ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 30 ਮਈ
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬੀ ਲੋਕ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਕੌਮਾਂਤਰੀ ਪੱਧਰ ਦੀ ਏਜੰਸੀ ਤੋਂ ਕਰਵਾਈ ਜਾਵੇ, ਕਿਉਂਕਿ ਕੇਂਦਰ ਅਤੇ ਰਾਜ ਸਰਕਾਰਾਂ ਤੋਂ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਦੀ ਉਮੀਦ ਨਹੀਂ ਹੈ। ਉਨ੍ਹਾਂ ਨੇ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਇੱਕ ਵੱਡੀ ਸਾਜ਼ਿਸ਼ ਕਰਾਰ ਦਿੰਦਿਆਂ ਵਿਦੇਸ਼ਾਂ ਵਿੱਚ ਵਸਦੇ ਸਿੱਖਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਕਰਾਉਣ ਲਈ ਆਵਾਜ਼ ਉਠਾਉਣ। ਉਹ ਇੱਥੇ ਆਪਣੇ ਚੋਣ ਦਫ਼ਤਰ ਵਿੱਚ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਉਪਰ ਭਰੋਸਾ ਨਹੀਂ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਨਿਰਪੱਖ ਜਾਂਚ ਹੋਵੇਗੀ। ਉਨ੍ਹਾਂ ਕਿਹਾ ਕਿ ਉਹ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਪਾਰਟੀ ਉਮੀਦਵਾਰ ਵਜੋਂ 4 ਜੂਨ ਨੂੰ ਨਾਮਜ਼ਦਗੀ ਪੱਤਰ ਦਾਖ਼ਲ ਕਰਾਉਣਗੇ।