ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਸਤੰਬਰ
ਪੰਜਾਬ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਚੰਡੀਗੜ੍ਹ ਵਿਚ ਪੰਜਾਬ ਰਾਜ ਟਰਾਂਸਪੋਰਟ ਸੁਸਾਇਟੀ ਦੀ ਮੀਟਿੰਗ ਵਿੱਚ ਸੜਕੀ ਆਵਾਜਾਈ ਨੂੰ ਸੁਰੱਖਿਅਤ ਕਰਨ ਤੇ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਅਧਿਕਾਰੀਆਂ ਨੂੰ ਹੁਕਮ ਦਿੱਤੇ। ਸ੍ਰੀ ਜੰਜੂਆ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਓਵਰਲੋਡਿੰਗ ਵਾਹਨਾਂ ਦੀ ਜਾਂਚ ਯਕੀਨੀ ਬਣਾਏ। ਇਸੇ ਤਰ੍ਹਾਂ ਡਰਾਈਵਿੰਗ ਲਾਇਸੈਂਸ ਤੇ ਰਜਿਸਟਰੇਸ਼ਨ ਸਰਟੀਫਿਕੇਟ ਦੀ ਪ੍ਰਿੰਟਿੰਗ ਵਿੱਚ ਸੁਧਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਾਲੇਰਕੋਟਲਾ, ਬਟਾਲਾ ਤੇ ਕਪੂਰਥਲਾ ਵਿਚ ਸਥਾਪਤ ਕੀਤੇ ਜਾ ਰਹੇ ਖੇਤਰੀ ਡਰਾਈਵਿੰਗ ਟਰੇਨਿੰਗ ਕੇਂਦਰਾਂ ਨੂੰ ਤੈਅ ਸਮੇਂ ਅੰਦਰ ਸ਼ੁਰੂ ਕੀਤਾ ਜਾਵੇ। ਮੁੱਖ ਸਕੱਤਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੌਕੇ ’ਤੇ ਹੀ ਆਨਲਾਈਨ ਚਲਾਨ ਦੇ ਭੁਗਤਾਨ ਲਈ ਈ-ਚਲਾਨਿੰਗ ਸਿਸਟਮ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਹੁਣ ਘਰ ਬੈਠਿਆਂ ਹੀ ਲਰਨਿੰਗ ਲਾਇਸੈਂਸ ਮਿਲ ਜਾਵੇਗਾ।