ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 26 ਜੂਨ
ਗੁਰਬਾਣੀ ਪ੍ਰਸਾਰਨ ਸਬੰਧੀ ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਰੱਦ ਕੀਤੇ ਜਾਣ ਨੂੰ ਆਮ ਆਦਮੀ ਪਾਰਟੀ ਵੱਲੋਂ ਮੰਦਭਾਗਾ ਦੱਸਿਆ ਗਿਆ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਅੱਜ ਇਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬਿਨਾ ਆਧਾਰ ਤੋਂ ਪੰਜਾਬ ਸਰਕਾਰ ਦੇ ਇਸ ਫ਼ੈਸਲੇ ਨੂੰ ਸਿੱਖ ਵਿਰੋਧੀ ਗਰਦਾਨ ਰਹੇ ਹਨ। ਸ੍ਰੀ ਕੰਗ ਨੇ ਸਵਾਲ ਕੀਤਾ ਕਿ ਦਿੱਲੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਭਾਜਪਾ ਦਾ ਕਬਜ਼ਾ ਹੈ ਤੇ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣ ਗਈ ਹੈ, ਪਰ ਸ਼੍ਰੋਮਣੀ ਕਮੇਟੀ ਨੇ ਇਸ ਸਬੰਧੀ ਕੋਈ ਖ਼ਾਸ ਉਜ਼ਰ ਨਹੀਂ ਕੀਤਾ। ਜਦੋਂ ਗੱਲ ਗੁਰਬਾਣੀ ਪ੍ਰਸਾਰਨ ਕਰਨ ਵਾਲੇ ਚੈਨਲ ਦੀ ਕੀਤੀ ਤਾਂ ਇਸ ਨੂੰ ਕੌਮੀ ਮੁੱਦਾ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਦੇਸ਼-ਦੁਨੀਆ ਵਿੱਚ ਵਸਦੇ ਸਿੱਖਾਂ ਦੀਆਂ ਭਾਵਨਾਵਾਂ ਦਾ ਧਿਆਨ ਰੱਖ ਕੇ ਹੀ ਇਹ ਫ਼ੈਸਲਾ ਲਿਆ ਹੈ।