵਾਹ ਡਾਂਗਾਂ ਵਰ੍ਹਾਉਣ ਦੀ ਸਖ਼ਤ ਨਿਖੇਧੀ ਕੀਤੀ। ਕਿਸਾਨ ਜਥੇਬੰਦੀਆਂ ਨੇ ਇੱਥੋਂ ਦੇ ਪੀਏਪੀ ਚੌਕ ਨੇੜੇ ਨੈਸ਼ਨਲ ਹਾਈਵੇਅ ’ਤੇ ਦੋ ਘੰਟੇ ਦਾ ਜਾਮ ਲਾਇਆ। ਧਰਨੇ ਕਾਰਨ ਸਾਰੀ ਟਰੈਫਿਕ ਰੁਕ ਗਈ ਤੇ ਕਿਲੋਮੀਟਰਾਂ ਤੱਕ ਗੱਡੀਆਂ ਦੀਆਂ ਲਾਈਨਾਂ ਲੱਗ ਗਈਆਂ। ਇਸੇ ਦੌਰਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਲੋਹੀਆਂ ਖ਼ਾਸ ਵਿੱਚ ਧਰਨਾ ਪ੍ਰਦਰਸ਼ਨ ਕਰਨ ਮਗਰੋਂ ਕੇਂਦਰ ਅਤੇ ਹਰਿਆਣਾ ਸਰਕਾਰ ਦਾ ਪੁਤਲਾ ਫੂਕਿਆ ਗਿਆ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਅੰਮ੍ਰਿਤਸਰ (ਜਗਤਾਰ ਸਿੰਘ ਲਾਂਬਾ): ਇੱਥੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਕਿਸਾਨਾਂ ਨੇ ਇੱਥੇ ਭੰਡਾਰੀ ਪੁਲ ’ਤੇ ਦੋ ਘੰਟੇ ਸੜਕੀ ਆਵਾਜਾਈ ਰੋਕ ਕੇ ਰੋਸ ਪ੍ਰਦਰਸ਼ਨ ਕੀਤਾ ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਪੁਤਲਾ ਫੂਕਿਆ। ਕਿਸਾਨਾਂ ਨੇ ਲਾਠੀਚਾਰਜ ਕਰਨ ਤੇ ਕਰਾਉਣ ਵਾਲੇ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਰੋਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਜਥੇਬੰਦੀ ਦੇ ਕਿਸਾਨ ਆਗੂ ਪਲਵਿੰਦਰ ਮਾਹਲ, ਬਾਬਾ ਕਰਮਜੀਤ ਸਿੰਘ ਨੇ ਕਿਹਾ ਕਿ ਖੱਟੜ ਸਰਕਾਰ ਨੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਕਿਸਾਨਾਂ ’ਤੇ ਲਾਠੀਚਾਰਜ ਕਰਕੇ ਤਾਨਾਸ਼ਾਹੀ ਕਾਰਵਾਈ ਕੀਤੀ ਹੈ, ਜਿਸ ਕਾਰਨ ਕਈ ਕਿਸਾਨ ਜ਼ਖ਼ਮੀ ਹੋ ਗਏ ਹਨ ਅਤੇ ਇੱਕ ਕਿਸਾਨ ਇਲਾਜ ਦੌਰਾਨ ਸ਼ਹੀਦ ਵੀ ਹੋ ਗਿਆ। ਉਨ੍ਹਾਂ ਹਰਿਆਣਾ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ। ਭੰਡਾਰੀ ਪੁਲ ’ਤੇ ਧਰਨੇ ਕਾਰਨ ਦੋ ਘੰਟੇ ਸ਼ਹਿਰ ਵਿੱਚ ਆਵਾਜਾਈ ਪ੍ਰਭਾਵਤ ਹੋਈ, ਜਿਸ ਕਾਰਨ ਆਮ ਲੋਕਾਂ ਨੂੰ ਵੀ ਮੁਸ਼ਕਲ ਪੇਸ਼ ਆਈ। ਇਸੇ ਤਰ੍ਹਾਂ ਚੱਬਾ ਵਿੱਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਅੰਮ੍ਰਿਤਸਰ-ਗੰਗਾਨਗਰ ਕੌਮੀ ਮਾਰਗ ’ਤੇ ਧਰਨਾ ਦਿੱਤਾ ਗਿਆ।
ਲਾਡੋਵਾਲ ਟੌਲ ਪਲਾਜ਼ਾ ’ਤੇ ਕਿਸਾਨ ਤੇ ਬਸਪਾ ਕਾਰਕੁਨ ਖਹਬਿੜੇ
