ਦਵਿੰਦਰ ਪਾਲ
ਚੰਡੀਗੜ੍ਹ, 6 ਅਪਰੈਲ
ਪੰਜਾਬ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਕਿਸਾਨਾਂ ਨੂੰ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਪੜਾਅਵਾਰ ਅਗਾਂਹ ਵਧਾਏ ਜਾ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਤੇ ਕਿਸਾਨ ਅੰਦੋਲਨ ਖ਼ਿਲਾਫ਼ ਕੇਂਦਰ ਦੀਆਂ ਚਾਲਾਂ ਦੇ ਟਾਕਰੇ ਦਾ ਸੱਦਾ ਦਿੱਤਾ ਹੈ। ਸੂਬੇ ਵਿੱਚ ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਭਾਜਪਾ ਨਾਲ ਸਬੰਧਤ ਆਗੂਆਂ ਦੇ ਘਰਾਂ ਮੂਹਰੇ, ਟੌਲ ਪਲਾਜ਼ਿਆਂ ’ਤੇ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਮੂਹਰੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਅੰਦਰ, ਨਿੱਜੀ ਖੇਤਰ ਦੇ ਥਰਮਲ ਪਲਾਂਟ, ਮੋਗਾ ਦੇ ਸਾਈਲੋ ਦੇ ਬਾਹਰ ਤੇ ਹੋਰਨਾਂ ਥਾਵਾਂ ’ਤੇ ਧਰਨੇ ਚੱਲ ਰਹੇ ਹਨ।
ਧਰਨਿਆਂ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਭਾਜਪਾ ਆਗੂਆਂ ਨੂੰ ਕਾਰਪੋਰੇਟ ਦੇ ਅੰਨ੍ਹੇ ਭਗਤ ਬਣਨ ਦੀ ਥਾਂ ਕਿਸਾਨੀ ਹਿੱਤਾਂ ਦੀ ਗੱਲ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਭਾਜਪਾ ਆਗੂਆਂ ਅਤੇ ਕਾਰਪੋਰੇਟ ਘਰਾਣਿਆਂ ਨੂੰ ਕਿਹਾ ਕਿ ਜੇ ਕੇਂਦਰ ਸਰਕਾਰ ਨੇ ਖੇਤੀ ਕਾਨੂੰਨ ਵਾਪਸ ਨਾ ਲਏ ਤਾਂ ਕਿਸਾਨਾਂ ਵੱਲੋਂ ਉਨ੍ਹਾਂ ਦੇ ਘਰਾਂ ਤੇ ਕਾਰੋਬਾਰੀ ਟਿਕਾਣਿਆਂ ਅੱਗੇ ਸ਼ਾਂਤਮਈ ਵਿਰੋਧ ਜਾਰੀ ਰਹੇਗਾ। ਆਗੂਆਂ ਨੇ ਸਪੱਸ਼ਟ ਕੀਤਾ ਕਿ ਕਿਸਾਨ ਜਥੇਬੰਦੀਆਂ ਹਿੰਸਾ ਜਾਂ ਹਿੰਸਕ ਅੰਦੋਲਨ ਦੇ ਮੁੱਢੋਂ ਹੀ ਖਿਲਾਫ਼ ਹਨ। ਇਸ ਦੇ ਨਾਲ ਹੀ ਪੰਜਾਬ ਦੇ ਭਾਜਪਾ ਆਗੂਆਂ ਨੂੰ ਵੀ ਚਾਹੀਦਾ ਹੈ ਕਿ ਉਹ ਕਿਸਾਨਾਂ ਦੇ ਜਜ਼ਬਾਤਾਂ ਨਾਲ ਨਾ ਖੇਡਣ।
ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਦੱਸਿਆ ਕਿ ਕੌਮੀ ਪੱਧਰ ’ਤੇ ਅੰਦੋਲਨਾਂ ਦੀ ਅਗਵਾਈ ਕਰਨ ਵਾਲੀ ਮੇਧਾ ਪਾਟੇਕਰ ਦੀ ਪੰਜਾਬ ਫੇਰੀ ਅਤੇ ਐੱਫ.ਸੀ.ਆਈ ਦੇ ਦਫ਼ਤਰਾਂ ਮੂਹਰੇ ਕਿਸਾਨਾਂ ਦੇ ਵੱਡੇ ਇਕੱਠ ਭਵਿੱਖ ਵਿੱਚ ਕਿਸਾਨੀ ਸੰਘਰਸ਼ ਦੀ ਮਸ਼ਾਲ ਹੋਰ ਭਖਣ ਦਾ ਸਪੱਸ਼ਟ ਸੰਕੇਤ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨਾਂ ਨੇ ਕਣਕ ਦੀ ਫ਼ਸਲ ਦੀ ਸਾਂਭ ਸੰਭਾਲ ਕਰਨੀ ਹੈ, ਜਿਸ ਕਾਰਨ ਦਿੱਲੀ ਮੋਰਚੇ ਦੀ ਮਜ਼ਬੂਤੀ ਲਈ ਪਿਛਲੇ ਇੱਕ ਹਫ਼ਤੇ ਤੋਂ ਕਿਸਾਨ ਬੀਬੀਆਂ ਦੇ ਜਥੇ ਲਗਾਤਾਰ ਦਿੱਲੀ ਜਾ ਰਹੇ ਹਨ। ਬਠਿੰਡਾ, ਸੰਗਰੂਰ, ਪਟਿਆਲਾ, ਬਰਨਾਲਾ, ਮਾਨਸਾ, ਫ਼ਰੀਦਕੋਟ, ਫਾਜ਼ਿਲਕਾ, ਮੁਕਤਸਰ, ਲੁਧਿਆਣਾ, ਮੁਹਾਲੀ, ਮੋਗਾ, ਕਪੂਰਥਲਾ ਆਦਿ ਜ਼ਿਲ੍ਹਿਆਂ ਤੋਂ ਕਿਸਾਨਾਂ ਤੇ ਔਰਤਾਂ ਦੇ ਕਾਫ਼ਲੇ ਡਿਊਟੀਆਂ ਮੁਤਾਬਿਕ ਦਿੱਲੀ ਦੇ ਮੋਰਚਿਆਂ ’ਚ ਪੁੱਜ ਰਹੇ ਹਨ। ਆਗੂਆਂ ਨੇ ਕਿਹਾ ਕਿ ਕਿਸਾਨੀ ਦੇ ਕਿਸੇ ਵੀ ਤਰ੍ਹਾਂ ਦੇ ਰੁਝੇਵੇਂ ਖੇਤੀ ਕਾਨੂੰਨਾਂ ਵਿਰੁੱਧ ਵਿੱਢੇ ਸੰਘਰਸ਼ ਨੂੰ ਮੱਠਾ ਨਹੀਂ ਪੈਣ ਦੇਣਗੇ।
ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ 3 ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਨੂੰ ਸਿੱਧੀ ਅਦਾਇਗੀ ਵਾਲੇ ਪ੍ਰਬੰਧ ਨੂੰ ਹਾਲ ਦੀ ਘੜੀ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਾਹਲੀ ਵਿੱਚ ਇਸ ਫ਼ੈਸਲੇ ਨੂੰ ਲਾਗੂ ਕਰਨ ਨਾਲ ਕਈ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਅਸਲ ’ਚ ਕੇਂਦਰ ਸਰਕਾਰ, ਪੰਜਾਬ ਵੱਲੋਂ ਅੰਦੋਲਨ ’ਚ ਮੁੱਖ ਭੂਮਿਕਾ ਨਿਭਾਉਣ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਸਬਕ ਸਿਖਾਉਣਾ ਲੋਚਦੀ ਹੈ ਪਰ ਕਿਸਾਨ ਜਥੇਬੰਦੀਆਂ ਅਜਿਹਾ ਬਰਦਾਸ਼ਤ ਨਹੀਂ ਕਰਨਗੀਆਂ ਤੇ ਸਰਕਾਰ ਦੀ ਹਰੇਕ ਚਾਲ ਨੂੰ ਅਸਫ਼ਲ ਕੀਤਾ ਜਾਵੇਗਾ।
