ਪੱਤਰ ਪ੍ਰੇਰਕ
ਮਾਨਸਾ, 2 ਅਗਸਤ
ਪੰਜਾਬ ਅਤੇ ਹਰਿਆਣਾ ਵਿੱਚ ਮੌਨਸੂਨ ਪੂਰੀ ਤਰ੍ਹਾਂ ਰੰਗ ਵਿਖਾਉਣ ਤੋਂ ਬਾਅਦ ਹੁਣ ਅਗਲੇ ਦਿਨਾਂ ਵਿੱਚ ਕਮਜ਼ੋਰ ਪੈਣ ਦੀ ਜਾਣਕਾਰੀ ਮਿਲੀ ਹੈ। ਅਗਲੇ 100 ਘੰਟਿਆਂ ਦੌਰਾਨ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਤੋਂ ਬਿਨਾਂ ਮਾਲਵਾ ਖੇਤਰ ਸਣੇ ਰਾਜ ਭਰ ਵਿੱਚ ਕਿਤੇ ਵੀ ਮੀਂਹ ਪੈਣ ਦੀ ਜਾਣਕਾਰੀ ਨਹੀਂ ਦਿੱਤੀ ਗਈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਦੌਰਾਨ ਪੰਜਾਬ ਭਰ ਵਿੱਚ ਕਿਤੇ ਵੀ ਮੀਂਹ ਨਾ ਪੈਣ ਦੀ ਪੇਸ਼ੀਨਗੋਈ ਕੀਤੀ ਹੈ। ਗ੍ਰਾਮੀਣ ਕ੍ਰਿਸ਼ੀ ਮੌਸਮ ਸੇਵਾ (ਭਾਰਤ ਮੌਸਮ ਵਿਭਾਗ) ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਮੌਸਮੀ ਸਲਾਹ ਬੁਲੇਟਿਨ ਵੱਲੋਂ 4 ਅਗਸਤ ਤੱਕ ਪੂਰੇ ਪੰਜਾਬ ਵਿੱਚ ਕਿਤੇ ਵੀ ਹਲਕਾ ਤੇ ਦਰਮਿਆਨਾ ਮੀਂਹ ਨਾ ਪੈਣ ਦੀ ਜਾਣਕਾਰੀ ਦਿੱਤੀ ਗਈ ਹੈ। 5 ਅਤੇ 6 ਅਗਸਤ ਨੂੰ ਰਾਜ ਦੇ ਸਿਰਫ਼ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਗਰਜ਼-ਚਮਕ ਨਾਲ ਛਿੱਟੇ ਪੈਣ ਦੀ ਜਾਣਕਾਰੀ ਦਿੱਤੀ ਗਈ ਹੈ।