ਚਰਨਜੀਤ ਭੁੱਲਰ
ਚੰਡੀਗੜ੍ਹ, 30 ਅਕਤੂਬਰ
ਪੰਜਾਬ ਸਰਕਾਰ ਝੋਨੇ ਦੀ ਵਾਢੀ ਨੂੰ ਸਿਖਰ ਵੱਲ ਦੇਖਦਿਆਂ ਪਰਾਲੀ ਸਾੜਨ ’ਚ ਤੇਜ਼ੀ ਆਉਣ ਦੇ ਡਰੋਂ ਮੁਸਤੈਦ ਹੋ ਗਈ ਹੈ। ਐਤਕੀਂ ਸੂਬਾ ਸਰਕਾਰ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਥੋੜ੍ਹੀ ਨਰਮੀ ਵਰਤ ਰਹੀ ਹੈ ਜਦੋਂ ਕਿ ਖੇਤੀ ਅਫ਼ਸਰਾਂ ਖ਼ਿਲਾਫ਼ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਸਾਹਮਣੇ ਆਉਣ ’ਤੇ ਖੇਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਚਾਰ ਖੇਤੀਬਾੜੀ ਅਧਿਕਾਰੀਆਂ ਨੂੰ ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ ਹੇਠ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਮੁਅੱਤਲ ਕੀਤੇ ਗਏ ਅਧਿਕਾਰੀਆਂ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਸੰਗਰੂਰ ਹਰਬੰਸ ਸਿੰਘ, ਖੇਤੀਬਾੜੀ ਅਫ਼ਸਰ ਸਮਾਣਾ ਪਟਿਆਲਾ ਸਤੀਸ਼ ਕੁਮਾਰ, ਖੇਤੀਬਾੜੀ ਅਫ਼ਸਰ ਚੋਹਲਾ ਸਾਹਿਬ ਤਰਨ ਤਾਰਨ ਹਰਪਾਲ ਸਿੰਘ, ਖੇਤੀਬਾੜੀ ਅਫ਼ਸਰ ਪੱਟੀ, ਤਰਨ ਤਾਰਨ ਭੁਪਿੰਦਰ ਸਿੰਘ ਸ਼ਾਮਲ ਹਨ। ਮੁਅੱਤਲੀ ਦੌਰਾਨ ਇਹ ਅਧਿਕਾਰੀ ਦਫ਼ਤਰ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਐਸ.ਏ.ਐਸ.ਨਗਰ ਨੂੰ ਰਿਪੋਰਟ ਕਰਨਗੇ। ਪੰਜਾਬ ਵਿਚ ਮੌਜੂਦਾ ਸਾਉਣੀ ਸੀਜ਼ਨ ਦੌਰਾਨ 13,873 ਥਾਵਾਂ ’ਤੇ ਪਰਾਲੀ ਨੂੰ ਅੱਗ ਲਾਈ ਗਈ ਹੈ।
ਵੇਰਵਿਆਂ ਅਨੁਸਾਰ ਅੱਜ ਇੱਕੋ ਦਿਨ ਵਿਚ ਸੂਬੇ ਵਿਚ 1761 ਥਾਵਾਂ ’ਤੇ ਪਰਾਲੀ ਨੂੰ ਅੱਗ ਲਾਈ ਗਈ ਹੈ। ਅੱਜ ਜ਼ਿਲ੍ਹਾ ਸੰਗਰੂਰ ਵਿਚ ਸਭ ਤੋਂ ਜ਼ਿਆਦਾ 323 ਥਾਵਾਂ ’ਤੇ ਪਰਾਲੀ ਸਾੜੀ ਗਈ ਹੈ ਜਦੋਂ ਕਿ ਮੁਹਾਲੀ ਜ਼ਿਲ੍ਹੇ ਵਿਚ ਸਿਰਫ਼ ਪੰਜ ਥਾਵਾਂ ’ਤੇ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਵਰ੍ਹਾ 2021 ਦੇ ਸਾਉਣੀ ਸੀਜ਼ਨ ਵਿਚ ਜ਼ਿਲ੍ਹਾ ਸੰਗਰੂਰ ’ਚ 8006 ਘਟਨਾਵਾਂ ਸਾਹਮਣੇ ਆਈਆਂ ਸਨ। ਸਮੁੱਚੇ ਰੂਪ ਵਿਚ ਦੇਖੀਏ ਤਾਂ ਪੰਜਾਬ ਵਿਚ ਪਰਾਲੀ ਸਾੜਨ ਦਾ ਰੁਝਾਨ ਪਿਛਲੇ ਵਰ੍ਹੇ ਦੇ ਮੁਕਾਬਲੇ ਕਾਫ਼ੀ ਘਟਿਆ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਪਰਾਲੀ ਨਾ ਸਾੜਨ ਲਈ ਲਗਾਤਾਰ ਹੱਲਾਸ਼ੇਰੀ ਦਿੱਤੀ ਜਾ ਰਹੀ ਹੈ। ਸਪੀਕਰ ਸੰਧਵਾਂ ਨੇ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਨੂੰ ਵਿਸ਼ੇਸ਼ ਗਰਾਂਟ ਦੇਣ ਦਾ ਐਲਾਨ ਵੀ ਕੀਤਾ ਹੈ ਜਿਸ ਦੇ ਵਜੋਂ ਉਨ੍ਹਾਂ ਦੇ ਹਲਕੇ ਦੇ ਬਲਾਕ ਕੋਟਕਪੂਰਾ ਵਿਚ ਹੁਣ ਤੱਕ ਪੂਰੇ ਸੀਜ਼ਨ ਵਿਚ 26 ਥਾਵਾਂ ’ਤੇ ਪਰਾਲੀ ਨੂੰ ਅੱਗ ਲਾਈ ਗਈ ਹੈ। ਹਲਕਾ ਲੰਬੀ ਵਿਚ ਸਿਰਫ਼ 20 ਥਾਵਾਂ ’ਤੇ ਪਰਾਲੀ ਸਾੜੀ ਗਈ ਹੈ।
ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦੇ ਹਲਕੇ ਦੇ ਬਲਾਕ ਸਮਾਣਾ ਦੀ, ਪਰਾਲੀ ਨੂੰ ਸਾੜਨ ਦੇ ਮਾਮਲੇ ਵਿਚ ਜ਼ਿਲ੍ਹੇ ਭਰ ’ਚੋਂ ਝੰਡੀ ਹੈ। ਜਾਣਕਾਰੀ ਅਨੁਸਾਰ ਹੁਣ ਪਰਾਲੀ ਨੂੰ ਸਾੜਨ ਦਾ ਰੁਝਾਨ ਵਧਣ ਦਾ ਖ਼ਦਸ਼ਾ ਹੈ ਕਿਉਂਕਿ ਝੋਨੇ ਦੀ ਵਾਢੀ ਹੁਣ ਆਖ਼ਰੀ ਪੜਾਅ ’ਤੇ ਹੈ, ਜਿਸ ਕਰਕੇ ਸਰਕਾਰ ਨੇ ਭੱਜ-ਨੱਠ ਸ਼ੁਰੂ ਕਰ ਦਿੱਤੀ ਹੈ। ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ 31 ਅਕਤੂਬਰ ਨੂੰ ਪਰਾਲੀ ਦੇ ਮੁੱਦੇ ’ਤੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ, ਖੇਤੀ ਮਹਿਕਮੇ ਅਤੇ ਸਹਿਕਾਰਤਾ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਵਰਚੁਅਲ ਮੀਟਿੰਗ ਕਰਨਗੇ। ਦੂਜੇ ਪਾਸੇ ਸਰਕਾਰ ਨੇ ਮੁੱਢਲੇ ਪੜਾਅ ’ਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਮਾਲ ਰਿਕਾਰਡ ਵਿਚ ਰੈੱਡ ਐਂਟਰੀ ਪਾਉਣੀ ਸ਼ੁਰੂ ਕੀਤੀ ਸੀ ਜਿਸ ਨੂੰ ਲੈ ਕੇ ਕਿਸਾਨ ਭੜਕ ਉੱਠੇ ਸਨ। ਉਸ ਮਗਰੋਂ ਸਰਕਾਰ ਨੇ ਪੈਰ ਪਿਛਾਂਹ ਖਿੱਚ ਲਏ ਸਨ।
