ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 5 ਮਈ
ਇਥੇ ਚੈਂਬਰ ਆਫ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜ਼ੇਸ਼ਨ ਦੇ ਪ੍ਰਧਾਨ ਉਪਕਾਰ ਸਿੰਘ ਅਹੁਜਾ ਤੇ ਯੂਨਾਈਟਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਜ਼ ਐਸੋਸੀਏਸ਼ਨ ਦੇ ਪ੍ਰਧਾਨ ਡੀਐੱਸ ਚਾਵਲਾ ਦੀ ਅਗਵਾਈ ਹੇਠ ਸਨਅਤਕਾਰਾਂ ਦੇ ਇਕ ਵਫ਼ਦ ਨੇ ਕੇਂਦਰੀ ਸਟੀਲ ਮੰਤਰੀ ਰਾਮਚੰਦਰਾ ਪ੍ਰਸਾਦ ਸਿੰਘ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਉਨ੍ਹਾਂ ਸਟੀਲ ਦੀਆਂ ਨਿੱਤ-ਦਿਨ ਵਧਦੀਆਂ ਕੀਮਤਾਂ ਅਤੇ ਹੋਰ ਮਸਲਿਆਂ ਸਬੰਧੀ ਗੱਲਬਾਤ ਕੀਤੀ। ਪੰਚਕੂਲਾ ਵਿੱਚ ਹੋਈ ਇਸ ਮੀਟਿੰਗ ਦੌਰਾਨ ਕੇਂਦਰੀ ਮੰਤਰੀ ਰਾਮਚੰਦਰਾ ਪ੍ਰਸਾਦ ਸਿੰਘ ਨੇ ਸਨਅਤਕਾਰਾਂ ਦੀਆਂ ਮੁਸ਼ਕਲਾਂ ਸੁਣਨ ਉਪਰੰਤ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਵੱਲੋਂ ਐੱਮਐੱਸਐੱਮਈ ਉਦਯੋਗਾਂ ਨੂੰ ਸਟੀਲ ਮਿੱਲਾਂ ਵੱਲੋਂ ਸਿੱਧੇ ਤੌਰ ’ਤੇ ਸਬਸਿਡੀ ਅਤੇ ਸਟੀਲ ਦੇਣ ਲਈ ਵੱਡੇ ਪੱਧਰ ’ਤੇ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਇੱਕ ਪੋਰਟਲ ਤਿਆਰ ਕੀਤਾ ਗਿਆ ਹੈ, ਜੋ ਜਲਦੀ ਹੀ ਸ਼ੁਰੂ ਹੋ ਜਾਵੇਗਾ।