ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 25 ਦਸੰਬਰ
ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਵੱਲੋਂ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਚੋਣਾਂ ਤੋਂ ਬਾਅਦ ਕਰਨ ਦੀ ਰਣਨੀਤੀ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਕਾਂਗਰਸ ਅੰਦਰਲੇ ਸੂਤਰਾਂ ਦਾ ਦੱਸਣਾ ਹੈ ਕਿ ਪੰਜਾਬ ਦੇ ਆਗੂਆਂ ਦਰਮਿਆਨ ਚੱਲ ਰਹੀ ਖਿੱਚੋਤਾਣ ਦੇ ਚਲਦਿਆਂ ਪਾਰਟੀ ਹਾਈ ਕਮਾਨ ਵੱਲੋਂ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਜੇਕਰ ਕਿਸੇ ਵਿਅਕਤੀ ਵਿਸ਼ੇਸ਼ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੱਤਾ ਗਿਆ ਤਾਂ ਪਾਰਟੀ ਅੰਦਰ ਧੜੇਬੰਦੀ ਹੀ ਨਹੀਂ ਵਧੇਗੀ ਸਗੋ ਕਿਸੇ ਇੱਕ ਵਰਗ ਦੇ ਵੋਟ ਬੈਂਕ ਨੂੰ ਵੀ ਖੋਰਾ ਲੱਗ ਸਕਦਾ ਹੈ। ਪਾਰਟੀ ਦਾ ਇਹ ਫ਼ੈਸਲਾ ਨਵਜੋਤ ਸਿੰਘ ਸਿੱਧੂ ਲਈ ਝਟਕਾ ਵੀ ਹੋ ਸਕਦਾ ਹੈ ਕਿਉਂਕਿ ਸ੍ਰੀ ਸਿੱਧੂ ਵੱਲੋਂ ਆਪਣੀਆਂ ਗਤੀਵਿਧੀਆਂ ਦੌਰਾਨ ਆਪਣੇ ਆਪ ਨੂੰ ਕਾਂਗਰਸ ਪਾਰਟੀ ਵੱਲੋਂ ਭਵਿੱਖ ਦੇ ਮੁੱਖ ਮੰਤਰੀ ਦੇ ਦਾਅਵੇਦਾਰ ਵਜੋਂ ਹੀ ਪੇਸ਼ ਕੀਤਾ ਜਾ ਰਿਹਾ ਹੈ। ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਆਪਣਾ ਨਾਮ ਨਾ ਛਾਪਣ ਦੀ ਸ਼ਰਤ ’ਤੇ ਦੱਸਿਆ ਕਿ ਹਾਲ ਦੀ ਘੜੀ ਇਹੀ ਫ਼ੈਸਲਾ ਹੋਇਆ ਹੈ ਕਿ ਮੁੱਖ ਮੰਤਰੀ ਵਜੋਂ ਕਿਸੇ ਵੀ ਇੱਕ ਵਿਅਕਤੀ ਨੂੰ ਲੋਕ ਕਚਹਿਰੀ ਵਿੱਚ ਪੇਸ਼ ਨਾ ਕੀਤਾ ਜਾਵੇ ਸਗੋਂ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ, ਸੂਬੇ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪ੍ਰਚਾਰ ਕਮੇਟੀ ਦੇ ਮੁਖੀ ਸੁਨੀਲ ਜਾਖੜ ਨੂੰ ਅੱਗੇ ਲਾ ਕੇ ਹੀ ਚੋਣਾਂ ਲੜੀਆਂ ਜਾਣ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਪਾਰਟੀ ਨੇ ਇੱਕ ਪਰਿਵਾਰ ਨੂੰ ਇੱਕ ਹੀ ਟਿਕਟ ਦੇਣ ਦਾ ਫ਼ੈਸਲਾ ਕੀਤਾ ਹੈ।