ਪੱਤਰ ਪ੍ਰੇਰਕ
ਸ੍ਰੀ ਆਨੰਦਪੁਰ ਸਾਹਿਬ, 3 ਅਪਰੈਲ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਆਪਣੇ ਪਿੰਡ ਗੰਭੀਰਪੁਰ ਵਿਚ ਹਲਕੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਤੱਕ ਪਹੁੰਚਾਉਣ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ ‘ਸਾਡਾ ਐੱਮਐੱਲਏ ਸਾਡੇ ਵਿੱਚ’ ਪ੍ਰੋਗਰਾਮ ਨਿਰੰਤਰ ਜਾਰੀ ਰੱਖਿਆ ਜਾਵੇਗਾ। ਉਹ ਪਿੰਡਾਂ ਵਿਚ ਜਾ ਕੇ ਲੋਕਾਂ ਦੇ ਮਸਲੇ ਵਿਚਾਰਨਗੇ ਅਤੇ ਇਨ੍ਹਾਂ ਦਾ ਹੱਲ ਕੀਤਾ ਜਾਵੇਗਾ। ‘ਆਪ’ ਆਗੂ ਨੇ ਕਿਹਾ ਕਿ ਉਹ ਸੂਬੇ ਵਿੱਚ ਬਦਲਾਅ ਲਿਆਉਣ ਦੇ ਵਾਅਦੇ ਨਾਲ ਸੱਤਾ ਵਿੱਚ ਆਏ ਹਨ। ਉਨ੍ਹਾਂ ਨੂੰ ਹਰ ਵਾਅਦਾ ਯਾਦ ਹੈ। ਲੋਕਾਂ ਨੇ ਆਪਣੀ ਜ਼ਿੰਮੇਵਾਰੀ ਨਿਭਾ ਦਿੱਤੀ ਹੈ, ਹੁਣ ਕੰਮ ਕਰ ਕੇ ਵਿਖਾਉਣਾ ਸਰਕਾਰ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਮਿਹਨਤ, ਲਗਨ ਤੇ ਤਨਦੇਹੀ ਨਾਲ ਨਿਭਾਉਣਗੇ।