ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਿਆਂ ’ਚ ਸਹਾਇਤਾ ਕੇਂਦਰ ਸਥਾਪਤ
ਪਹਾੜਾਂ ਵਿੱਚ ਭਾਰੀ ਬਾਰਿਸ਼ ਤੇ ਕਈ ਥਾਵਾਂ ’ਤੇ ਬੱਦਲ ਫਟਣ ਕਾਰਨ ਦਰਿਆਵਾਂ ਵਿੱਚ ਪਾਣੀ ਵਧਣ ਤੇ ਡੈਮਾਂ ਦੇ ਗੇਟ ਖੋਲ੍ਹੇ ਜਾਣ ਕਾਰਨ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹੜ੍ਹਾਂ ਵਾਲੀ ਸਥਿਤੀ ਬਣ ਗਈ ਹੈ। ਇਸ ਸਥਿਤੀ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੀੜਤਾਂ ਦੀ ਮਦਦ ਵਾਸਤੇ ਗੁਰਦੁਆਰਿਆਂ ਦੇ ਦੁਆਰ ਖੋਲ੍ਹ ਦਿੱਤੇ ਹਨ।
ਇਸ ਵੇਲੇ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਤੇ ਕਪੂਰਥਲਾ ਜ਼ਿਲ੍ਹਿਆਂ ਵਿੱਚ ਰਾਵੀ ਅਤੇ ਬਿਆਸ ਦਰਿਆ ਤੇ ਬਰਾਂਚ ਨਹਿਰਾਂ ਵਿੱਚ ਪਾਣੀ ਵਧੇਰੇ ਚੱਲ ਰਿਹਾ ਹੈ। ਕਈ ਥਾਵਾਂ ’ਤੇ ਨਹਿਰਾਂ ਵਿੱਚ ਪਾੜ ਪੈਣ ਕਾਰਨ ਅਤੇ ਦਰਿਆਵਾਂ ਵਿੱਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਹੋਣ ਕਾਰਨ ਖੇਤਾਂ ਵਿੱਚ ਵੜ ਗਿਆ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਵੱਖ-ਵੱਖ ਗੁਰਦੁਆਰਿਆਂ ’ਚ ਸਹਾਇਤਾ ਕੇਂਦਰ ਸਥਾਪਤ ਕੀਤੇ ਗਏ ਹਨ। ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਮੁਸ਼ਕਲ ਦੇ ਸਮੇਂ ਮਾਨਵਤਾ ਨਾਲ ਖੜ੍ਹਨਾ ਸ਼੍ਰੋਮਣੀ ਕਮੇਟੀ ਆਪਣਾ ਫ਼ਰਜ਼ ਸਮਝਦੀ ਹੈ। ਵੱਖ-ਵੱਖ ਗੁਰਦੁਆਰਿਆਂ ’ਚ ਰਿਹਾਇਸ਼, ਲੰਗਰ ਅਤੇ ਹੋਰ ਲੋੜੀਂਦੀਆਂ ਵਸਤਾਂ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਸਹੂਲਤ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਰੋਪੜ, ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਪਾਤਸ਼ਾਹੀ ਨੌਵੀਂ ਪਟਿਆਲਾ, ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਕਪੂਰਥਲਾ, ਗੁਰਦੁਆਰਾ ਸ੍ਰੀ ਤੇਗ਼ ਬਹਾਦਰ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਅੰਮ੍ਰਿਤਸਰ, ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਗੋਇੰਦਵਾਲ ਸਾਹਿਬ ਤਰਨ ਤਾਰਨ, ਗੁਰਦੁਆਰਾ ਭੱਠਾ ਸਾਹਿਬ ਪਾਤਸ਼ਾਹੀ ਦਸਵੀਂ ਕੋਟਲਾ ਨਿਹੰਗ ਰੋਪੜ, ਗੁਰਦੁਆਰਾ ਸ੍ਰੀ ਚਮਕੌਰ ਸਾਹਿਬ ਰੂਪਨਗਰ, ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਮਾਛੀਵਾੜਾ ਲੁਧਿਆਣਾ, ਗੁਰਦੁਆਰਾ ਸ੍ਰੀ ਬਾਰਠ ਸਾਹਿਬ ਪਠਾਨਕੋਟ, ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਰਾਮਦਾਸ ਅੰਮ੍ਰਿਤਸਰ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਗੁਰਦਾਸਪੁਰ, ਗੁਰਦੁਆਰਾ ਚੋਹਲਾ ਸਾਹਿਬ ਪਾਤਸ਼ਾਹੀ ਪੰਜਵੀਂ ਤਰਨ ਤਾਰਨ, ਗੁਰਦੁਆਰਾ ਗੁਰੂਸਰ ਜਾਮਨੀ ਸਾਹਿਬ ਪਾਤਸ਼ਾਹੀ ਦਸਵੀਂ ਬਜ਼ੀਦਪੁਰ ਫ਼ਿਰੋਜ਼ਪੁਰ, ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਡੱਲਾ ਕਪੂਰਥਲਾ, ਗੁਰਦੁਆਰਾ ਭਾਈ ਤਾਰਾ ਸਿੰਘ ਸ਼ਹੀਦ ਪਿੰਡ ਵਾਂ ਤਰਨ ਤਾਰਨ ਤੇ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਪਿੰਡ ਰੱਤੋਕੇ ਤਰਨ ਤਾਰਨ ਵਿੱਚ ਕੇਂਦਰ ਸਥਾਪਤ ਕੀਤੇ ਗਏ ਹਨ।