ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 6 ਅਪਰੈਲ
ਸਰਕਾਰ ਨੇ ਸੂਬੇ ਵਿੱਚ ਕੰਮ ਕਰ ਰਹੇ ਕੰਟਰੈਕਟ ਮੁਲਾਜ਼ਮਾਂ ਦੇ ਸੇਵਾਕਾਲ ਵਿੱਚ ਵਾਧਾ ਕਰ ਦਿੱਤਾ ਹੈ। ਇਸ ਸਬੰਧੀ ਸੂਬੇ ਦੇ ਸਮੂਹ ਵਿਭਾਗਾਂ ਦੇ ਮੁਖੀਆਂ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਰਜਿਸਟਰਾਰ, ਡਿਵੀਜ਼ਨਾਂ ਦੇ ਕਮਿਸ਼ਨਰ, ਜ਼ਿਲ੍ਹਾ ਅਦਾਲਤਾਂ, ਡਿਪਟੀ ਕਮਿਸ਼ਨਰਾਂ ਅਤੇ ਐੱਸਡੀਐੱਮਜ਼ ਤੱਕ ਨੂੰ ਪੱਤਰ ਜਾਰੀ ਕਰ ਕੇ ਸੂਚਿਤ ਕਰ ਦਿੱਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਦੇ ਪਰਸੋਨਲ ਵਿਭਾਗ ਵੱਲੋਂ ਜਾਰੀ ਕੀਤੇ ਗਏ ਪੱਤਰ ਅਨੁਸਾਰ ਜਦੋਂ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਵਿੱਚ ਸਮਾਂ ਲੱਗਦਾ ਹੈ ਜਾਂ ਨਵੀਂ ਨੀਤੀ ਤਿਆਰ ਨਹੀਂ ਹੋ ਜਾਂਦੀ, ਕੰਟਰੈਕਟ ’ਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੀਆਂ ਸੇਵਾਵਾਂ ਵਿੱਚ 31 ਮਾਰਚ 2023 ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਵਿੱਚ 25 ਹਜ਼ਾਰ ਨਵੀਆਂ ਨੌਕਰੀਆਂ ਕੱਢਣ ਤੇ ਸੂਬੇ ਦੇ 35 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਸੀ।