ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 29 ਜੂਨ
ਕੈਨੇਡਾ ਵਿਚ ਬੀਤੇ ਦਿਨੀਂ ਕਤਲ ਕੀਤੇ ਗਏ ਖਾਲਿਸਤਾਨੀ ਆਗੂ ਅਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਅੱਜ ਦਲ ਖਾਲਸਾ ਵੱਲੋਂ ਸ੍ਰੀ ਦਰਬਾਰ ਸਾਹਿਬ ਸਮੂਹ ‘ਚ ਅਖੰਡ ਪਾਠ ਆਰੰਭ ਕੀਤਾ ਗਿਆ, ਜਿਸ ਦੇ ਭੋਗ 1 ਜੁਲਾਈ ਨੂੰ ਪੈਣਗੇ ਅਤੇ ਉਪਰੰਤ ਸ਼ਰਧਾਂਜਲੀ ਸਮਾਗਮ ਹੋਵੇਗਾ। ਇਹ ਜਾਣਕਾਰੀ ਪਾਰਟੀ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਟਾਂਡਾ, ਬੁਲਾਰੇ ਪਰਮਜੀਤ ਸਿੰਘ ਮੰਡ ਅਤੇ ਯੂਥ ਵਿੰਗ ਦੇ ਪ੍ਰਧਾਨ ਗੁਰਨਾਮ ਸਿੰਘ ਨੇ ਦਿੱਤੀ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਸਿੱਖਾਂ ਦੇ ਕਤਲਾਂ ਵਿਰੁੱਧ ਦਲ ਖਾਲਸਾ ਦੇ ਕਾਰਕੁਨ ਅੰਮ੍ਰਿਤਸਰ ਸਥਿਤ ਦੇਸ਼ ਦੀ ਖੁਫੀਆ ਏਜੰਸੀ ਦੇ ਦਫ਼ਤਰ ਸਾਹਮਣੇ ਪਹਿਲੀ ਜੁਲਾਈ ਨੂੰ ਰੋਸ ਪ੍ਰਦਰਸ਼ਨ ਕਰਨਗੇ। ਦਲ ਖਾਲਸਾ ਨੇ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਖਤ ਲਿਖ ਕੇ ਨਿਰਪੱਖ ਜਾਂਚ ਦੀ ਅਪੀਲ ਕੀਤੀ ਹੈ।