ਆਤਿਸ਼ ਗੁਪਤਾ
ਚੰਡੀਗੜ੍ਹ, 27 ਜੂਨ
ਸਾਬਕਾ ਵਿਰੋਧੀ ਧਿਰ ਦੇ ਨੇਤਾ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਿਨੀ ਮਹਾਜਨ ਨੂੰ ਮੁੱਖ ਸਕੱਤਰ ਲਗਾਉਣ ਲਈ 5 ਆਈਏਐੱਸ ਅਧਿਕਾਰੀਆਂ ਦੀ ਸੀਨੀਆਰਤਾ ਨੂੰ ਕਥਿਤ ਤੌਰ ’ਤੇ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਦਿਨਕਰ ਗੁਪਤਾ ਨੂੰ ਵੀ ਪੰਜ ਸੀਨੀਅਰ ਆਈਪੀਐੱਸ ਅਧਿਕਾਰੀਆਂ ਨੂੰ ਦਰਕਿਨਾਰ ਕਰ ਕੇ ਡੀਜੀਪੀ ਬਣਾਇਆ ਗਿਆ ਸੀ, ਜਿਸ ਨੂੰ ਕੈਟ ਨੇ ਰੱਦ ਕਰ ਦਿੱਤਾ ਸੀ ਅਤੇ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪੈਂਡਿੰਗ ਹੈ। ਸ੍ਰੀ ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਆਈਏਐੱਸ ਅਧਿਕਾਰੀਆਂ ਦੀ ਸੀਨੀਆਰਤਾ ਅਤੇ ਨਿਰਪੱਖਤਾ ਪ੍ਰਤੀ ਵਿਸ਼ਵਾਸ ਨਾ ਰੱਖਦਿਆਂ ਸਰਕਾਰੀ ਨਿਯਮਾਂ, ਸ਼ਰਤਾਂ ਦੇ ਉਲਟ ਆਪਣੀ ਮਨਮਰਜ਼ੀ ਅਨੁਸਾਰ ਗ਼ਲਤ ਨਿਯੁਕਤੀਆਂ ਕਰ ਰਹੇ ਹਨ। ਸ੍ਰੀ ਖਹਿਰਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿਦੰਰ ਸਿੰਘ ਜਾਣਬੁੱਝ ਕੇ ਯੋਗ ਸਿੱਖ ਅਫ਼ਸਰਾਂ ਅਤੇ ਹੋਰ ਉੱਘੀਆਂ ਸਿੱਖ ਸ਼ਖ਼ਸੀਅਤਾਂ ਨੂੰ ਨਜ਼ਰਅੰਦਾਜ਼ ਕਰ ਰਹੇ ਹਨ। ਪੰਜਾਬ ਦੇ ਇਤਿਹਾਸ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਮੁੱਖ ਸਕੱਤਰ ਅਤੇ ਡੀ.ਜੀ.ਪੀ ਦੀਆਂ ਪਦਵੀਆਂ ਗ਼ੈਰ ਸਿੱਖ ਅਫ਼ਸਰਾਂ ਨੂੰ ਦਿੱਤੀਆਂ ਗਈਆਂ ਹਨ। ਇਨ੍ਹਾਂ ਨਿਯੁਕਤੀਆਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਧਾਰੀ ਚੁੱਪੀ ਉੱਪਰ ਵੀ ਉਨ੍ਹਾਂ ਸਵਾਲ ਕੀਤਾ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਨਾ ਸਿਰਫ਼ ਮੁੱਖ ਸਕੱਤਰ ਅਤੇ ਡੀ.ਜੀ.ਪੀ ਦੀਆਂ ਨਿਯੁਕਤੀਆਂ , ਸਗੋਂ ਦੱਸੇ ਗਏ 10 ਹੋਰ ਮਹੱਤਵਪੂਰਨ ਦਫ਼ਤਰਾਂ ਦੀਆਂ ਨਿਯੁਕਤੀਆਂ ਸਬੰਧੀ ਮੁੜ ਵਿਚਾਰ ਕਰਨ।