ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 14 ਸਤੰਬਰ
ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਉੱਚ ਪੱਧਰੀ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸੀਵਰੇਜ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਸਕੱਤਰ ਨੇ ਵਿਗਿਆਨ ਤੇ ਤਕਨਾਲੌਜੀ, ਸਥਾਨਕ ਸਰਕਾਰਾਂ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਜਲ ਸਰੋਤ ਵਿਭਾਗ, ਐੱਮਸੀ ਲੁਧਿਆਣਾ, ਐੱਮਸੀ ਜਲੰਧਰ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ 570 ਐੱਮਐੱਲਡੀ ਸੀਵਰੇਜ ਗੈਪ ਦੇ ਨਬਿੇੜੇ ਲਈ 31 ਦਸੰਬਰ, 2023 ਤੱਕ 111 ਐੱਸਟੀਪੀ ਸਥਾਪਤ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ 30 ਜੂਨ, 2023 ਤੱਕ ਜਮਾਲਪੁਰ ਵਿੱਚ 225 ਐੱਮਐੱਲਡੀ ਐੱਸਟੀਪੀ, ਜਦੋਂਕਿ ਬੱਲੋਕੇ ਵਿੱਚ 60 ਐੱਮਐੱਲਡੀ ਐੱਸਟੀਪੀ ਸਥਾਪਤ ਕੀਤੇ ਜਾਣਗੇ। ਠੋਸ ਰਹਿੰਦ-ਖੂੰਹਦ ਦੇ ਬਾਰੇ ਦੱਸਿਆ ਕਿ ਘਰ-ਘਰ ਜਾ ਕੇ ਠੋਸ ਕੂੜਾ-ਕਰਕਟ ਇਕੱਠਾ ਕਰਨ ਦੇ ਅਮਲ ਤਹਿਤ 99 ਫ਼ੀਸਦ ਘਰਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ। ਮੀਟਿੰਗ ਵਿੱਚ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਵੀਪੀ ਸਿੰਘ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਦੇ ਪ੍ਰਮੁੱਖ ਸਕੱਤਰ ਏਕੇ ਸਿਨਹਾ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਸੀਈਓ ਪੇਡਾ ਸੁਮੀਤ ਕੁਮਾਰ ਜਾਰੰਗਲ, ਮੈਂਬਰ ਸਕੱਤਰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਕਰੁਨੇਸ ਗਰਗ, ਜੇਡੀਸੀ ਪੇਂਡੂ ਵਿਭਾਗ ਅਮਿਤ ਕੁਮਾਰ ਅਤੇ ਡਾਇਰੈਕਟੋਰੇਟ ਵਾਤਾਵਰਨ ਦੇ ਡਾਇਰੈਕਟਰ ਮਨੀਸ਼ ਕੁਮਾਰ ਮੌਜੂਦ ਸਨ।