ਦਵਿੰਦਰ ਪਾਲ
ਚੰਡੀਗੜ੍ਹ, 26 ਅਕਤੂਬਰ
ਪੰਜਾਬ ਦੇ ਸਿੰਜਾਈ ਵਿਭਾਗ ਵਿੱਚ ਅਕਾਲੀ-ਭਾਜਪਾ ਸਰਕਾਰ ਸਮੇਂ ਹੋਏ ਬਹੁ-ਕਰੋੜੀ ਘੁਟਾਲੇ ਵਿੱਚ ਦੋ ਸੇਵਾ ਮੁਕਤ ਅਧਿਕਾਰੀਆਂ ਦੀ ਤਫ਼ਤੀਸ਼ ਵਿੱਚ ਸ਼ਮੂਲੀਅਤ ਯਕੀਨੀ ਬਣਾਉਣੀ ਵਿਜੀਲੈਂਸ ਲਈ ਚੁਣੌਤੀ ਬਣ ਗਈ ਹੈ। ਵਿਜੀਲੈਂਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਦੇ ਘਰ ਸੰਮਨ ਦੇਣ ਗਈ ਵਿਜੀਲੈਂਸ ਦੇ ਮੁਲਾਜ਼ਮਾਂ ਦੀ ਟੀਮ ਨੂੰ ਇਸ ਅਧਿਕਾਰੀ ਦੇ ਵਿਦੇਸ਼ ’ਚ ਹੋਣ ਦੀ ਜਾਣਕਾਰੀ ਦਿੱਤੀ ਗਈ ਸੀ। ਇਸੇ ਤਰ੍ਹਾਂ ਸਾਬਕਾ ਵਿਸ਼ੇਸ਼ ਮੁੱਖ ਸਕੱਤਰ ਕੇ.ਬੀ.ਐਸ. ਸਿੱਧੂ ਨੇ ਤਾਂ ਅਦਾਲਤ ’ਚ ਮੁੜ ਤਫਤੀਸ਼ ਨੂੰ ਚੁਣੌਤੀ ਦਿੰਦਿਆਂ ਵਿਦੇਸ਼ ਹੋਣ ਦੀ ਗੱਲ ਕਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਮਾਮਲੇ ਦੀ ਮੁੜ ਤੋਂ ਤਫਤੀਸ਼ ਕਰਨ ਨੂੰ ਪ੍ਰਵਾਨਗੀ ਦਿੱਤੇ ਜਾਣ ਤੋਂ ਬਾਅਦ ਵਿਜੀਲੈਂਸ ਦੇ ਏਆਈਜੀ ਮਨਮੋਹਨ ਸ਼ਰਮਾ ਦੀ ਅਗਵਾਈ ਹੇਠ ਪੁਲੀਸ ਅਫ਼ਸਰਾਂ ਦੀ ਟੀਮ ਨੇ ਜਾਂਚ ਆਰੰਭ ਦਿੱਤੀ ਹੈ। ਲੰਘੇ ਹਫ਼ਤੇ ਸਿੰਜਾਈ ਵਿਭਾਗ ਦੇ ਸਾਬਕਾ ਸਕੱਤਰ ਕਾਹਨ ਸਿੰਘ ਪੰਨੂ ਨੂੰ ਪੁੱਛ-ਪੜਤਾਲ ਲਈ ਸੱਦਿਆ ਗਿਆ ਸੀ। ਵਿਜੀਲੈਂਸ ਅਧਿਕਾਰੀਆਂ ਮੁਤਾਬਕ ਸ੍ਰੀ ਕੌਸ਼ਲ ਅਤੇ ਸ੍ਰੀ ਸਿੱਧੂ ਨੂੰ ਵੀ ਤਫਤੀਸ਼ ਵਿੱਚ ਸ਼ਾਮਲ ਹੋਣ ਲਈ ਬੁਲਾਇਆ ਗਿਆ ਸੀ, ਪਰ ਦੋਵੇਂ ਵਿਦੇਸ਼ ’ਚ ਹੋਣ ਕਰਕੇ ਨਹੀਂ ਆਏ। ਇਸ ਅਧਿਕਾਰੀ ਦਾ ਕਹਿਣਾ ਹੈ ਕਿ ਦੋਵੇਂ ਸੇਵਾ ਮੁਕਤ ਅਧਿਕਾਰੀਆਂ ਨੂੰ ਮੁੜ ਸੰਮਨ ਜਾਰੀ ਕੀਤੇ ਜਾਣਗੇ। ਵਿਜੀਲੈਂਸ ਅਧਿਕਾਰੀਆਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਇਹ ਦੋਵੇਂ ਅਧਿਕਾਰੀ ਤਫ਼ਤੀਸ਼ ਵਿੱਚ ਸ਼ਾਮਲ ਨਹੀਂ ਹੁੰਦੇ ਤਾਂ ਬਿਊਰੋ ਵੱਲੋਂ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਤਫ਼ਤੀਸ਼ੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਸ ਮਾਮਲੇ ਦੀ ਮੁੜ ਤੋਂ ਤਫ਼ਤੀਸ਼ ਆਰੰਭੇ ਜਾਣ ਦੀ ਪ੍ਰਕਿਰਿਆ ਵਜੋਂ ਪਹਿਲਾਂ ਸੇਵਾ ਮੁਕਤ ਅਧਿਕਾਰੀਆਂ ਅਤੇ ਦੋ ਸਾਬਕਾ ਮੰਤਰੀਆਂ ਦੇ ਨਿੱਜੀ ਸਹਾਇਕਾਂ ਤੋਂ ਪੁੱਛ ਪੜਤਾਲ ਕੀਤੀ ਜਾਣੀ ਸੀ।
ਠੇਕੇਦਾਰ ਗੁਰਿੰਦਰ ਸਿੰਘ ਨੇ ਮੰਨੀ ਸੀ ਵੱਢੀ ਦੇਣ ਦੀ ਗੱਲ
ਕਾਂਗਰਸ ਸਰਕਾਰ ਸਮੇਂ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ 17 ਅਗਸਤ 2017 ਨੂੰ ਆਈਪੀਸੀ ਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਠੇਕੇਦਾਰ ਗੁਰਿੰਦਰ ਸਿੰਘ ਅਤੇ ਸਿੰਜਾਈ ਵਿਭਾਗ ਦੇ ਇੰਜਨੀਅਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਠੇਕੇਦਾਰ ਗੁਰਿੰਦਰ ਸਿੰਘ ਨੇ ਵਿਜੀਲੈਂਸ ਕੋਲ ਦਰਜ ਕਰਵਾਏ ਇਕਬਾਲੀਆ ਬਿਆਨ ਵਿੱਚ ਇੱਕ ਸੇਵਾ ਮੁਕਤ ਅਧਿਕਾਰੀ ਨੂੰ 5.50 ਕਰੋੜ, ਦੂਜੇ ਅਧਿਕਾਰੀ ਨੂੰ 8.50 ਕਰੋੜ, ਇਸੇ ਤਰ੍ਹਾਂ ਇਕ ਹੋਰ ਸੇਵਾ ਮੁਕਤ ਅਧਿਕਾਰੀ ਨੂੰ 7 ਕਰੋੜ ਰੁਪਏ ਦੀ ਰਿਸ਼ਵਤ ਦੇਣ ਦੀ ਗੱਲ ਕਬੂਲੀ ਸੀ। ਠੇਕੇਦਾਰ ਨੇ ਰਿਸ਼ਵਤ ਦੇਣ ਦਾ ਕਾਰਨ ਵਿਭਾਗ ਤੋਂ ਬਿੱਲ ਪਾਸ ਕਰਾਉਣਾ, ਕੰਮ ਅਲਾਟ ਕਰਵਾਉਣ ਅਤੇ ਮਸ਼ੀਨਾਂ ਦੀ ਖ਼ਰੀਦ ਆਦਿ ਵਿੱਚ ਲੈਣ-ਦੇਣ ਦੀ ਗੱਲ ਕਬੂਲ ਕੀਤੀ ਸੀ। ਠੇਕੇਦਾਰ ਨੇ ਦੋ ਸਾਬਕਾ ਮੰਤਰੀਆਂ ਅਤੇ ਮੰਤਰੀਆਂ ਦੇ ਨਿੱਜੀ ਸਹਾਇਕਾਂ ਨੂੰ ਵੀ ਮੋਟਾ ਗੱਫਾ ਦੇਣ ਦਾ ਖੁਲਾਸਾ ਕੀਤਾ ਸੀ। ਇਸ ਦਸਤਾਵੇਜ਼ ’ਚ ਇੱਕ ਮੰਤਰੀ ਦੇ ਪੀਏ ਨੂੰ 2.50 ਕਰੋੜ ਰੁਪਏ ਤੇ ਸਾਬਕਾ ਮੰਤਰੀ ਨੂੰ 7.35 ਕਰੋੜ ਰੁਪਏ ਦੇਣ ਦਾ ਇਕਬਾਲ ਕੀਤਾ ਹੈ। ਗੁਰਿੰਦਰ ਸਿੰਘ ਨੇ ਦੂਸਰੇ ਮੰਤਰੀ ਨੂੰ 4 ਕਰੋੜ ਰੁਪਏ ਤੇ ਮੰਤਰੀ ਦੇ ਨਿੱਜੀ ਸਹਾਇਕ ਨੂੰ 50 ਲੱਖ ਰੁਪਏ ਦੇਣਾ ਮੰਨਿਆ ਹੈ।