ਲੁਧਿਆਣਾ (ਸਤਵਿੰਦਰ ਬਸਰਾ): ਅੱਜ ਲੁਧਿਆਣਾ ਵਿੱਚ ਵੱਖ ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ ਕੀਤੇ ਗਏ। ਇੱਥੋਂ ਦੇ ਲਾਡੋਵਾਲ ਟੌਲ ਪਲਾਜ਼ਾ ’ਤੇ ਕੌਮੀ ਸੱਦੇ ਅਨੁਸਾਰ ਦੁਪਹਿਰ 12 ਤੋਂ 2 ਵਜੇ ਤੱਕ ਆਵਾਜਾਈ ਠੱਪ ਕੀਤੀ ਗਈ, ਜਿਸ ਕਾਰਨ ਗੱਡੀਆਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਅੱਜ ਸਥਾਨਕ ਫਿਰੋਜ਼ਪੁਰ ਰੋਡ ਅਤੇ ਲਾਡੋਵਾਲ ਟੌਲ ਪਲਾਜ਼ਾ ’ਤੇ ਕਿਸਾਨਾਂ, ਹਮਾਇਤੀ ਜਥੇਬੰਦੀਆਂ ਅਤੇ ਆਮ ਲੋਕਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਰਾਹ ਜਾਮ ਕਰ ਦਿੱਤੇ। ਲਾਡੋਵਾਲ ਟੌਲ ਪਲਾਜ਼ੇ ’ਤੇ ਕਿਸਾਨ ਜਥੇਬੰਦੀਆਂ ਅਤੇ ਬਸਪਾ ਕਾਰਕੁਨਾਂ ਵਿਚਾਲੇ ਤਕੜੀ ਬਹਿਸ ਹੋਈ। ਬਸਪਾ ਵਾਲਿਆਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਫਗਵਾੜੇ ਰੈਲੀ ਸੀ ਪਰ ਕਿਸਾਨਾਂ ਨੇ 12 ਵਜੇ ਦੀ ਥਾਂ ਸਾਢੇ ਗਿਆਰਾਂ ਵਜੇ ਹੀ ਸੜਕਾਂ ’ਤੇ ਜਾਮ ਲਾ ਕੇ ਉਨ੍ਹਾਂ ਨੂੰ ਰੋਕ ਲਿਆ। ਇਸ ਮੌਕੇ ਬਸਪਾ ਵਾਲਿਆਂ ਨੇ ਕਿਸਾਨਾਂ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਦੂਜੇ ਪਾਸੇ ਕਿਸਾਨਾਂ ਦਾ ਕਹਿਣਾ ਸੀ ਕਿ ਬਸਪਾ ਵਾਲਿਆਂ ਦੀਆਂ ਸਵੇਰ ਤੋਂ ਹੀ ਗੱਡੀਆਂ ਲੰਘ ਰਹੀਆਂ ਸਨ, ਇਸ ਦੌਰਾਨ ਕੋਈ ਗੱਡੀ ਨਹੀਂ ਰੋਕੀ ਗਈ ਪਰ ਸੰਯੁਕਤ ਮੋਰਚੇ ਦੇ ਸੱਦੇ ’ਤੇ 12 ਵਜੇ ਤੋਂ ਬਾਅਦ ਸੜਕਾਂ ’ਤੇ ਜਾਮ ਲਾਇਆ ਗਿਆ। ਜਾਮ ਦਾ ਮਕਸਦ ਕਿਸੇ ਪਾਰਟੀ ਦਾ ਵਿਰੋਧ ਕਰਨਾ ਨਹੀਂ ਸੀ। ਜੇਕਰ ਕਿਸੇ ਪਾਰਟੀ ਦਾ ਵਿਰੋਧ ਕਰਨਾ ਹੁੰਦਾ ਤਾਂ ਉਹ ਬਸਪਾ ਦੀ ਫਗਵਾੜੇ ਮੀਟਿੰਗ ਵਿੱਚ ਜਾ ਕੇ ਵੀ ਕਰ ਸਕਦੇ ਸਨ। ਇਸ ਦੌਰਾਨ ਜਾਮ ਵਿੱਚ ਫਸੇ ਰਾਹਗੀਰਾਂ ਨੇ ਕਿਹਾ ਕਿ ਉਹ ਕਿਸਾਨਾਂ ਦਾ ਸਮਰਥਨ ਕਰਦੇ ਹਨ ਪਰ ਰਾਹ ਰੋਕਣ ਨਾਲ ਕਿਸੇ ਸਮੱਸਿਆ ਦਾ ਹੱਲ ਨਹੀਂ ਸਗੋਂ ਆਮ ਜਨਤਾ ਪ੍ਰੇਸ਼ਾਨ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸੜਕਾਂ ਜਾਮ ਕਰਨ ਦੀ ਥਾਂ ਕਿਸਾਨਾਂ ਨੂੰ ਸਿਆਸੀ ਆਗੂਆਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਹੋਣੇ ਚਾਹੀਦੇ ਹਨ।