ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 27 ਮਈ
ਕੇਂਦਰ ਸਰਕਾਰ ਨੇ ਪਾਕਿਸਤਾਨ ਜਾਂਦੇ ਜਥੇ ਵਿੱਚ ਸ਼ਾਮਲ ਲੋਕਾਂ ਲਈ ਚਿਤਾਵਨੀ ਜਾਰੀ ਕੀਤੀ ਹੈ ਕਿ ਉਥੇ ਜਾ ਕੇ ਲੋਕ ਪਾਕਿਸਤਾਨੀ ਲੋਕਾਂ ਨਾਲ ਵਧੇਰੇ ਘੁਲਣ ਮਿਲਣ ਦਾ ਯਤਨ ਨਾ ਕਰਨ ਅਤੇ ਉਨ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਮਹਿਮਾਨਨਿਵਾਜ਼ੀ ਨੂੰ ਕਬੂਲ ਨਾ ਕਰਨ। ਇਸ ਸਬੰਧੀ ਇਕ ਪੱਤਰ ਸ਼੍ਰੋਮਣੀ ਕਮੇਟੀ ਨੂੰ ਵੀ ਭੇਜਿਆ ਗਿਆ ਹੈ। ਇਸ ਸਬੰਧੀ ਪੱਤਰ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਮੁੱਖ ਸਕੱਤਰ ਨੂੰ ਭੇਜਿਆ ਗਿਆ ਹੈ, ਜਿਨ੍ਹਾਂ ਨੇ ਅਗਾਂਹ ਸ਼੍ਰੋਮਣੀ ਕਮੇਟੀ ਨੂੰ ਸੂਚਿਤ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਨੇ ਕਿਹਾ ਕਿ ਪੱਤਰ ਵਿੱਚ ਸ਼ਾਮਲ ਨਸੀਹਤਾਂ ਨਵੀਆਂ ਨਹੀਂ, ਸਗੋਂ ਹਰ ਵਰ੍ਹੇ ਜਥਿਆਂ ਦੇ ਜਾਣ ਤੋਂ ਪਹਿਲਾਂ ਕੇਂਦਰ ਵੱਲੋਂ ਇਹ ਜਾਰੀ ਕੀਤੀਆਂ ਜਾਂਦੀਆਂ ਹਨ। ਇਸ ਤੋਂ ਇਲਾਵਾ ਪਾਕਿਸਤਾਨੀ ਖੁਫੀਆ ਤੇ ਹੋਰ ਅਧਿਕਾਰੀਆਂ ਨਾਲ ਵੀ ਤਾਲਮੇਲ ਕਰਨ ਤੋਂ ਗੁਰੇਜ਼ ਕਰਨ ਦੀ ਹਦਾਇਤ ਕੀਤੀ ਗਈ ਹੈ।