ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 30 ਜੁਲਾਈ
ਆਮ ਆਦਮੀ ਪਾਰਟੀ (ਆਪ) ਨੇ ਅੱਜ ਮੰਨਿਆ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨਾਲ ਵਾਪਰੀ ਘਟਨਾ ਬਹੁਤ ਮੰਦਭਾਗੀ ਹੈ, ਪਰ ਵਿਰੋਧੀ ਧਿਰਾਂ ਇਸ ਮੁੱਦੇ ’ਤੇ ਸੌੜੀ ਸਿਆਸਤ ਕਰ ਰਹੀਆਂ ਹਨ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਘਟਨਾ ਮੰਦਭਾਗੀ ਹੈ, ਪਰ ਸਰਕਾਰ ਸੂਬੇ ਦੀ ਸਿਹਤ ਪ੍ਰਣਾਲੀ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕਰੇਗੀ।
ਸ੍ਰੀ ਕੰਗ ਨੇ ਕਿਹਾ ਕਿ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਸੂਬੇ ਦੇ ਸਰਕਾਰੀ ਹਸਪਤਾਲਾਂ ਦੇ ਦੌਰੇ ’ਤੇ ਸਨ ਤੇ ਉਸੇ ਲੜੀ ਵਿੱਚ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਪਹੁੰਚੇ ਸਨ। ਉਹ ਕਿਸੇ ਦਾ ਅਪਮਾਨ ਨਹੀਂ ਕਰਨਾ ਚਾਹੁੰਦੇ ਸੀ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਯੂਨੀਵਰਸਿਟੀ ਵਿੱਚ ਜ਼ਿਆਦਾਤਰ ਗਰੀਬ ਲੋਕ ਇਲਾਜ ਲਈ ਆਉਂਦੇ ਹਨ। ਇਥੇ ਬੈੱਡਾਂ ਦੀ ਮਾੜੀ ਹਾਲਤ ਅਤੇ ਸਫ਼ਾਈ ਦੀ ਘਾਟ ਦੇਖ ਕੇ ਸਿਹਤ ਮੰਤਰੀ ਬਹੁਤ ਦੁਖੀ ਹੋਏ ਜਦੋਂ ਕਿ ਸਿਹਤ ਮੰਤਰੀ ਨੇ ਸ਼ਾਮ ਨੂੰ ਬਠਿੰਡਾ ਦੇ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਅਤੇ ਉੱਥੋਂ ਦੇ ਸਟਾਫ਼ ਦੀਆਂ ਸ਼ਾਨਦਾਰ ਸੇਵਾਵਾਂ ਲਈ ਸ਼ਲਾਘਾ ਵੀ ਕੀਤੀ। ‘ਆਪ’ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਡਾਕਟਰਾਂ ਦਾ ਪੂਰਾ ਸਤਿਕਾਰ ਕਰਦੀ ਹੈ। ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਅਤੇ ਸਰਕਾਰੀ ਹਸਪਤਾਲਾਂ ਵਿੱਚ ਸਹੂਲਤਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ ਹੈ।