ਪੱਤਰ ਪ੍ਰੇਰਕ
ਚੰਡੀਗੜ੍ਹ, 20 ਅਕਤੂਬਰ
ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ (ਆਈ.ਟੀ. ਆਈ ਵਿੰਗ) ਪੰਜਾਬ ਵਿੱਚ ਤਾਇਨਾਤ ਇੰਸਟਰੱਕਟਰਾਂ ਨੇ ਆਪਣੀਆਂ ਤਰੱਕੀਆਂ ਨਾ ਹੋਣ ਕਾਰਨ ਇਸ ਵਾਰ ਕਾਲੀ ਦੀਵਾਲੀ ਮਨਾਉਣ ਦਾ ਐਲਾਨ ਕੀਤਾ ਹੈ। ਇਹ ਐਲਾਨ ਕਰਦਿਆਂ ਟ੍ਰੇਨਿੰਗ ਅਫ਼ਸਰ ਸੰਘਰਸ਼ ਕਮੇਟੀ ਦੇ ਪ੍ਰਧਾਨ ਵਿਕਰਮ ਸਿੰਘ ਨੇ ਕਿਹਾ ਕਿ ਕਮੇਟੀ ਦੇ ਵਫ਼ਦ ਨੂੰ ਡਾਇਰੈਕਟਰ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਟ੍ਰੇਨਿੰਗ ਅਫ਼ਸਰ ਦੀ ਪਦ-ਉਨਤੀ ਕਰ ਕੇ ਦੀਵਾਲੀ ਦਾ ਤੋਹਫ਼ਾ ਦਿੱਤਾ ਜਾਵੇਗਾ ਪ੍ਰੰਤੂ ਹਾਲੇ ਤੱਕ ਸੰਘਰਸ਼ ਕਮੇਟੀ ਨੂੰ ਤਰੱਕੀਆਂ ਦੇ ਕੋਈ ਆਸਾਰ ਨਜ਼ਰ ਨਹੀਂ ਆ ਰਹੇ। ਸੰਘਰਸ਼ ਕਮੇਟੀ ਦੇ ਆਗੂਆਂ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਭਲਕੇ 21 ਅਕਤੂਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਇਹ ਮੁੱਦਾ ਨਾ ਵਿਚਾਰਿਆ ਤਾਂ ਸੰਘਰਸ਼ ਕਮੇਟੀ ਆਉਣ ਵਾਲੇ ਦਿਨਾਂ ਵਿੱਚ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ।