ਨਿੱਜੀ ਪੱਤਰ ਪ੍ਰੇਰਕ
ਫਤਹਿਗੜ੍ਹ ਸਾਹਿਬ, 27 ਮਈ
ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਦੇ ਧਰਮ ਅਧਿਐਨ ਵਿਭਾਗ ਵੱਲੋਂ ਗੁਰੂ ਤੇਗ ਬਹਾਦਰ ਦੇ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ਦੀ ਸੰਪੂਰਨਤਾ ਵਜੋਂ ਗੁਰੂ ਤੇਗ ਬਹਾਦਰ ਦੇ ਜੀਵਨ, ਬਾਣੀ ਅਤੇ ਸ਼ਖ਼ਸੀਅਤ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮਹਿਮਾਨ ਅਤੇ ਯੂਨੀਵਰਸਿਟੀ ਦੇ ਪ੍ਰੋ. ਕੁਲਪਤੀ ਡਾ. ਅਜਾਇਬ ਸਿੰਘ ਬਰਾੜ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਮਾਗਮ ਦੀ ਪ੍ਰਧਾਨਗੀ ਉਪ ਕੁਲਪਤੀ ਡਾ. ਪ੍ਰਿਤਪਾਲ ਸਿੰਘ ਨੇ ਕੀਤੀ। ਵਿਭਾਗ ਦੀ ਮੁਖੀ ਡਾ. ਕਿਰਨਦੀਪ ਕੌਰ ਨੇ ਸਵਾਗਤੀ ਸ਼ਬਦ ਕਹੇ। ਮੰਚ ਸੰਚਾਲਨ ਸਹਾਇਕ ਪ੍ਰੋਫ਼ੈਸਰ ਡਾ. ਹਰਦੇਵ ਸਿੰਘ ਨੇ ਕੀਤਾ। ਸ੍ਰੀ ਧਾਮੀ ਨੇ ਕਿਹਾ ਕਿ ਗੁਰਬਾਣੀ ਤੇ ਗੁਰੂ ਸਿਧਾਂਤ ’ਤੇ ਵਿਚਾਰ ਕਰਨ ਨਾਲ ਇਸ ਉੱਪਰ ਅਮਲ ਕਰਨਾ ਵੀ ਜ਼ਰੂਰੀ ਹੈ ਕਿਉਂਕਿ ਇਸ ’ਤੇ ਅਮਲ ਕਰਕੇ ਹੀ ਸਹੀ ਦਿਸ਼ਾ ਵੱਲ ਜਾਇਆ ਜਾ ਸਕਦਾ ਹੈ। ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੇਵਾਮੁਕਤ ਪ੍ਰੋਫੈਸਰ ਬਲਵੰਤ ਸਿੰਘ ਢਿੱਲੋਂ ਨੇ ਗੁਰੂ ਤੇਗ ਬਹਾਦਰ ਦੇ ਜੀਵਨ ਬਾਰੇ ਚਾਨਣਾ ਪਾਇਆ।
ਸਾਕਾ ਪੰਜਾ ਸਾਹਿਬ ਸ਼ਤਾਬਦੀ ਸਮਾਰੋਹ ਮੌਕੇ ਪਾਕਿਸਤਾਨ ਜਾਵੇਗਾ ਵਿਸ਼ੇਸ਼ ਜਥਾ: ਧਾਮੀ
ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਪੰਜਾ ਸਾਹਿਬ ਦੇ ਸ਼ਹੀਦੀ ਸਾਕੇ ਦੇ 100 ਸਾਲਾ ਸ਼ਤਾਬਦੀ ਸਮਾਗਮਾਂ ਦੌਰਾਨ ਪਾਕਿਸਤਾਨ ਵਿਚ ਸਿੱਖ ਸ਼ਰਧਾਲੂਆਂ ਦਾ ਵਿਸ਼ੇਸ਼ ਜਥਾ ਭੇਜਿਆ ਜਾਵੇਗਾ। ਇੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਮੀਟਿੰਗ ਹੋਈ ਜਿਸ ਦੌਰਾਨ ਵੱਖ-ਵੱਖ ਭਾਸ਼ਾਵਾਂ ਵਿਚ ਸ੍ਰੀ ਪੰਜਾ ਸਾਹਿਬ ਸਾਕੇ ਦੇ ਸ਼ਹੀਦਾਂ ਸਬੰਧੀ ਕਿਤਾਬਚੇ ਤਿਆਰ ਕਰਵਾ ਕੇ ਵੰਡਣ ਅਤੇ ਸਕੂਲਾਂ ਕਾਲਜਾਂ ਵਿਚ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਮੁਕਾਬਲੇ ਕਰਵਾਉਣ ’ਤੇ ਮੋਹਰ ਲਾਈ ਗਈ। ਐਡਵੋਕੇਟ ਧਾਮੀ ਨੇ ਦੱਸਿਆ ਹੈ ਕਿ ਇਸ ਸਾਲ 30 ਅਕਤੂਬਰ ਨੂੰ ਸਾਕਾ ਪੰਜਾ ਸਾਹਿਬ ਦੀ 100 ਸਾਲਾ ਸ਼ਤਾਬਦੀ ਮਨਾਈ ਜਾਵੇਗੀ। ਪਾਕਿਸਤਾਨ ਵਿਚ ਹੋਣ ਵਾਲੇ ਸਮਾਗਮਾਂ ਸਬੰਧੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਰਕਾਰ ਦੇ ਸਬੰਧਤ ਵਿਭਾਗ ਨਾਲ ਵਿਚਾਰ-ਵਟਾਂਦਰੇ ਲਈ ਇਕ ਵਫ਼ਦ ਪਾਕਿਸਤਾਨ ਭੇਜਿਆ ਜਾਵੇਗਾ। ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਦੀ ਵੀਜ਼ਾ ਫੀਸ ਆਦਿ ਦੇ ਖਰਚੇ ਧਰਮ ਪ੍ਰਚਾਰ ਕਮੇਟੀ ਅਦਾ ਕਰੇਗੀ।