ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 28 ਮਈ
ਸੂਬੇ ਵਿੱਚ ਨਵਜੰਮੇ ਬੱਚਿਆਂ ਦਾ ਲਾਜ਼ਮੀ ਟੀਕਾਕਰਨ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਆਟੋਮੈਟਿਕ ਸਹੂਲਤ ਦੀ ਸ਼ੁਰੂਆਤ ਕੀਤੀ ਹੈ। ਇਸ ਤਹਿਤ 0 ਤੋਂ 5 ਸਾਲ ਦੀ ਉਮਰ ਦੇ ਨਵਜੰਮੇ ਬੱਚਿਆਂ ਦੇ ਮਾਪਿਆਂ ਨੂੰ ਮੋਬਾਈਲ ’ਤੇ ਐੱਸਐੱਮਐੱਸ ਰਾਹੀਂ ਟੀਕਾਕਰਨ ਦੀ ਸਮਾਂ ਸਾਰਨੀ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਇਸ ਮੁਹਿੰਮ ਨੂੰ ਨੇਪਰੇ ਚਾੜ੍ਹਨ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਨਵਜੰਮੇ ਬੱਚਿਆਂ ਦੇ ਮਾਪਿਆਂ ਦਾ ਮੋਬਾਈਲ ਨੰਬਰ ਅਤੇ ਹੋਰ ਜਾਣਕਾਰੀ ਸਹੀ ਢੰਗ ਨਾਲ ਦਰਜ ਕਰਨ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਇਸ ਸਹੂਲਤ ਨੂੰ ਈ-ਸੇਵਾ ਨਾਲ ਲਿੰਕ ਕਰ ਦਿੱਤਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਆਟੋਮੈਟਿਕ ਅਲਰਟ ਸਹੂਲਤ ਰਾਹੀਂ ਮੋਬਾਈਲ ’ਤੇ ਦੋ ਭਾਸ਼ਾਵਾਂ ਪੰਜਾਬੀ ਅਤੇ ਅੰਗਰੇਜ਼ੀ ਵਿੱਚ ਐੱਸਐੱਮਐੱਸ ਭੇਜਿਆ ਜਾਵੇਗਾ। ਇਸ ਸਹੂਲਤ ਦਾ ਉਦੇਸ਼ ਸਾਰੇ ਮਾਪਿਆਂ ਨੂੰ ਬੱਚਿਆਂ ਦੇ ਸਮੇਂ ਸਿਰ ਟੀਕਾਕਰਨ ਲਈ ਜਾਗਰੂਕ ਕਰਨਾ ਹੈ। ਸਿਹਤ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਆਟੋਮੈਟਿਕ ਸਹੂਲਤ ਰਾਹੀਂ ਸੂਬੇ ਦੇ 4 ਲੱਖ ਤੋਂ ਵੱਧ ਰਜਿਸਟਰਡ ਬੱਚਿਆਂ ਨੂੰ ਕਵਰ ਕੀਤਾ ਜਾਵੇਗਾ ਅਤੇ ਅਗਲੇ 5 ਸਾਲ ਉਨ੍ਹਾਂ ਦੇ ਟੀਕਾਕਰਨ ’ਤੇ ਨਜ਼ਰ ਰੱਖੀ ਜਾਵੇਗੀ।