ਨਰਿੰਦਰ ਸਿੰਘ
ਭਿੱਖੀਵਿੰਡ, 16 ਸਤੰਬਰ
ਵਿਧਾਨ ਸਭਾ ਹਲਕਾ ਖੇਮਕਰਨ ਦੇ ਕਸਬਾ ਅਮਰਕੋਟ ਦੀ ਦਾਣਾ ਮੰਡੀ ਵਿੱਚ ਅੱਜ ਨੌਜਵਾਨ ਕਿਸਾਨ ਮਜ਼ਦੂਰ ਏਕਤਾ ਵਲਟੋਹਾ ਵੱਲੋਂ ਕਿਸਾਨਾਂ ਦੀ ਮਹਾ ਰੈਲੀ ਕੀਤੀ ਗਈ ਜਿਸ ਵਿੱਚ ਹਜ਼ਾਰਾਂ ਕਿਸਾਨਾਂ ਨੇ ਹਿੱਸਾ ਲਿਆ। ਰੈਲੀ ਵਿੱਚ ਪਹੁੰਚੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਅਤੇ ਲੱਖਾ ਸਧਾਣਾ ਨੇ ਇਸ ਰੈਲੀ ਨੂੰ ਸੰਬੋਧਨ ਕੀਤਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਵਿੱਚ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਬਜਾਏ ਕਿਸਾਨਾਂ ’ਤੇ ਲਾਠੀਚਾਰਜ ਕਰਵਾ ਕੇ ਕਦੇ ਉਨ੍ਹਾਂ ਨੂੰ ਨਕਸਲੀ ਅਤੇ ਕਦੇ ਅਤਿਵਾਦੀ ਦੱਸ ਰਹੀ ਹੈ ਜੋ ਕਿ ਮੰਤਭਾਗਾ ਹੈ। ਇਸ ਉਪਰੰਤ ਰੈਲੀ ਨੂੰ ਸੰਬੋਧਨ ਕਰਦੇ ਹੋਏ ਲੱਖਾ ਸਧਾਣਾ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਵੱਲੋਂ ਜਿਸ ਤਰ੍ਹਾਂ ਅੱਜ ਦਾਣਾ ਮੰਡੀ ਅਮਰਕੋਟ ਵਿੱਚ ਕਿਸਾਨਾਂ ਦੇ ਹੱਕ ਵਿੱਚ ਨਾਅਰਾ ਮਾਰਿਆ ਗਿਆ ਹੈ ਉਸ ਤੋਂ ਜ਼ਾਹਰ ਹੋ ਚੁੱਕਾ ਹੈ ਕਿ ਮੋਦੀ ਸਰਕਾਰ ਜਲਦੀ ਹੀ ਕਿਸਾਨਾਂ ਅੱਗੇ ਗੋਡੇ ਟੇਕ ਦੇਵੇਗੀ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰੇਗੀ। ਉਨ੍ਹਾਂ ਨੇ ਕਿਸਾਨਾਂ ’ਤੇ ਹਰਿਆਣਾ ਵਿੱਚ ਲਾਠੀਚਾਰਜ ਦੀ ਨਿਖੇਧੀ ਕੀਤੀ।