ਜਸਵੰਤ ਜੱਸ
ਫ਼ਰੀਦਕੋਟ, 8 ਜੂਨ
ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਦਫ਼ਤਰ ਤੱਕ ਪੁੱਜ ਗਈ ਹੈ। ਇਸ ਮਾਮਲੇ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਤਤਕਾਲੀ ਪ੍ਰਿੰਸੀਪਲ ਸਕੱਤਰ ਗਗਨਦੀਪ ਸਿੰਘ ਬਰਾੜ, ਨਿੱਜੀ ਸਹਾਇਕ ਗੁਰਚਰਨ ਸਿੰਘ, ਸਾਬਕਾ ਪਾਰਲੀਮਾਨੀ ਸਕੱਤਰ ਮਨਤਾਰ ਸਿੰਘ ਬਰਾੜ, ਫ਼ਰੀਦਕੋਟ ਡਿਵੀਜ਼ਨ ਦੇ ਸਾਬਕਾ ਕਮਿਸ਼ਨਰ ਵੀ.ਕੇ. ਮੀਨਾ ਸਮੇਤ ਦੋ ਹੋਰ ਉੱਚ ਪੁਲੀਸ ਅਧਿਕਾਰੀਆਂ ਤੋਂ ਪੁੱਛ-ਪੜਤਾਲ ਕੀਤੀ।
ਸੂਚਨਾ ਅਨੁਸਾਰ ਕੋਟਕਪੂਰਾ ਗੋਲੀ ਕਾਂਡ ਤੋਂ ਕੁਝ ਘੰਟੇ ਪਹਿਲਾਂ ਮਨਤਾਰ ਸਿੰਘ ਬਰਾੜ, ਗਗਨਦੀਪ ਸਿੰਘ ਬਰਾੜ, ਗੁਰਚਰਨ ਸਿੰਘ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਰਮਿਆਨ 157 ਵਾਰ ਗੱਲਬਾਤ ਹੋਈ। ਅੱਜ ਫਿਰ ਫ਼ਰੀਦਕੋਟ ਦੇ ਸਾਬਕਾ ਪੁਲੀਸ ਮੁਖੀ ਸੁਖਮਿੰਦਰ ਸਿੰਘ ਮਾਨ ਅਤੇ ਘਟਨਾ ਸਥਾਨ ’ਤੇ ਮੌਜੂਦ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਪੁੱਛਗਿੱਛ ਲਈ ਸੱਦਿਆ ਗਿਆ ਸੀ। ਸੂਚਨਾ ਅਨੁਸਾਰ ਮਨਤਾਰ ਸਿੰਘ ਬਰਾੜ ਨੇ ਜਾਂਚ ਟੀਮ ਨੂੰ ਦੱਸਿਆ ਕਿ 13 ਅਤੇ 14 ਅਕਤੂਬਰ ਦੀ ਰਾਤ ਉਹ ਆਪਣੇ ਘਰ ਵਿੱਚ ਮੌਜੂਦ ਸੀ ਅਤੇ ਸਵੇਰੇ ਕਰੀਬ 1 ਤੋਂ 2 ਵਜੇ ਦਰਮਿਆਨ ਉਸ ਨੂੰ ਫ਼ਰੀਦਕੋਟ ਡਿਵੀਜ਼ਨ ਦੇ ਕਮਿਸ਼ਨਰ, ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਮਿਲਣ ਆਏ ਸਨ ਅਤੇ ਉਨ੍ਹਾਂ ਕਿਹਾ ਸੀ ਕਿ ਉਹ ਮੁੱਖ ਮੰਤਰੀ ਦਫ਼ਤਰ ਨਾਲ ਗੱਲ ਕਰਨਾ ਚਾਹੁੰਦੇ ਹਨ ਪਰ ਉਨ੍ਹਾਂ ਦਾ ਕੋਈ ਫੋਨ ਨਹੀਂ ਚੁੱਕ ਰਿਹਾ। ਇਸ ’ਤੇ ਉਨ੍ਹਾਂ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਤਤਕਾਲੀ ਪ੍ਰਿੰਸੀਪਲ ਸਕੱਤਰ ਗਗਨਦੀਪ ਸਿੰਘ ਬਰਾੜ ਅਤੇ ਨਿੱਜੀ ਸਹਾਇਕ ਗੁਰਚਰਨ ਸਿੰਘ ਰਾਹੀਂ ਉਨ੍ਹਾਂ ਨਾਲ ਗੱਲਬਾਤ ਕੀਤੀ। ਇਸ ਗੱਲਬਾਤ ਤੋਂ ਕਰੀਬ ਇੱਕ ਘੰਟਾ ਬਾਅਦ ਕੋਟਕਪੂਰਾ ਗੋਲੀ ਕਾਂਡ ਵਾਪਰ ਗਿਆ ਸੀ।
ਇਸ ਮਾਮਲੇ ਵਿੱਚ ਜਾਂਚ ਟੀਮ ਹੁਣ ਤੱਕ 12 ਉੱਚ ਅਧਿਕਾਰੀਆਂ ਸਮੇਤ 60 ਵਿਅਕਤੀਆਂ ਦੇ ਬਿਆਨ ਦਰਜ ਕਰ ਚੁੱਕੀ ਹੈ। ਸੂਤਰਾਂ ਅਨੁਸਾਰ ਜਾਂਚ ਟੀਮ ਨੇ ਅੱਜ ਹਾਜ਼ਰ ਹੋਏ ਅਧਿਕਾਰੀਆਂ ਤੋਂ ਪੁੱਛਿਆ ਕਿ ਸਾਬਕਾ ਮੁੱਖ ਮੰਤਰੀ ਨੇ ਉਨ੍ਹਾਂ ਨਾਲ ਕੀ ਗੱਲ ਕੀਤੀ ਸੀ ਤੇ ਜੇ ਮੁੱਖ ਮੰਤਰੀ ਨੇ ਕੋਟਕਪੂਰੇ ਵਿੱਚ ਲੱਗੇ ਧਰਨੇ ਨੂੰ ਸ਼ਾਂਤਮਈ ਤਰੀਕੇ ਨਾਲ ਚੁੱਕਣ ਦੇ ਆਦੇਸ਼ ਦਿੱਤੇ ਸਨ ਤਾਂ ਫਿਰ ਗੋਲੀ ਕਿਉਂ ਚਲਾਈ ਗਈ।