ਪਰਵਾਸੀ ਪੰਜਾਬੀਆਂ ਦੇ ਮਸਲੇ ਛੇਤੀ ਨਿਬੇੜੇ ਜਾਣਗੇ: ਰਵਜੋਤ
ਐੱਨ ਆਰ ਆੲੀ ਮਿਲਣੀ ’ਚ ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪਰਵਾਸੀ ਪੁੱਜੇ
ਪੰਜਾਬ ਦੇ ਐੱਨ ਆਰ ਆਈ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵਸਦੇ ਪੰਜਾਬੀਆਂ ਨਾਲ ਸਬੰਧਤ ਹਰ ਮਸਲੇ ਦਾ ਪਾਰਦਰਸ਼ੀ, ਨਿਰਪੱਖ ਅਤੇ ਮਿੱਥੇ ਸਮੇਂ ਅੰਦਰ ਨਿਬੇੜਾ ਯਕੀਨੀ ਬਣਾਇਆ ਜਾਵੇਗਾ। ਉਹ ਅੱਜ ਬਠਿੰਡਾ ਦੇ ਹੋਟਲ ਵਿੱਚ ਕਰਵਾਈ ਗਈ ‘ਐੱਨ ਆਰ ਆਈ ਮਿਲਣੀ-2026’ ਦੌਰਾਨ ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਸੁਣ ਰਹੇ ਸਨ। ਮਿਲਣੀ ਵਿੱਚ ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮੋਗਾ, ਫ਼ਿਰੋਜ਼ਪੁਰ, ਫ਼ਰੀਦਕੋਟ, ਫ਼ਾਜ਼ਿਲਕਾ ਅਤੇ ਮਾਨਸਾ ਜ਼ਿਲ੍ਹਿਆਂ ਨਾਲ ਸਬੰਧਤ ਪਰਵਾਸੀ ਪੰਜਾਬੀਆਂ ਨੇ ਸ਼ਮੂਲੀਅਤ ਕੀਤੀ। ਇਨ੍ਹਾਂ ਜ਼ਿਲ੍ਹਿਆਂ ਦੇ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ’ਤੇ ਮੌਜੂਦ ਰਹੇ।
ਡਾ. ਰਵਜੋਤ ਸਿੰਘ ਨੇ ਕਿਹਾ ਕਿ ‘ਐੱਨ ਆਰ ਆਈ ਮਿਲਣੀ’ ਕਰਵਾਉਣ ਦਾ ਮਕਸਦ ਪਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ ਨੂੰ ਮੌਕੇ ’ਤੇ ਸੁਣ ਕੇ ਸਬੰਧਤ ਅਧਿਕਾਰੀਆਂ ਰਾਹੀਂ ਤੁਰੰਤ ਕਾਰਵਾਈ ਕਰਵਾਉਣਾ ਹੈ। ਪਰਵਾਸੀ ਪੰਜਾਬੀਆਂ ਵੱਲੋਂ ਮੁੱਖ ਤੌਰ ’ਤੇ ਜਾਇਦਾਦ ਦੇ ਝਗੜਿਆਂ, ਜ਼ਮੀਨਾਂ ’ਤੇ ਨਾਜਾਇਜ਼ ਕਬਜ਼ਿਆਂ, ਦਸਤਾਵੇਜ਼ੀ ਤਰੁੱਟੀਆਂ ਅਤੇ ਵਿਆਹੁਤਾ ਮਾਮਲਿਆਂ ਸਬੰਧੀ ਸ਼ਿਕਾਇਤਾਂ ਸਾਹਮਣੇ ਆਉਂਦੀਆਂ ਹਨ। ਉਨ੍ਹਾਂ ਆਖਿਆ ਕਿ ਲੰਮੇ ਸਮੇਂ ਤੋਂ ਲਟਕਦੇ ਜਾਂ ਹੌਲੀ ਰਫ਼ਤਾਰ ਨਾਲ ਚੱਲ ਰਹੇ ਮਾਮਲਿਆਂ ਦੀ ਉਹ ਖੁਦ ਨਿਗਰਾਨੀ ਕਰ ਰਹੇ ਹਨ ਅਤੇ ਸਬੰਧਤ ਅਧਿਕਾਰੀਆਂ ਨਾਲ ਨਿਯਮਤ ਸਮੀਖਿਆ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰ ਪਰਵਾਸੀ ਪੰਜਾਬੀਆਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਲਈ ਵਚਨਬੱਧ ਹੈ।
ਇਸ ਮੌਕੇ ਐੱਨ ਆਰ ਆਈ ਮਾਮਲਿਆਂ ਦੇ ਸਕੱਤਰ ਮੁਹੰਮਦ ਤਾਇਅਬ, ਐੱਨ ਆਰ ਆਈ ਸਭਾ ਪੰਜਾਬ ਦੇ ਚੇਅਰਮੈਨ ਅਤੇ ਜਲੰਧਰ ਦੇ ਡਿਵੀਜ਼ਨਲ ਕਮਿਸ਼ਨਰ ਰਾਮਵੀਰ, ਵਿਸ਼ੇਸ਼ ਸਕੱਤਰ ਐੱਨ ਆਰ ਆਈ ਵਿਭਾਗ ਅਮਨਦੀਪ ਕੌਰ, ਬ੍ਰਿਟਿਸ਼ ਹਾਈ ਕਮਿਸ਼ਨ ਚੰਡੀਗੜ੍ਹ ਤੋਂ ਰਾਜਿੰਦਰ ਐੱਸ ਨਾਗਰਕੋਟੀ, ਡਿਪਟੀ ਕਮਿਸ਼ਨਰ ਬਠਿੰਡਾ ਰਾਜੇਸ਼ ਧੀਮਾਨ ਸਣੇ ਹੋਰ ਆਗੂ, ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

