ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 8 ਅਪਰੈਲ
ਪੰਜਾਬ ਸਰਕਾਰ ਵੱਲੋਂ ਦਫ਼ਤਰਾਂ ਵਿੱਚ ਦੂਰ-ਦੁਰਾਡੇ ਤੋਂ ਕੰਮ ਕਰਾਉਣ ਲਈ ਆਉਣ ਵਾਲੇ ਲੋਕਾਂ ਦੀ ਸਹੂਲਤ ਵਾਸਤੇ ਸਾਰੇ ਪ੍ਰਸ਼ਾਸਨਿਕ ਸਕੱਤਰਾਂ, ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਲ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਸਾਰੇ ਅਧਿਕਾਰੀਆਂ/ਕਰਮਚਾਰੀਆਂ ਦਾ ਦਫ਼ਤਰੀ ਸਮੇਂ ਦਾ ਪਾਬੰਦ ਰਹਿਣਾ ਯਕੀਨੀ ਬਣਾਉਣ ਲਈ ਵਿਸਤ੍ਰਿਤ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸੇ ਤਰ੍ਹਾਂ, ਪਬਲਿਕ ਡੀਲਿੰਗ ਵਾਲੇ ਦਫ਼ਤਰਾਂ ਵਿੱਚ ਆਉਣ ਵਾਲੇ ਹਰੇਕ ਵਿਅਕਤੀ ਨਾਲ ਚੰਗਾ ਵਤੀਰਾ ਕਰਨ ਤੇ ਠੀਕ ਢੰਗ ਨਾਲ ਅਗਵਾਈ ਕਰਨ ਸਣੇ ਲੋਕਾਂ ਨੂੰ ਮਿਲਣ ਲਈ ਸਮਾਂ ਨਿਰਧਾਰਤ ਕਰਨ ਲਈ ਵੀ ਕਿਹਾ ਗਿਆ ਹੈ। ਕੁਝ ਦਫ਼ਤਰਾਂ ਵਿੱਚ ਲੋਕਾਂ ਦੇ ਮੋਬਾਈਲ ਫੋਨ ਲਿਜਾਣ ’ਤੇ ਲਗਾਈ ਪਾਬੰਦੀ ਨੂੰ ਵੀ ਹਟਾ ਦਿੱਤਾ ਗਿਆ ਹੈ। ਹੁਣ ਉਨ੍ਹਾਂ ਦਫ਼ਤਰਾਂ ’ਚ ਹੀ ਮੋਬਾਈਲ ਫੋਨ ਲਿਜਾਣ ’ਤੇ ਅੰਸ਼ਿਕ ਪਾਬੰਦੀ ਹੋਵੇਗੀ, ਜਿੱਥੇ ਸੁਰੱਖਿਆ ਕਾਰਨਾਂ ਕਰਕੇ ਅਜਿਹਾ ਕਰਨਾ ਲਾਜ਼ਮੀ ਹੋਵੇ।