ਬੀਐੱਸ ਚਾਨਾ
ਸ੍ਰੀ ਆਨੰਦਪੁਰ ਸਾਹਿਬ, 16 ਜੂਨ
ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵੱਲੋਂ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਹੱਕ ਵਿਚ ਬੋਲਣ ਦੀ ਤਿੱਖੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਮਾਨ ਹਮੇਸ਼ਾ ਖ਼ਾਲਿਸਤਾਨ ਅਤੇ ਪੰਥਪ੍ਰਸਤੀ ਦੀ ਗੱਲ ਕਰਦੇ ਹਨ ਪਰ ਉਨ੍ਹਾਂ ਵੱਲੋਂ ਗਾਂਧੀ ਪਰਿਵਾਰ ਦੇ ਹੱਕ ਦੇ ਵਿੱਚ ਬੋਲਣਾ ਬੇਹੱਦ ਮੰਦਭਾਗਾ ਹੈ, ਜੇ ਜਾਣਬੁੱਝ ਕੇ ਕਿਸੇ ਨੂੰ ਝੂਠੇ ਕੇਸ ਵਿੱਚ ਫਸਾਇਆ ਜਾਂਦਾ ਹੈ ਤਾਂ ਉਹ ਇਸ ਗੱਲ ਦੇ ਖ਼ਿਲਾਫ਼ ਪਰ ਕਿਸੇ ਕੇਸ ਵਿੱਚ ਜਾਂਚ ਦੇ ਮੰਤਵ ਦੇ ਨਾਲ ਕਿਸੇ ਵੀ ਆਗੂ ਨੂੰ ਈਡੀ ਜਾਂ ਕੋਈ ਹੋਰ ਏਜੰਸੀ ਬੁਲਾਉਂਦੀ ਹੈ ਤਾਂ ਉਸ ਵਿਚ ਗ਼ਲਤ ਗੱਲ ਨਹੀਂ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ, ਜੋ ਲੰਬੇ ਸਮੇਂ ਤੋਂ ਨਹੀਂ ਹੋਈਆਂ, ਜਲਦ ਕਰਵਾਈਆਂ ਜਾਣ। ਪੰਜਾਬ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਲਈ ਮੌਜੂਦਾ ਸਰਕਾਰ ਜ਼ਿੰਮੇਵਾਰ ਹੈ। ਇਸ ਤੋਂ ਪਹਿਲਾਂ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ, ਜਿਨ੍ਹਾਂ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ, ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਅਫ਼ਸੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਇਸਤਰੀ ਅਕਾਲੀ ਦਲ ਦੇ ਸੀਨੀਅਰ ਲੀਡਰ ਪਰਮਜੀਤ ਕੌਰ ਲਾਂਡਰਾ, ਤਖ਼ਤ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਅਤੇ ਪ੍ਰਿੰਸੀਪਲ ਜਸਵੀਰ ਸਿੰਘ ਹਾਜ਼ਰ ਸਨ।