ਉਨ੍ਹਾਂ ਤੈਅ ਕੀਤੇ ਗਏ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦ ਕਰਨ ਅਤੇ ਉਸ ਤੋਂ ਘੱਟ ਮੁੱਲ ’ਤੇ ਖਰੀਦ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ, ਤਿੰਨੇ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ 2020 ਅਤੇ ਪਰਾਲ਼ੀ ਆਰਡੀਨੈਂਸ ਤੁਰੰਤ ਰੱਦ ਕਰਨ ਦੀ ਮੰਗ ਕੀਤੀ।
ਵੋਟਾਂ ਮੰਗਣ ਵਾਲਿਆਂ ਨੂੰ ਸਵਾਲ ਪੁੱਛੇ ਜਾਣ: ਮਲਕੀਤ ਰੌਣੀ
ਭੁੱਚੋ ਮੰਡੀ (ਪਵਨ ਗੋਇਲ): ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਖੇਤੀ ਕਾਨੂੰਨਾਂ ਖ਼ਿਲਾਫ਼ 188 ਦਿਨਾਂ ਤੋਂ ਲਹਿਰਾ ਬੇਗਾ ਟੌਲ ਪਲਾਜ਼ਾ ਅਤੇ ਬੈਸਟ ਪ੍ਰਾਈਜ਼ ਮਾਲ ਅੱਗੇ ਚੱਲ ਰਹੇ ਮੋਰਚੇ ਅੱਜ ਵੀ ਜਾਰੀ ਰਹੇ। ਬੈਸਟ ਪ੍ਰਾਈਜ਼ ਮੋਰਚੇ ਵਿੱਚ ਅੱਜ ਫਿਲਮੀ ਅਦਾਕਾਰ ਮਲਕੀਤ ਰੌਣੀ ਨੇ ਕਿਹਾ ਕਿ ਕਿਸਾਨ ਪਿਛਲੇ ਸੱਤ ਮਹੀਨਿਆਂ ਤੋਂ ਖੇਤੀ ਕਨੂੰਨਾਂ ਖਿਲਾਫ਼ ਸੜਕਾਂ ’ਤੇ ਬੈਠੇ ਸੰਘਰਸ਼ ਕਰ ਰਹੇ ਹਨ, ਪਰ ਲੋਕਾਂ ਦੇ ਚੁਣੇ ਨੁਮਾਇੰਦਿਆਂ ਨੇ ਮੋਰਚਿਆਂ ਵਿੱਚ ਆ ਕੇ ਇਨ੍ਹਾਂ ਦਾ ਰੱਤੀ ਭਰ ਵੀ ਸਾਥ ਨਹੀਂ ਦਿੱਤਾ। ਉਨ੍ਹਾਂ ਕਿਸਾਨਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਹੁਣ ਜਦੋਂ ਸਿਆਸੀ ਆਗੂ ਪਿੰਡਾਂ ਵਿੱਚ ਵੋਟਾਂ ਮੰਗਣ ਆਉਣ, ਤਾਂ ਇਨ੍ਹਾਂ ਨੂੰ ਸਵਾਲ ਕਰਕੇ ਪੁੱਛਿਆ ਜਾਵੇ ਕਿ ਉਨ੍ਹਾਂ ਨੇ ਖੇਤੀ ਕਨੂੰਨਾਂ ਖ਼ਿਲਾਫ਼ ਕੀ ਰੋਲ ਅਦਾ ਕੀਤਾ ਹੈ। ਇਸ ਮੌਕੇ ਛਿੰਦਾ ਸਿੰਘ ਅਤੇ ਬਹਾਦਰ ਸਿੰਘ ਨੇ ਕਿਸਾਨੀ ਗੀਤ ਪੇਸ਼ ਕੀਤੇ।