ਪੇਂਡੂ ਡਿਸਪੈਂਸਰੀਆਂ ਦੇ ਮੁਲਾਜ਼ਮਾਂ ਦੀ ਤਨਖ਼ਾਹ ’ਚ ਵਾਧਾ
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਮਈ
ਸਰਕਾਰ ਨੇ ਜ਼ਿਲ੍ਹਾ ਪਰਿਸ਼ਦਾਂ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ 441 ਰੂਰਲ ਹੈਲਥ ਫਾਰਮੇਸੀ ਅਫ਼ਸਰ, ਪੈਰਾ ਮੈਡੀਕਲ ਸਟਾਫ਼ ਅਤੇ 363 ਅਟੈਂਡੈਂਟ-ਕਮ-ਦਰਜਾ ਚਾਰ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ ਵਾਧਾ ਕੀਤਾ ਹੈ। ਹੁਣ ਇਹ ਅਧਿਕਾਰੀ 58 ਸਾਲ ਦੀ ਉਮਰ ਤੱਕ ਨੌਕਰੀ ਕਰ ਸਕਣਗੇ। ਇਸ ਗੱਲ ਦਾ ਪ੍ਰਗਟਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤਾ। ਸ੍ਰੀ ਸੌਂਦ ਨੇ ਕਿਹਾ ਕਿ ਪ੍ਰਸੋਨਲ ਵਿਭਾਗ ਵੱਲੋਂ 16 ਮਈ 2023 ਨੂੰ ਜਾਰੀ ਪਾਲਿਸੀ ਅਨੁਸਾਰ ਜ਼ਿਲ੍ਹਾ ਪਰਿਸ਼ਦ ਅਧੀਨ ਪੇਂਡੂ ਡਿਸਪੈਂਸਰੀਆਂ ਵਿੱਚ ਕੰਮ ਕਰਦੇ 441 ਰੂਰਲ ਹੈਲਥ ਫਾਰਮੇਸੀ ਅਫ਼ਸਰ, ਪੈਰਾ ਮੈਡੀਕਲ ਸਟਾਫ਼ ਅਤੇ 363 ਅਟੈਂਡੈਂਟ-ਕਮ-ਦਰਜਾ ਚਾਰ ਮੁਲਾਜ਼ਮਾਂ ਨੂੰ ਪਹਿਲੀ ਅਪਰੈਲ 2025 ਤੋਂ ਕਵਰ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਫਾਰਮੇਸੀ ਅਫ਼ਸਰਾਂ ਨੂੰ ਪਹਿਲਾਂ 11000 ਰੁਪਏ ਅਤੇ ਹੁਣ 20,000 ਰੁਪਏ ਮਹੀਨਾ ਤਨਖ਼ਾਹ ਦਿੱਤੀ ਜਾਵੇਗੀ। ਫਾਰਮੇਸੀ ਅਫ਼ਸਰਾਂ ਨੂੰ 30,000 ਰੁਪਏ ਤੱਕ 5 ਫ਼ੀਸਦੀ ਅਤੇ ਇਸ ਉਪਰੰਤ 3 ਫ਼ੀਸਦੀ ਹਰੇਕ ਸਾਲ ਤਨਖਾਹ ਵਿਚ ਵਾਧਾ ਮਿਲੇਗਾ।