ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਅਗਸਤ
ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਨੇ ਜਲੰਧਰ ਸ਼ਹਿਰ ਲਈ 526 ਕਰੋੜ ਰੁਪਏ ਦੀ ਲਾਗਤ ਵਾਲੇ ਨਹਿਰੀ ਜਲ ਸਪਲਾਈ ਪ੍ਰਾਜੈਕਟ ਦਾ ਕੰਮ ਤੇਜ਼ੀ ਨਾਲ ਮੁਕੰਮਲ ਕਰ ਦੇ ਨਿਰਦੇਸ਼ ਦਿੱਤੇ ਹਨ। ਇਸ ਕਾਰਜ ਦਾ ਜਾਇਜ਼ਾ ਲੈਣ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਜਲੰਧਰ ਸ਼ਹਿਰ ਵਾਸੀਆਂ ਨੂੰ ਨਹਿਰੀ ਪਾਣੀ ਦੀ ਸਪਲਾਈ ਮਿਲੇਗੀ ਜੋ ਜ਼ਰੂਰੀ ਖਣਿਜ ਪਦਾਰਥਾਂ ਨਾਲ ਭਰਪੂਰ ਹੋਵੇਗਾ। ਇਸ ਨਾਲ ਪਾਣੀ ਦੀ ਸਪਲਾਈ ਦੇ ਪ੍ਰੈਸ਼ਰ ਵਿੱਚ ਵੀ ਸੁਧਾਰ ਹੋਵੇਗਾ ਅਤੇ ਲੋਕਾਂ ਨੂੰ ਸਬਮਰਸੀਬਲ ਪੰਪਾਂ ਤੇ ਆਰ.ਓ. ’ਤੇ ਖਰਚਾ ਕਰਨ ਦੀ ਜ਼ਰੂਰਤ ਨਹੀਂ ਪਵੇਗੀ। ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਪ੍ਰਾਜੈਕਟ ਅਧੀਨ ਪਾਣੀ ਦੀ ਸਪਲਾਈ ਲਈ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾਵੇਗੀ, ਜਿਸ ਨਾਲ ਧਰਤੀ ਹੇਠਲੇ ਪਾਣੀ ਦੀ ਬਚਤ ਹੋਵੇਗੀ।