ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 13 ਮਈ
ਕੇਂਦਰ ਸਰਕਾਰ ਨੇ ਕਰੋਨਾ ਮਹਾਮਾਰੀ ਦੇ ਮੱਦੇਨਜ਼ਰ ਪੰਜਾਬ ਨੂੰ ਭੇਜੇ ਗਏ ਖ਼ਰਾਬ ਵੈਂਟੀਲੇਟਰਾਂ ਦੀ ਜਾਂਚ ਆਰੰਭੀ ਦਿੱਤਾ ਹੈ। ਇਸ ਗੱਲ ਦਾ ਖੁਲਾਸਾ ਅੱਜ ਇੱਥੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ। ਹਸਪਤਾਲਾਂ ਵਿੱਚ ਖ਼ਰਾਬ ਵੈਂਟੀਲੇਟਰਾਂ ਦੇ ਮਾਮਲੇ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ ਇਹ ਵੈਂਟੀਲੇਟਰ ਕੇਂਦਰ ਸਰਕਾਰ ਵੱਲੋਂ ਸਪਲਾਈ ਕੀਤੇ ਗਏ ਹਨ ਅਤੇ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਅਜਿਹੇ ਵੈਂਟੀਲੇਟਰ ਸਪਲਾਈ ਕਰਨ ਵਾਲੀ ਕੰਪਨੀ ਖ਼ਿਲਾਫ਼ ਪੜਤਾਲ ਕਰਵਾ ਕੇ ਢੁਕਵੀਂ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਨੂੰ ਘੱਟ ਕੋਵਿਡ ਵੈਕਸੀਨ ਮੁਹੱਈਆ ਕਰਵਾਏ ਜਾਣ ਦਾ ਮਾਮਲਾ ਉਨ੍ਹਾਂ ਨੇ ਕੇਂਦਰ ਸਰਕਾਰ ਕੋਲ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਟੈਸਟਿੰਗ ਅਤੇ ਵੈਕਸੀਨੇਸ਼ਨ ਵੱਡੇ ਪੱਧਰ ’ਤੇ ਜਾਰੀ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲਗਾਤਾਰ ਟੈਸਟਿੰਗ ਕਰਵਾਉਣ ਅਤੇ ਜੇਕਰ ਕਿਸੇ ਨੂੰ ਸਿਹਤ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਦਿੱਕਤ ਆਉਂਦੀ ਹੈ ਤਾਂ ਉਹ ਤੁਰੰਤ ਡਾਕਟਰ ਨਾਲ ਸੰਪਰਕ ਕਰਨ।
ਮੰਤਰੀ ਨੇ ਕਿਹਾ ਕਿ ਮੁੱਢਲੇ ਪੜਾਅ ਉੱਤੇ ਕਰੋਨਾ ਬਾਰੇ ਪਤਾ ਲੱਗਣ ’ਤੇ ਇਸ ਤੋਂ ਸਹਿਜੇ ਵੀ ਬਚਿਆ ਜਾ ਸਕਦਾ ਹੈ ਪਰ ਦੇਰੀ ਕਰਨ ਨਾਲ ਇਹ ਬਿਮਾਰੀ ਗੰਭੀਰ ਰੂਪ ਧਾਰ ਲੈਂਦੀ ਹੈ ਅਤੇ ਇਸ ਮਹਾਮਾਰੀ ਤੋਂ ਪੀੜਤ ਮਰੀਜ਼ ਨੂੰ ਸੰਭਾਲਣਾ ਬੜਾ ਮੁਸ਼ਕਲ ਹੋ ਜਾਂਦਾ ਹੈ।