ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 22 ਅਗਸਤ
ਸ਼੍ਰੋਮਣੀ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿਚੋਂ ਲਾਪਤਾ ਹੋਏ 267 ਪਾਵਨ ਸਰੂਪਾਂ ਦੇ ਮਾਮਲੇ ਦੀ ਚੱਲ ਰਹੀ ਜਾਂਚ ਮੁਕੰਮਲ ਹੋ ਗਈ ਹੈ। ਜਾਂਚ ਕਮੇਟੀ ਵਲੋਂ ਇਹ ਰਿਪੋਰਟ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਅੱਜ ਜਾਂ ਕੱਲ ਸੌਂਪ ਦਿੱਤੀ ਜਾਵੇਗੀ। ਜਾਂਚ ਰਿਪੋਰਟ 24 ਅਗਸਤ ਨੂੰ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਵਿਚ ਵਿਚਾਰੇ ਜਾਣ ਦੀ ਸੰਭਾਵਨਾ ਹੈ।
ਪਾਵਨ ਸਰੂਪਾਂ ਦੇ ਘੱਟ ਜਾਣ ਸਬੰਧੀ ਜਾਂਚ ਦੀ ਜ਼ਿੰਮੇਵਾਰੀ ਐਡਵੋਕੇਟ ਈਸ਼ਰ ਸਿੰਘ ਨੂੰ ਸੌਂਪੀ ਗਈ ਸੀ। ਉਨ੍ਹਾਂ ਦੀ ਸਹਾਇਤਾ ਲਈ ਦੋ ਹੋਰ ਮੈਂਬਰ ਟੀਮ ਵਿਚ ਸ਼ਾਮਲ ਕੀਤੇ ਗਏ ਸਨ ਅਤੇ ਜਾਂਚ ਵਾਸਤੇ ਇਕ ਮਹੀਨੇ ਦਾ ਸਮਾਂ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਇਹ ਜਾਂਚ ਸਾਬਕਾ ਜੱਜ ਜਸਟਿਸ ਨਵਿਤਾ ਸਿੰਘ ਨੂੰ ਸੌਂਪੀ ਗਈ ਸੀ ਅਤੇ ਸਹਾਇਕ ਜਾਂਚਕਰਤਾ ਵਜੋਂ ਤਿਲੰਗਾਨਾ ਹਾਈ ਕੋਰਟ ਦੇ ਵਕੀਲ ਈਸ਼ਰ ਸਿੰਘ ਨੂੰ ਜੋੜਿਆ ਗਿਆ ਸੀ। ਜਾਂਚ ਆਰੰਭ ਹੋਣ ਮਗਰੋਂ ਕੁਝ ਦਿਨ ਬਾਅਦ ਹੀ ਜਸਟਿਸ ਨਵਿਤਾ ਸਿੰਘ ਨੇ ਆਪਣਾ ਨਾਂ ਵਾਪਸ ਲੈ ਲਿਆ ਸੀ ਜਿਸ ਮਗਰੋਂ ਇਹ ਜਾਂਚ ਈਸ਼ਰ ਸਿੰਘ ਹਵਾਲੇ ਕੀਤੀ ਗਈ ਸੀ।
ਜਾਣਕਾਰੀ ਮੁਤਾਬਕ ਜਾਂਚ ਟੀਮ ਵੱਲੋਂ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਅਤੇ ਸਾਬਕਾ ਅਧਿਕਾਰੀਆਂ ਤੇ ਕਰਮਚਾਰੀਆਂ ਕੋਲੋਂ ਪੁੱਛ-ਪੜਤਾਲ ਕੀਤੀ ਗਈ ਹੈ। ਉਨ੍ਹਾਂ ਪਬਲੀਕੇਸ਼ਨ ਵਿਭਾਗ ਦੇ ਪਿਛਲੇ ਪੰਜ ਸਾਲ ਦੇ ਰਿਕਾਰਡ ਨੂੰ ਵੀ ਘੋਖਿਆ ਹੈ। ਸ਼੍ਰੋਮਣੀ ਕਮੇਟੀ ਦੇ ਖਾਤਿਆਂ ਦਾ ਲੇਖਾ-ਜੋਖਾ ਰਖਦੀ ਇਕ ਸੀਏ ਕੰਪਨੀ ਕੋਲੋਂ ਵੀ ਪੁੱਛ-ਗਿੱਛ ਕੀਤੀ ਗਈ ਹੈ। ਸੂਤਰਾਂ ਮੁਤਾਬਕ ਜਾਂਚ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਪਬਲੀਕੇਸ਼ਨ ਵਿਭਾਗ ਵਿਚ ਕੰਮ ਕਰਦੇ ਕੁਝ ਕਰਮਚਾਰੀ ਸਿੱਧੇ ਤੌਰ ’ਤੇ ਇਸ ਮਾਮਲੇ ’ਚ ਜ਼ਿੰਮੇਵਾਰ ਹਨ ਜਿਨ੍ਹਾਂ ਸਰੂਪਾਂ ਦਾ ਕੋਈ ਲੇਖਾ-ਜੋਖਾ ਨਹੀਂ ਰੱਖਿਆ। ਪੰਜ ਸਿੰਘ ਸਾਹਿਬਾਨ ਦੀ 24 ਅਗਸਤ ਨੂੰ ਹੋਣ ਵਾਲੀ ਮੀਟਿੰਗ ਵਿਚ ਲਾਪਤਾ ਸਰੂਪਾਂ ਦੀ ਜਾਂਚ ਰਿਪੋਰਟ ਤੋਂ ਇਲਾਵਾ ਕੈਨੇਡਾ ਵਿਚ ਆਪਣੇ ਤੌਰ ’ਤੇ ਪਾਵਨ ਸਰੂਪ ਛਾਪਣ ਦੇ ਮਾਮਲੇ ਨੂੰ ਵੀ ਵਿਚਾਰੇ ਜਾਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਪੰਥ ਵਿਚੋਂ ਛੇਕੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਇਕ ਗੁਰਦੁਆਰੇ ਵਿਚ ਪੰਜ ਪਿਆਰਿਆਂ ਵੱਲੋਂ ਆਪਣੇ ਪੱਧਰ ’ਤੇ ਮੁਆਫ਼ੀ ਦੇਣ ਦਾ ਮਾਮਲਾ ਅਤੇ ਚੀਫ ਖਾਲਸਾ ਦੀਵਾਨ ਦੇ ਅੰਮ੍ਰਿਤਧਾਰੀ ਮੈਂਬਰਾਂ ਬਾਰੇ ਮਾਮਲੇ ਵਿਚਾਰੇ ਜਾਣ ਦੀ ਵੀ ਸੰਭਾਵਨਾ ਹੈ।
ਹਰਿਮੰਦਰ ਸਾਹਿਬ ਦੇ ਅੰਦਰ-ਬਾਹਰ ਚੌਕਸੀ ਵਧਾਈ
ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਪੰਜਾਬ ਸਰਕਾਰ ਵੱਲੋਂ ਪਾਬੰਦੀ ਅਧੀਨ ਰੱਖੀ ਗਈ ਜਥੇਬੰਦੀ ‘ਸਿੱਖਸ ਫਾਰ ਜਸਟਿਸ’ ਨੇ ਇਕ ਵਾਰ ਮੁੜ ਰਾਇਸ਼ੁਮਾਰੀ-2020 ਲਈ ਭਲਕੇ ਸ੍ਰੀ ਅਕਾਲ ਤਖ਼ਤ ’ਤੇ ਅਰਦਾਸ ਕੀਤੇ ਜਾਣ ਦਾ ਐਲਾਨ ਕੀਤਾ ਹੈ ਿਜਸ ਤੋਂ ਬਾਅਦ ਹਰਿਮੰਦਰ ਸਾਹਿਬ ਸਮੂਹ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਚੌਕਸੀ ਵਧਾ ਦਿੱਤੀ ਗਈ ਹੈ। ਇਸ ਸਬੰਧੀ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਵਾਇਰਲ ਹੋਈ ਹੈ, ਜਿਸ ਵਿਚ ‘ਸਿੱਖਸ ਫਾਰ ਜਸਟਿਸ’ ਵੱਲੋਂ ਪੰਜਾਬ ਸਰਕਾਰ ਨੂੰ ਚੁਣੌਤੀ ਦਿੱਤੀ ਗਈ ਹੈ ਕਿ ਉਹ ਸ੍ਰੀ ਅਕਾਲ ਤਖ਼ਤ ’ਤੇ 23 ਅਗਸਤ ਨੂੰ ਕੀਤੇ ਜਾਣ ਵਾਲੀ ਅਰਦਾਸ ਨੂੰ ਰੋਕ ਸਕਦੀ ਹੈ ਤਾਂ ਰੋਕੇ। ਵੀਡੀਓ ਵਿਚ ਕਿਹਾ ਜਾ ਰਿਹਾ ਹੈ ਕਿ ਜਥੇਬੰਦੀ ਦੇ ਗੁਰਪਤਵੰਤ ਸਿੰਘ ਪੰਨੂ ਨੇ ਐਲਾਨ ਕੀਤਾ ਹੈ ਕਿ 23 ਅਗਸਤ ਨੂੰ ਪੰਜਾਬ ਦਾ ਕੋਈ ਵੀ ਸਿੱਖ ਅਰਦਾਸੀਆ ਸਿੰਘ ਜੇਕਰ ਸ੍ਰੀ ਅਕਾਲ ਤਖ਼ਤ ’ਤੇ ਸਿੱਖ ਕੌਮ ਦੀ ਚੜ੍ਹਦੀ ਕਲਾ, ਖਾਲਿਸਤਾਨ ਅਤੇ ਰਾਇਸ਼ੁਮਾਰੀ ਬਾਰੇ ਅਰਦਾਸ ਕਰਦਾ ਹੈ ਅਤੇ ਆਪਣੀ ਵੀਡੀਓ ਜਥੇਬੰਦੀ ਨੂੰ ਭੇਜਦਾ ਹੈ ਤਾਂ ਉਸ ਨੂੰ ਪੰਜ ਹਜ਼ਾਰ ਡਾਲਰ ਦਿੱਤੇ ਜਾਣਗੇ। ਹਰਿਮੰਦਰ ਸਾਹਿਬ ਸਮੂਹ ਦੇ ਆਲੇ-ਦੁਆਲੇ ਅਤੇ ਅੰਦਰ ਸਿਵਲ ਵਰਦੀ ਵਿਚ ਪੁਲੀਸ ਤਾਇਨਾਤ ਕੀਤੀ ਗਈ ਹੈ। ਇਸੇ ਦੌਰਾਨ ਅਕਾਲ ਤਖ਼ਤ ਦੇ ਸਕੱਤਰੇਤ ਦੇ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਨੂੰ ਇਸ ਵੀਡੀਓ ਬਾਰੇ ਕੋਈ ਜਾਣਕਾਰੀ ਨਹੀਂ ਹੈ। ਹਰਿਮੰਦਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਨੇ ਕਿਹਾ ਕਿ ਪੁਲੀਸ ਵੱਲੋਂ ਆਪਣੇ ਪੱਧਰ ’ਤੇ ਨਿਗਰਾਨੀ ਕੀਤੀ ਜਾ ਰਹੀ ਹੈ।
ਦਰਬਾਰ ਸਾਹਿਬ ’ਚ ਮੂੰਹ ਢੱਕ ਕੇ ਰੱਖਣਾ ਲਾਜ਼ਮੀ
ਅੰਮ੍ਰਿਤਸਰ: ਕਰੋਨਾ ਦੇ ਵੱਧ ਰਹੇ ਪ੍ਰਭਾਵ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਅੱਜ ਤੋਂ ਗੁਰੂ ਘਰ ਮੱਥਾ ਟੇਕਣ ਆਉਣ ਵਾਲੀ ਸੰਗਤ ਵਾਸਤੇ ਮਾਸਕ ਪਹਿਨਣਾ ਜਾਂ ਮੂੰਹ ਢੱਕ ਕੇ ਰੱਖਣਾ ਲਾਜ਼ਮੀ ਕਰਾਰ ਦਿੱਤਾ ਹੈ। ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਤੇ ਦਰਸ਼ਨੀ ਢਿਉਡੀ ਦੇ ਬਾਹਰ ਸ਼੍ਰੋਮਣੀ ਕਮੇਟੀ ਨੇ ਆਪਣੇ ਕਰਮਚਾਰੀ ਤਾਇਨਾਤ ਕਰ ਦਿੱਤੇ ਹਨ, ਜੋ ਮੱਥਾ ਟੇਕਣ ਆਉਣ ਵਾਲੀ ਸੰਗਤ ਨੂੰ ਮੂੰਹ ਢੱਕ ਕੇ ਰੱਖਣ ਲਈ ਆਖ ਰਹੇ ਸਨ। ਮੈਨੇਜਰ ਮੁਖਤਾਰ ਸਿੰਘ ਨੇ ਇਸ ਦੀ ਪੁਸ਼ਟੀ ਕਰਦਿਆਂ ਆਖਿਆ ਕਿ ਕਰੋਨਾ ਤੋਂ ਬਚਾਅ ਵਾਸਤੇ ਪਹਿਲਾਂ ਵੀ ਸਿਹਤ ਵਿਭਾਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ।