ਦਵਿੰਦਰ ਪਾਲ
ਚੰਡੀਗੜ੍ਹ, 17 ਫਰਵਰੀ
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਪੰਜਾਬ ਵਿੱਚ ਵੀ ਕਿਸਾਨ ਜਥੇਬੰਦੀਆਂ ਨੇ ਭਲਕੇ ਦੇ ਰੇਲ ਰੋਕੋ ਨੂੰ ਕਾਮਯਾਬ ਕਰਨ ਲਈ ਕਿਸਾਨਾਂ ਨੂੰ ਕਾਫ਼ਲੇ ਬੰਨ੍ਹ ਕੇ ਰੇਲ ਪਟੜੀਆਂ ’ਤੇ ਰੋਸ ਪ੍ਰਦਰਸ਼ਨ ਕਰਨ ਦਾ ਸੱਦਾ ਦਿੱਤਾ ਹੈ। ਸੂਬੇ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਸਵਾ ਸੌ ਤੋਂ ਵੱਧ ਥਾਵਾਂ ’ਤੇ ਚੱਲ ਰਹੇ ਧਰਨਿਆਂ ਦੌਰਾਨ ਵੀ ਕਿਸਾਨ ਬੁਲਾਰਿਆਂ ਨੇ ਭਾਸ਼ਨਾਂ ਦੀ ਸੁਰ ਰੇਲ ਰੋਕੋ ਨੂੰ ਕਾਮਯਾਬ ਕਰਨ ’ਤੇ ਹੀ ਰੱਖੀ। ਕਿਸਾਨ ਜਥੇਬੰਦੀਆਂ ਨੇ ਭਲਕੇ ਸੂਬੇ ਅੰਦਰ ਰੇਲ ਪਟੜੀਆਂ ’ਤੇ 12 ਤੋਂ 4 ਵਜੇ ਤੱਕ ਮੋਰਚੇ ਗੱਡਣ ਦਾ ਫੈਸਲਾ ਕੀਤਾ ਹੈ।
ਬੁਲਾਰਿਆਂ ਨੇ ਕਿਹਾ ਕਿ ਕਿਸਾਨੀ ਅੰਦੋਲਨ ਹੁਣ ਜਨ ਅੰਦੋਲਨ ਦਾ ਰੂਪ ਧਾਰ ਚੁੱਕਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਹੈਂਕੜ ਹੀ ਸਰਕਾਰ ਦੇ ਪਤਨ ਦਾ ਕਾਰਨ ਬਣੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸਰਕਾਰ ਦੇ ਸਾਰੇ ਮੰਤਰੀ ਬੁਖਲਾਹਟ ਵਿੱਚ ਆ ਕੇ ਅੰਨਦਾਤਾ ਦੀ ਆਵਾਜ਼ ਸੁਣਨ ਦੀ ਬਜਾਏ ਕਾਨੂੰਨਾਂ ਦੀ ਤਰਫ਼ਦਾਰੀ ਕਰਕੇ ਅੰਦੋਲਨ ਕਰ ਰਹੇ ਕਿਸਾਨਾਂ ਦਾ ਅਪਮਾਨ ਕਰ ਰਹੇ ਹਨ। ਬੁਲਾਰਿਆਂ ਨੇ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਨਿੱਤਰਨ ਤੋਂ ਬਾਅਦ ਪ੍ਰਧਾਨ ਮੰਤਰੀ ਦਾ ਅੰਬਾਨੀ ਅਤੇ ਅਡਾਨੀ ਨਾਲ ਹੇਜ ਨੰਗਾ ਹੋ ਗਿਆ ਹੈ। ਲੋਕਾਂ ਨੂੰ ਅਪੀਲ ਕਰਦਿਆਂ ਉਨ੍ਹਾਂ ਕਾਰਪੋਰੇਟ ਘਰਾਣਿਆਂ ਦੀਆਂ ਵਸਤਾਂ ਦਾ ਬਾਈਕਾਟ ਜਾਰੀ ਰੱਖਣ ਲਈ ਕਿਹਾ ਤਾਂ ਜੋ ਛੇਤੀ ਜਿੱਤ ਮਿਲ ਸਕੇ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਘਬਰਾ ਕੇ ਸੋਸ਼ਲ ਮੀਡੀਆ ’ਤੇ ਵਿਚਾਰ ਪ੍ਰਗਟ ਕਰਨ ਵਾਲੇ ਵਾਤਾਵਰਣ ਪ੍ਰੇਮੀਆਂ, ਬੁੱਧੀਜੀਵੀਆਂ ਖ਼ਿਲਾਫ਼ ਨਾਜਾਇਜ਼ ਪਰਚੇ ਕਰਕੇ ਜੇਲ੍ਹਾਂ ’ਚ ਡੱਕ ਰਹੀ ਹੈ। ਉਨ੍ਹਾਂ ਦਾ ਗੁਨਾਹ ਸਿਰਫ਼ ਇੰਨਾ ਹੈ ਕਿ ਉਨ੍ਹਾਂ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ ਹੈ। ਬੁਲਾਰਿਆਂ ਨੇ ਕਿਹਾ ਕਿ ਸਮਾਜਿਕ ਕਾਰਕੁਨਾਂ ਖਿਲਾਫ਼ ਕਾਰਵਾਈ ਵੀ ਸਰਕਾਰ ਨੂੰ ਮਹਿੰਗੀ ਪਵੇਗੀ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਰੇਲ ਰੋਕੋ ਪ੍ਰੋਗਰਾਮ ਨੂੰ ਸ਼ਾਂਤਮਈ ਢੰਗ ਨਾਲ ਸਫ਼ਲ ਬਣਾਉਣ ਦੀ ਅਪੀਲ ਕੀਤੀ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੀਨਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਸੁਖਵਿੰਦਰ ਸਿੰਘ ਸਭਰਾ, ਗੁਰਬਚਨ ਸਿੰਘ ਚੱਬਾ ਤੇ ਹਰਪ੍ਰੀਤ ਸਿੰਘ ਸਿੱਧਵਾਂ ਨੇ ਦੱਸਿਆ ਕਿ 11 ਜ਼ਿਲ੍ਹਿਆਂ ਦੇ ਕਿਸਾਨ-ਮਜ਼ਦੂਰ, ਬੀਬੀਆਂ, ਨੌਜਵਾਨ ਅਤੇ ਸ਼ਹਿਰੀ 31 ਥਾਵਾਂ ’ਤੇ ਰੇਲ ਪਟੜੀਆਂ ਉਪਰ ਧਰਨੇ ਦੇਣਗੇ।