ਮਾਨਸਾ (ਪੱਤਰ ਪ੍ਰੇਰਕ): ਸਾਬਕਾ ਜਸਟਿਸ ਜਸਵੀਰ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਟੀਮ ਨੇ ਅੱਜ ਮਾਨਸਾ ਦਾ ਦੌਰਾ ਕਰਦਿਆਂ ਸ਼ਹਿਰ ਵਿੱਚ ਲੱਗੇ ਕੂੜੇ ਦੇ ਢੇਰਾਂ, ਗੰਦੇ ਪਾਣੀ ਵਾਲੇ ਟੋਭੇ ਅਤੇ ਐੱਮਆਰਐੱਫ ਸੈਂਟਰਾਂ ਦਾ ਨਿਰੀਖਣ ਕੀਤਾ। ਇਸ ਮੌਕੇ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਉਨ੍ਹਾਂ ਦੇ ਨਾਲ ਸਨ। ਐੱਨਜੀਟੀ ਦੀ ਨਿਗਰਾਨ ਕਮੇਟੀ ਦੇ ਮੈਂਬਰ ਐੱਸ.ਸੀ ਅਗਰਵਾਲ ਨੇ ਕਿਹਾ ਕਿ ਨਗਰ ਕੌਂਸਲ ਵਿੱਚ ਚੱਲ ਰਹੀ ਧੜੇਬਾਜ਼ੀ ਕਾਰਨ ਸ਼ਹਿਰ ਦੇ ਵਿਕਾਸ ਕਾਰਜ ਰੁਕੇ ਹੋਏ ਹਨ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਜਦੋਂ ਉਨ੍ਹਾਂ ਇੱਥੇ ਦਾ ਦੌਰਾ ਕੀਤਾ ਸੀ ਤਾਂ ਉਨ੍ਹਾਂ ਕੂੜੇ ਦੇ ਡੰਪ ਸਬੰਧੀ ਕੁਝ ਹਦਾਇਤਾਂ ਕੀਤੀਆਂ ਸਨ ਪਰ ਅੱਜ ਵੀ ਇੱਥੋਂ ਦੇ ਹਾਲਾਤ ਨਹੀਂ ਸੁਧਰੇ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਬਣੇ ਐੱਮਆਰਐੱਫ ਸੈਂਟਰਾਂ ’ਚ ਜ਼ਰੂਰ ਕੁਝ ਸੁਧਾਰ ਦੇਖਣ ਨੂੰ ਮਿਲਿਆ ਹੈ।