ਜਗਦਾ ਪੰਜਾਬ: ਬਿਜਲੀ ਬਿੱਲ ਜ਼ੀਰੋ, ਸਬਸਿਡੀ ’ਚ ਹੀਰੋ
ਪੰਜਾਬ ਦੀ ਵਿੱਤੀ ਸਿਹਤ ਭਾਵੇਂ ਬਹੁਤੀ ਚੰਗੀ ਨਹੀਂ ਪਰ ਜਦੋਂ ਤੋਂ ਘਰੇਲੂ ਬਿਜਲੀ ਦੇ 300 ਯੂਨਿਟ ਪ੍ਰਤੀ ਮਹੀਨਾ ਮੁਆਫ਼ੀ ਕੀਤੇ ਹਨ, ਉਦੋਂ ਤੋਂ ਬਿਜਲੀ ਸਬਸਿਡੀ ਦੀ ਪੰਡ ਹੋਰ ਭਾਰੀ ਹੋ ਗਈ ਹੈ। ਸੰਸਥਾ ‘ਪੀ ਆਰ ਐੱਸ’ ਵੱਲੋਂ ਸੂਬਿਆਂ ਦੇ ਵਿੱਤ ਬਾਰੇ ਅਕਤੂਬਰ 2025 ’ਚ ਜਾਰੀ ਅਧਿਐਨ ’ਚ ਸਾਹਮਣੇ ਆਇਆ ਹੈ ਕਿ ਤਿੰਨ ਸੂਬੇ- ਕਰਨਾਟਕ, ਰਾਜਸਥਾਨ ਤੇ ਤਾਮਿਲਨਾਡੂ ਦੂਜੇ ਨੰਬਰ ’ਤੇ ਹਨ ਜਿਨ੍ਹਾਂ ਵੱਲੋਂ ਮਾਲੀਆ ਪ੍ਰਾਪਤੀ ਦਾ 14 ਫ਼ੀਸਦੀ ਹਿੱਸਾ ਸਬਸਿਡੀ ’ਤੇ ਖ਼ਰਚਿਆ ਜਾ ਰਿਹਾ ਹੈ।
ਤਾਜ਼ਾ ਰਿਪੋਰਟ ਅਨੁਸਾਰ 19 ਸੂਬੇ ਬਿਜਲੀ ਸਬਸਿਡੀ ’ਤੇ ਖ਼ਰਚ ਕਰ ਰਹੇ ਹਨ। ਪੰਜਾਬ ’ਚ ਬਿਜਲੀ ਅਤੇ ਮੁਫ਼ਤ ਬੱਸ ਸਫ਼ਰ ਦੀ ਸਬਸਿਡੀ ਦਿੱਤੀ ਜਾ ਰਹੀ ਹੈ। ਬਾਕੀ ਸੂਬਿਆਂ ’ਚ ਵੀ ਸਬਸਿਡੀ ਬਿਜਲੀ, ਟਰਾਂਸਪੋਰਟ ਅਤੇ ਗੈਸ ਸਿਲੰਡਰਾਂ ’ਤੇ ਦਿੱਤੀ ਜਾ ਰਹੀ ਹੈ। ਦੇਸ਼ ’ਚੋਂ ਤੀਜਾ ਨੰਬਰ ਗੁਜਰਾਤ ਦਾ ਹੈ ਜੋ ਮਾਲੀਆ ਪ੍ਰਾਪਤੀ ਦਾ 13 ਫ਼ੀਸਦੀ ਹਿੱਸਾ ਸਬਸਿਡੀ ’ਤੇ ਖ਼ਰਚ ਕਰਦਾ ਹੈ। ਦੇਸ਼ ’ਚੋਂ ਚਾਰ ਸੂਬੇ ਅਜਿਹੇ ਹਨ ਜੋ ਸਬਸਿਡੀ ਬਜਟ ਦਾ 90 ਫ਼ੀਸਦੀ ਤੋਂ ਜ਼ਿਆਦਾ ਹਿੱਸਾ ਬਿਜਲੀ ਸਬਸਿਡੀ ’ਤੇ ਖ਼ਰਚਦੇ ਹਨ ਜਿਨ੍ਹਾਂ ’ਚ ਪੰਜਾਬ, ਮਿਜ਼ੋਰਮ, ਰਾਜਸਥਾਨ ਅਤੇ ਸਿੱਕਮ ਸ਼ਾਮਲ ਹਨ।
