ਦਰਸ਼ਨ ਸਿੰਘ ਸੋਢੀ
ਐੱਸਏਐੱਸ ਨਗਰ (ਮੁਹਾਲੀ), 16 ਜਨਵਰੀ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਤੋਂ ਕਰੋਨਾ ਟੀਕਾਕਰਨ ਮੁਹਿੰਮ ਦਾ ਰਸਮੀ ਆਗਾਜ਼ ਕੀਤਾ ਗਿਆ। ਇਸ ਮੁਹਿੰਮ ਦੇ ਪਹਿਲੇ ਪੜਾਅ ਵਿੱਚ ਪੌਣੇ ਦੋ ਲੱਖ ਸਿਹਤ ਕਾਮਿਆਂ ਦਾ ਟੀਕਾਕਰਨ ਕੀਤਾ ਜਾਵੇਗਾ ਅਤੇ ਰੋਜ਼ 40 ਹਜ਼ਾਰ ਸਿਹਤ ਕਾਮਿਆਂ ਨੂੰ ਟੀਕਾਕਰਨ ਮੁਹਿੰਮ ਹੇਠ ਕਵਰ ਕੀਤਾ ਜਾਵੇਗਾ। ਇਸੇ ਨਾਲ ਹੀ ਫਰੰਟਲਾਈਨ ਵਰਕਰ, ਬਜ਼ੁਰਗ (50 ਸਾਲ ਤੋਂ ਵੱਧ ਉਮਰ ਵਾਲੇ) ਅਤੇ 50 ਸਾਲ ਤੋਂ ਘੱਟ ਉਮਰ ਤੇ ਬਿਮਾਰਾਂ ਤਰਜੀਹ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਅੱਜ ਸੂਬੇ ਵਿੱਚ 59 ਟੀਕਾਕਰਨ ਥਾਵਾਂ ’ਤੇ ਟੀਕਾਕਰਨ ਮੁਹਿੰਮ ਦਾ ਆਰੰਭ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਹ ਖ਼ੁਦ ਸਭ ਤੋਂ ਪਹਿਲਾਂ ਟੀਕਾ ਲਗਾਉਣਾ ਚਾਹੁੰਦੇ ਸਨ ਪਰ ਪ੍ਰਧਾਨ ਮੰਤਰੀ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਇਹ ਦਵਾਈ ਪਹਿਲਾਂ ਸਿਹਤ ਕਾਮਿਆਂ ਅਤੇ ਫਰੰਟਲਾਈਨ ਕਰੋਨਾ ਯੋਧਿਆਂ ਨੂੰ ਦਿੱਤੀ ਜਾਵੇਗੀ।
ਕੈਪਟਨ ਅਮਰਿੰਦਰ ਸਿੰਘ ਨੇ ਕਰੋਨਾ ਵੈਕਸੀਨ ਨੂੰ ਲੈ ਕੇ ਸ਼ਰਾਰਤੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਝੂਠੀਆਂ ਨੂੰ ਅਫ਼ਵਾਹਾਂ ਨੂੰ ਮੁੱਢੋਂ ਰੱਦ ਕਰਦਿਆਂ ਸੂਬੇ ਦੇ ਲੋਕਾਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਰੋਨਾ ਟੀਕਾਕਰਨ ਲਈ ਤਿਆਰੀਆਂ ਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ, ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਡੀਸੀ ਗਿਰੀਸ਼ ਦਿਆਲਨ, ਐੱਸਐੱਸਪੀ ਸਤਿੰਦਰ ਸਿੰਘ, ਏਡੀਸੀ ਸ੍ਰੀਮਤੀ ਆਸ਼ਿਕਾ ਜੈਨ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ, ਰਜਿੰਦਰ ਸਿੰਘ ਰਾਣਾ, ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸਵ ਜੈਨ ਅਤੇ ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਮੌਜੂਦ ਸਨ।
ਜਲੰਧਰ(ਪਾਲ ਸਿੰੰਘ ਨੌਲੀ):ਕਰੋਨਾ ਵਾਇਰਸ ਦੇ ਟਾਕਰੇ ਲਈ ਆਈ ਵੈਕਸੀਨ ਨੂੰ ਪੰਜਾਬ ਵਿੱਚ ਲਗਾਉਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜਲੰਧਰ ‘ਚ ਅੱਜ ਤੋਂ ਟੀਕਾਕਰਨ ਸ਼ੁਰੂ ਹੋ ਗਿਆ।
ਪਹਿਲਾ ਟੀਕਾ ਸਿਵਲ ਹਸਪਤਾਲ ਦੇ ਸੇਵਾਮੁਕਤ ਐੱਸਐੱਮਓ ਡਾ. ਕਸ਼ਮੀਰੀ ਲਾਲ ਨੂੰ ਲਾਇਆ ਗਿਆ ਹੈ। ਉਹ ਹਾਲ ਹੀ ਵਿੱਚ ਸਿਵਲ ਹਸਪਤਾਲ ਜਲੰਧਰ ਤੋਂ ਸੇਵਾਮੁਕਤ ਹੋਏ ਹਨ। ਇਸ ਮੌਕੇ ਆਈਐੱਮਏ ਦੇ ਸੂਬਾਈ ਪ੍ਰਧਾਨ ਡਾ. ਨਵਜੋਤ ਸਿੰਘ ਦਾਹੀਆ ਤੇ ਸਿਹਤ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ। ਟੀਕਾਕਰਨ ਦਾ ਉਦਘਾਟਨ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਕੀਤਾ। ਇਸ ਤੋਂ ਪਹਿਲਾਂ ਸਿਵਲ ਸਰਜਨ ਨੇ ਸਿਵਲ ਹਸਪਤਾਲ ਦੇ ਵੈਕਸੀਨੇਸ਼ਨ ਸੈਂਟਰ ‘ਚ ਪਹੁੰਚ ਤਿਆਰੀਆਂ ਦਾ ਜਾਇਜ਼ਾ ਲਿਆ ਹੈ। ਉਨ੍ਹਾਂ ਨਾਲ ਡਾ. ਰਾਕੇਸ਼ ਕੁਮਾਰ ਚੋਪੜਾ, ਡਾ. ਸਤੀਸ਼ ਕੁਮਾਰ ਤੇ ਡਾ. ਗਗਨ ਮੌਜੂਦ ਸਨ।