ਜਗਮੋਹਨ ਸਿੰਘ
ਘਨੌਲੀ, 13 ਅਗਸਤ
ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਅਤੇ ਸਕੂਲੀ ਸਿੱਖਿਆ ਤੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਰੂਪਨਗਰ ਜ਼ਿਲ੍ਹੇ ਦੇ ਵੱਖ‘ਵੱਖ ਸਿਹਤ ਕੇਂਦਰਾਂ ਦਾ ਦੌਰਾ ਕੀਤਾ ਗਿਆ ਤੇ ਸਿਹਤ ਕੇਂਦਰਾਂ ’ਚ ਮਿਲ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ।
ਸ੍ਰੀ ਜੌੜੇਮਾਜਰਾ ਨੇ ਕਮਿਊਨਿਟੀ ਸਿਹਤ ਕੇਂਦਰ ਭਰਤਗੜ੍ਹ ਵਿੱਚ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਪਿਛਲੀ ਸਰਕਾਰ ਨੇ ਭਰਤਗੜ੍ਹ ਕਮਿਊਨਿਟੀ ਹੈਲਥ ਸੈਂਟਰ ਦੀ ਇਮਾਰਤ ’ਤੇ ਕਰੋੜਾਂ ਰੁਪਏ ਖਰਚ ਕੀਤੇ ਸਨ, ਪਰ ਇਸ ਇਮਾਰਤ ਦੇ ਨਿਰਮਾਣ ਲਈ ਸਮੱਗਰੀ ਬਹੁਤ ਘਟੀਆ ਦਰਜੇ ਦੀ ਵਰਤੀ ਗਈ ਹੈ, ਜਿਸ ਦੀ ਗੁਣਵੱਤਾ ਬਹੁਤ ਹੀ ਹੇਠਲੇ ਦਰਜੇ ਦੀ ਹੈ। ਉਨ੍ਹਾਂ ਕਿਹਾ ਕਿ ਇਸ ਸਿਹਤ ਕੇਂਦਰ ਵਿੱਚ ਜ਼ਰੂਰੀ ਸਹੂਲਤਾਂ ਦੀ ਵੀ ਘਾਟ ਹੈ, ਪਰ ਹੁਣ ਉਨ੍ਹਾਂ ਦੀ ਸਰਕਾਰ ਵੱਲੋਂ ਇਸ ਸਿਹਤ ਕੇਂਦਰ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ । ਉਨ੍ਹਾਂ ਕਿਹਾ ਕਿ ਮੁੱਖ ਮਾਰਗ ’ਤੇ ਪੈਂਦੇ ਇਸ ਸਿਹਤ ਕੇਂਦਰ ਵਿੱਚ ਡਾਕਟਰਾਂ ਦੀ ਘਾਟ ਨੂੰ ਵੀ ਜਲਦੀ ਹੀ ਪੂਰਾ ਕੀਤਾ ਜਾਵੇਗਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅੱਜ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਉਨ੍ਹਾਂ ਦੇ ਵਿਸ਼ੇਸ਼ ਸੱਦੇ ’ਤੇ ਹਲਕੇ ਦੇ ਹਸਪਤਾਲਾਂ ਦਾ ਮੁਆਇਨਾ ਕਰਨ ਲਈ ਆਏ ਹਨ। ਇਸ ਮੌਕੇ ਜ਼ਿਲ੍ਹਾ ਯੂਥ ਪ੍ਰਧਾਨ ਕਮਿੱਕਰ ਸਿੰਘ ਡਾਢੀ, ਐੱਸਐੱਮਓ ਡਾ. ਆਨੰਦ ਘਈ, ਡਾ. ਕੰਵਰਪ੍ਰੀਤ ਸਿੰਘ ਆਦਿ ਵੀ ਹਾਜ਼ਰ ਸਨ।
ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਤਿੰਨ ਆਮ ਆਦਮੀ ਕਲੀਨਿਕ ਖੋਲ੍ਹਣ ਦਾ ਐਲਾਨ
ਸ੍ਰੀ ਆਨੰਦਪੁਰ ਦਪੁਰ ਸਾਹਿਬ (ਬੀ.ਐੱਸ. ਚਾਨਾ): ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਤੇ ਜਲ ਸਰੋਤ, ਖਾਣਾਂ ਤੇ ਭੂ-ਵਿਗਿਆਨ, ਜੇਲ੍ਹਾਂ ਅਤੇ ਸਕੂਲ ਸਿੱਖਿਆ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਆਨੰਦਪੁਰ ਸਾਹਿਬ ਦਾ ਦੌਰਾ ਕਰਨ ਉਪਰੰਤ ਕਿਹਾ ਕਿ ਸ੍ਰੀ ਆਨੰਦਪੁਰ ਸਾਹਿਬ ਹਲਕੇ ਵਿੱਚ ਤਿੰਨ ਆਮ ਆਦਮੀ ਕਲੀਨਿਕ 15 ਅਗਸਤ ਨੂੰ ਖੋਲ੍ਹੇ ਜਾ ਰਹੇ ਹਨ ਜਦਕਿ ਹਲਕੇ ਵਿੱਚ ਤਿੰਨ ਸਕੂਲ ਆਫ ਐਮੀਨੈਂਸ ਖੋਲ੍ਹ ਕੇ ਸਿੱਖਿਆ ਦਾ ਮਿਆਰ ਹੋਰ ਸੁਧਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ 75 ਸਾਲ ਤੋਂ ਸੂਬੇ ਦੀ ਉਲਝੀ ਹੋਈ ਤਾਣੀ ਨੂੰ ਸੁਲਝਾਉਣਾ ਲਈ 20 ਘੰਟੇ ਕੰਮ ਕਰਨਾ ਪੈ ਰਿਹਾ ਹੈ। ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਨੇ ਕਿਹਾ ਕਿ ਅੱਜ ਸ੍ਰੀ ਆਨੰਦਪੁਰ ਸਾਹਿਬ ਹਲਕੇ ਦੇ ਸਰਕਾਰੀ ਹਸਪਤਾਲਾਂ ਤੇ ਸਿਹਤ ਕੇਂਦਰਾਂ ਦਾ ਦੌਰਾ ਕੀਤਾ ਹੈ, ਜਿਨ੍ਹਾਂ ਵਿਚ ਵੱਡੇ ਸੁਧਾਰ ਕਰਨ ਦੀ ਲੋੜ ਹੈ। ਇਸ ਬਾਰੇ ਸਮੁੱਚੀ ਜਾਣਕਾਰੀ ਹਾਸਲ ਕਰ ਲਈ ਹੈ।