ਧਾਰਮਿਕ ਸਮਾਗਮ ਕਰਵਾਉਣਾ ਸਰਕਾਰਾਂ ਦਾ ਕੰਮ ਨਹੀਂ: ਗੜਗੱਜ
ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਕਰਵਾਏ ਜਾ ਰਹੇ ਸਮਾਗਮਾਂ ਬਾਰੇ ਕਿਹਾ ਕਿ ਧਾਰਮਿਕ ਸਮਾਗਮ ਕਰਵਾਉਣਾ ਸਰਕਾਰਾਂ ਦਾ ਕੰਮ ਨਹੀਂ ਪਰ ਸਰਕਾਰ ਆਪਣੀ ਜ਼ਿੱਦ ਪੂਰੀ ਕਰਨ ਲਈ ਅਜਿਹਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਸ਼ਹਿਰ ਭਰ ਵਿੱਚ ਵੱਡੇ ਸਪੀਕਰ ਲਗਾਏ ਗਏ ਹਨ ਜੋ ਇਤਿਹਾਸ ਵਿੱਚ ਪਹਿਲਾਂ ਕਦੇ ਨਹੀਂ ਹੋਇਆ। ਜਥੇਦਾਰ ਨੇ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਇਹ ਸਪੀਕਰ ਤੁਰੰਤ ਹਟਾਏ ਜਾਣ। ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਮੁੱਖ ਪ੍ਰੋਗਰਾਮ ਸ਼੍ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸੀਸਗੰਜ ਸਾਹਿਬ ਵਿੱਚ ਕਰਵਾਏ ਜਾ ਰਹੇ ਹਨ। ਉਨ੍ਹਾਂ ਸੰਗਤ ਨੂੰ ਸਮਾਗਮਾਂ ਵਿੱਚ ਸ਼ਿਰਕਤ ਕਰਨ ਦੀ ਅਪੀਲ ਕੀਤੀ।
ਇਸੇ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਜਥੇਦਾਰ ਕੁਲਦੀਪ ਸਿੰਘ ਗੜਗੱਜ ਨਾਲ ਮੁਲਾਕਾਤ ਕਰ ਕੇ 23 ਨਵੰਬਰ ਨੂੰ ਹੋਣ ਵਾਲੇ ਸਰਬ-ਧਰਮ ਸੰਮੇਲਨ ਤੇ ਹੋਰ ਸਮਾਗਮਾਂ ਵਿੱਚ ਸ਼ਿਰਕਤ ਲਈ ਸੱਦਾ ਦਿੱਤਾ।