ਸਰਕਾਰ ਝੋਨਾ ਉਤਪਾਦਕਾਂ ਨੂੰ 2500 ਰੁਪਏ ਪ੍ਰਤੀ ਏਕੜ ਦੇਵੇ : ਬਾਜਵਾ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਵਿੱਚ ਝੋਨਾ ਉਤਪਾਦਕਾਂ ਨੂੰ 2500 ਰੁਪਏ ਦੇ ਨਗ਼ਦ ਪ੍ਰੋਤਸਾਹਨ ’ਤੇ ਧੋਖਾ ਦੇਣ ਲਈ ਪੰਜਾਬ ਸਰਕਾਰ ਦੀ ਨਿਖੇਧੀ ਕੀਤੀ ਹੈ। ‘ਆਪ’ ਸਰਕਾਰ ਨੇ 2500 ਰੁਪਏ ਦੇ ਨਗ਼ਦ ਪ੍ਰੋਤਸਾਹਨ ਨਾਲ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਦਾ ਐਲਾਨ ਕੀਤਾ ਸੀ। ‘ਆਪ’ ਵੱਲੋਂ ਆਪਣਾ ਵਾਅਦਾ ਨਿਭਾਉਣ ਵਿੱਚ ਅਸਫ਼ਲ ਰਹਿਣ ਕਾਰਨ, ਝੋਨਾ ਉਤਪਾਦਕ ਪਰਾਲੀ ਨੂੰ ਸਾੜਨ ਲਈ ਮਜਬੂਰ ਹਨ। ਬਾਜਵਾ ਨੇ ਕਿਹਾ ਕਿ ਪੰਜਾਬ ਪਰਾਲੀ ਸਾੜਨ ਦੇ 12,000 ਮਾਮਲਿਆਂ ਨੂੰ ਪਾਰ ਕਰ ਗਿਆ ਹੈ ਅਤੇ ਪਿਛਲੇ ਹਫ਼ਤੇ ਵਿੱਚ 8000 ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਇਹ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੀ ਜ਼ਿੰਮੇਵਾਰੀ ਹੈ ਕਿ ਉਹ ਝੋਨਾ ਲਗਾਉਣ ਵਾਲੇ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇਵੇ। ਉਨ੍ਹਾਂ ਕਿਹਾ, ‘‘ਝੋਨੇ ਦੀ ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦੀ ਮਜਬੂਰੀ ਹੈ ਨਾ ਕਿ ਉਨ੍ਹਾਂ ਦੀ ਮਰਜ਼ੀ, ਇਸ ਲਈ ਸਰਕਾਰ ਵੱਲੋਂ ਕਿਸੇ ਵਿੱਤੀ ਸਹਾਇਤਾ ਤੋਂ ਬਿਨਾਂ, ਕਿਸਾਨਾਂ ਨੂੰ ਪਰਾਲੀ ਨਾਲ ਨਜਿੱਠਣਾ ਮੁਸ਼ਕਲ ਲੱਗਦਾ ਹੈ।’’
ਪਰਾਲੀ ਨਾਲ ਨਜਿੱਠਣ ਲਈ ਸਰਕਾਰ ਨੇ ਯੋਜਨਾ ਉਲੀਕੀ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਅੱਠ ਨੁਕਾਤੀ ਯੋਜਨਾ ਤਿਆਰ ਕੀਤੀ ਹੈ। ਮੁੱਖ ਮੰਤਰੀ ਨੇ ਪਰਾਲੀ ਸਾੜਨ ਵਿਰੁੱਧ ਮੁਹਿੰਮ ਦੀ ਅਗਵਾਈ ਕਰਦਿਆਂ ਸਾਰੇ ਜ਼ਿਲ੍ਹਿਆਂ ਵਿੱਚੋਂ ਪਰਾਲੀ ਸਾੜਨ ਤੋਂ ਰੋਕਣ ਲਈ ਕੀਤੇ ਜਾ ਰਹੇ ਯਤਨਾਂ ਦਾ ਨਿੱਜੀ ਤੌਰ ’ਤੇ ਜਾਇਜ਼ਾ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯੋਜਨਾ ਨਤੀਜਾਮੁਖੀ ਢੰਗ ਨਾਲ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।