ਬੁੱਧੀਜੀਵੀਆਂ, ਲੇਖਕਾਂ ਤੇ ਕਲਾਕਾਰਾਂ ਵੱਲੋਂ ਪਰਵਾਸੀ ਮਜ਼ਦੂਰਾਂ ਖ਼ਿਲਾਫ਼ ਪ੍ਰਚਾਰ ਦਾ ਵਿਰੋਧ
ਪੰਜਾਬ ਦੇ 500 ਤੋਂ ਵੱਧ ਬੁੱਧੀਜੀਵੀਆਂ, ਲੇਖਕਾਂ, ਕਲਾਕਾਰਾਂ, ਵਿਦਿਆਰਥੀਆਂ ਅਤੇ ਸਮਾਜਿਕ ਕਾਰਕੁਨਾਂ ਨੇ ਸੂਬੇ ਵਿੱਚ ਪਰਵਾਸੀ ਮਜ਼ਦੂਰਾਂ ਨੂੰ ਨਿਸ਼ਾਨਾ ਬਣਾਉਣ ਅਤੇ ਹਿੰਸਾ ਤੇ ਨਫ਼ਰਤ ਫੈਲਾਉਣ ਦੀਆਂ ਘਟਨਾਵਾਂ ਵਿਰੁੱਧ ਸਾਰਿਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ। ਜਮਹੂਰੀ ਅਧਿਕਾਰ ਸਭਾ ਪੰਜਾਬ...
ਪੰਜਾਬ ਦੇ 500 ਤੋਂ ਵੱਧ ਬੁੱਧੀਜੀਵੀਆਂ, ਲੇਖਕਾਂ, ਕਲਾਕਾਰਾਂ, ਵਿਦਿਆਰਥੀਆਂ ਅਤੇ ਸਮਾਜਿਕ ਕਾਰਕੁਨਾਂ ਨੇ ਸੂਬੇ ਵਿੱਚ ਪਰਵਾਸੀ ਮਜ਼ਦੂਰਾਂ ਨੂੰ ਨਿਸ਼ਾਨਾ ਬਣਾਉਣ ਅਤੇ ਹਿੰਸਾ ਤੇ ਨਫ਼ਰਤ ਫੈਲਾਉਣ ਦੀਆਂ ਘਟਨਾਵਾਂ ਵਿਰੁੱਧ ਸਾਰਿਆਂ ਨੂੰ ਇਕਜੁੱਟ ਹੋਣ ਦਾ ਸੱਦਾ ਦਿੱਤਾ ਹੈ।
ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਪ੍ਰਧਾਨ ਪ੍ਰੋ. ਜਗਮੋਹਨ ਸਿੰਘ, ਡਾ. ਸਵਰਾਜਬੀਰ, ਰਾਜਨੀਤੀ ਸ਼ਾਸਤਰੀ ਹਰੀਸ਼ ਪੁਰੀ, ਅਰਥ-ਸ਼ਾਸਤਰੀ ਸੁੱਚਾ ਸਿੰਘ ਗਿੱਲ, ਰਣਜੀਤ ਸਿੰਘ ਘੁੰਮਣ, ਵਿਦਵਾਨ ਤੇ ਸਮਾਜਿਕ ਕਾਰਕੁਨ ਨਵਸ਼ਰਨ ਕੌਰ, ਪ੍ਰੋ. ਸੁਖਦੇਵ ਸਿੰਘ ਸਿਰਸਾ, ਜੀ ਐੱਨ ਡੀ ਯੂ ਅੰਮ੍ਰਿਤਸਰ ਦੇ ਸਾਬਕਾ ਪ੍ਰੋ. ਪਰਮਿੰਦਰ ਸਿੰਘ, ਲੋਕ ਮੋਰਚਾ ਪੰਜਾਬ ਦੇ ਅਮੋਲਕ ਸਿੰਘ, ਸਾਬਕਾ ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਰੀਤ ਕੌਰ, ਜੇ ਐੱਨ ਯੂ ਦੇ ਸਾਬਕਾ ਪ੍ਰੋਫੈਸਰ ਚਮਨ ਲਾਲ, ਤਰਕਸ਼ੀਲ ਨੇਤਾ ਮੇਘ ਰਾਜ ਮਿੱਤਰ, ਲੇਖਕ ਸੁਰਜੀਤ ਜੱਜ ਅਤੇ ਪੰਜਾਬ ’ਵਰਸਿਟੀ ਦੇ ਪ੍ਰੋਫੈਸਰ ਸਰਬਜੀਤ ਸਿੰਘ ਨੇ ਕਿਹਾ ਕਿ ਹੁਸ਼ਿਆਰਪੁਰ ਵਿੱਚ ਘਿਣਾਉਣਾ ਅਪਰਾਧ ਇੱਕ ਰੋਗੀ ਦਿਮਾਗ ਦੇ ਵਿਅਕਤੀ ਵੱਲੋਂ ਕੀਤਾ ਗਿਆ ਹੈ। ਕਾਨੂੰਨ ਨੂੰ ਦੋਸ਼ੀ ਨੂੰ ਸਜ਼ਾ ਦੇਣ ਲਈ ਤੇਜ਼ੀ ਨਾਲ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਕ ਵਿਅਕਤੀ ਕਰ ਕੇ ਸਮੁੱਚੇ ਭਾਈਚਾਰੇ ਦਾ ਵਿਰੋਧ ਗ਼ਲਤ ਹੈ।
ਬੁੱਧੀਜੀਵੀਆਂ ਤੇ ਲੇਖਕਾਂ ਨੇ ਪੰਜਾਬੀਆਂ ਨੂੰ ਸੂਬੇ ਦੀ ਖ਼ੁਸ਼ਹਾਲੀ ਵਿੱਚ ਹਰੇ ਇਨਕਲਾਬ ਤੋਂ ਲੈ ਕੇ ਉਦਯੋਗਿਕ ਵਿਕਾਸ ਤੱਕ ਪਰਵਾਸੀਆਂ ਦੀ ਭੂਮਿਕਾ ਦਾ ਜ਼ਿਕਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਮਜ਼ਦੂਰਾਂ ਦਾ ਇਸ ਤਰ੍ਹਾਂ ਦਾ ਵਿਰੋਧ ਗ਼ਲਤ ਹੋਣ ਦੇ ਨਾਲ ਹੀ ਪੰਜਾਬ ਦੀ ਅਧਿਆਤਮਕ ਵਿਰਾਸਤ ਨਾਲ ਧੋਖਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਸਜ਼ਾ ਮਿਲਣੀ ਚਾਹੀਦੀ ਹੈ, ਪਰ ਪੂਰੇ ਭਾਈਚਾਰੇ ਵਿਰੁੱਧ ਨਫ਼ਰਤ ਅਤੇ ਹਿੰਸਾ ਖ਼ਤਮ ਹੋਣੀ ਚਾਹੀਦੀ ਹੈ। ਇਸ ਲਈ ਸਾਰਿਆਂ ਨੂੰ ਸਾਜ਼ਿਸ਼ਾਂ ਖ਼ਿਲਾਫ਼ ਚੌਕਸ ਹੋਣਾ ਚਾਹੀਦਾ ਹੈ।
ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵੱਲੋਂ ਪਰਵਾਸੀ ਮਜ਼ਦੂਰਾਂ ਖ਼ਿਲਾਫ਼ ਪ੍ਰਚਾਰ ਦਾ ਵਿਰੋਧ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਦੇ ਹੁਸ਼ਿਆਰਪੁਰ ਵਿੱਚ ਪਰਵਾਸੀ ਮਜ਼ਦੂਰ ਵੱਲੋਂ ਬੱਚੇ ਦਾ ਕਥਿਤ ਕਤਲ ਕਰਨ ਦੀ ਘਟਨਾ ਮਗਰੋਂ ਸੂਬੇ ਵਿੱਚ ਪਰਵਾਸੀ ਮਜ਼ਦੂਰਾਂ ਖ਼ਿਲਾਫ਼ ਕੀਤੇ ਜਾ ਰਹੇ ਭੜਕਾਊ ਪ੍ਰਚਾਰ ਦਾ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਵਿਰੋਧ ਕੀਤਾ ਹੈ। ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਘਟਨਾ ਦੇ ਦੋਸ਼ੀ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ, ਜਨਰਲ ਸਕੱਤਰ ਰਜਿੰਦਰ ਸਿੰਘ ਦੀਪ ਸਿੰਘ ਵਾਲਾ, ਪ੍ਰੈੱਸ ਸਕੱਤਰ ਰਮਿੰਦਰ ਸਿੰਘ ਪਟਿਆਲਾ, ਬੀ ਕੇ ਯੂ ਏਕਤਾ (ਉਗਰਾਹਾਂ), ਬੀ ਕੇ ਯੂ ਏਕਤਾ (ਡਕੌਂਦਾ), ਬੀ ਕੇ ਯੂ (ਰਾਜੇਵਾਲ) ਦੇ ਆਗੂਆਂ ਨੇ ਕਿਹਾ ਕਿ ਬੱਚੇ ਦਾ ਕਤਲ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ ਪਰ ਇਸ ਦੀ ਆੜ ਵਿੱਚ ਕਿਸੇ ਸਮੁੱਚੇ ਪਰਵਾਸੀ ਭਾਈਚਾਰੇ ਨੂੰ ਦੋਸ਼ੀ ਆਖਣਾ ਗ਼ਲਤ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਮਜ਼ਦੂਰਾਂ ਦਾ ਪੰਜਾਬ ਦੀ ਆਰਥਿਕਤਾ ਵਿੱਚ ਖ਼ਾਸ ਕਰ ਖੇਤੀ ਅਤੇ ਉਦਯੋਗਾਂ ’ਚ ਅਹਿਮ ਯੋਗਦਾਨ ਹੈ। ਸਾਂਝੇ ਮਜ਼ਦੂਰ ਮੋਰਚੇ ਦੇ ਆਗੂ ਤਰਸੇਮ ਪੀਟਰ, ਦਰਸ਼ਨ ਨਾਹਰ, ਦੇਵੀ ਕੁਮਾਰੀ, ਰਾਮ ਸਿੰਘ ਨੂਰਪੁਰੀ, ਲਛਮਣ ਸਿੰਘ ਸੇਵੇਵਾਲਾ, ਗੋਬਿੰਦ ਸਿੰਘ ਛਾਜਲੀ, ਮੁਕੇਸ਼ ਮਲੌਦ ਤੇ ਕੁਲਵੰਤ ਸਿੰਘ ਸੇਲਵਰਾ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਕੁਝ ਪਰਵਾਸੀ ਮਜ਼ਦੂਰਾਂ ਦੀਆਂ ਅਪਰਾਧਕ ਗਤੀਵਿਧੀਆਂ ਕਾਰਨ ਸਮੁੱਚੇ ਪਰਵਾਸੀ ਮਜ਼ਦੂਰਾਂ ਖ਼ਿਲਾਫ਼ ਚਲਾਈ ਜਾ ਰਹੀ ਭੜਕਾਊ ਤੇ ਨਫਰਤੀ ਮੁਹਿੰਮ ਤੋਂ ਬਚਣ। ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਦੀਆਂ ਗੱਲਾਂ ਵਿੱਚ ਆ ਕੇ ਅਜਿਹੇ ਮੁੱਦਿਆਂ ਵੱਲ ਧਿਆਨ ਕੇਂਦਰਿਤ ਨਾ ਕਰਨ।