ਪੰਜਾਬ ’ਚ 2024-25 ’ਚ ਬਿਜਲੀ ਸਬਸਿਡੀ ਦਾ ਬਿੱਲ 20,799 ਕਰੋੜ ਬਣਿਆ ਸੀ; ਚਾਲੂ ਵਿੱਤੀ ਵਰ੍ਹੇ ’ਚ ਇਹ ਸਬਸਿਡੀ ਬਿੱਲ 22 ਹਜ਼ਾਰ ਕਰੋੜ ਰੁਪਏ ਨੂੰ ਛੋਹ ਸਕਦਾ ਹੈ। 2024-25 ਦੌਰਾਨ ਘਰੇਲੂ ਬਿਜਲੀ ਸਬਸਿਡੀ ਦਾ ਬਿੱਲ 8284 ਕਰੋੜ ਰੁਪਏ, ਸਨਅਤੀ ਬਿਜਲੀ ਦੀ ਸਬਸਿਡੀ 2537 ਕਰੋੜ ਅਤੇ ਖੇਤੀ ਸੈਕਟਰ ਦੀ ਬਿਜਲੀ ਸਬਸਿਡੀ ਦਾ ਬਿੱਲ 9977 ਕਰੋੜ ਰੁਪਏ ਸੀ। ਪੰਜਾਬ ਵਿੱਚ ਇਸ ਵੇਲੇ 13.91 ਲੱਖ ਮੋਟਰ ਕੁਨੈਕਸ਼ਨ ਹਨ। ਪੰਜਾਬ ਸਰਕਾਰ ਔਸਤਨ 73 ਹਜ਼ਾਰ ਰੁਪਏ ਪ੍ਰਤੀ ਕੁਨੈਕਸ਼ਨ ਸਾਲਾਨਾ ਖੇਤੀ ਲਈ ਬਿਜਲੀ ਸਬਸਿਡੀ ’ਤੇ ਖ਼ਰਚ ਕਰ ਰਹੀ ਹੈ। ਹਾਲਾਂਕਿ ਪੰਜਾਬ ’ਚ 1.83 ਲੱਖ ਕਿਸਾਨ ਅਜਿਹੇ ਵੀ ਹਨ ਜਿਨ੍ਹਾਂ ਕੋਲ ਇੱਕ ਤੋਂ ਵੱਧ ਬਿਜਲੀ ਮੋਟਰਾਂ ਹਨ। ਦੋ ਜਾਂ ਦੋ ਤੋਂ ਵੱਧ ਮੋਟਰਾਂ ਵਾਲੇ ਕਿਸਾਨ ਕੁੱਲ ਬਿਜਲੀ ਸਬਸਿਡੀ ਦਾ ਕਰੀਬ 28 ਫ਼ੀਸਦੀ ਹਿੱਸਾ ਲੈ ਜਾਂਦੇ ਹਨ। ਚਾਰ ਜਾਂ ਚਾਰ ਤੋਂ ਜ਼ਿਆਦਾ ਮੋਟਰਾਂ ਵਾਲੇ 10,128 ਕਿਸਾਨ ਹਨ ਜਿਨ੍ਹਾਂ ਨੂੰ ਸਾਲਾਨਾ 200 ਕਰੋੜ ਤੋਂ ਜ਼ਿਆਦਾ ਬਿਜਲੀ ਸਬਸਿਡੀ ਮਿਲਦੀ ਹੈ।
ਛੜੱਪੇ ਮਾਰ ਵਧੀ ਬਿਜਲੀ ਸਬਸਿਡੀ
ਸੂਬਾ ਸਰਕਾਰ 1997-98 ਤੋਂ ਹੁਣ ਤੱਕ 1.25 ਲੱਖ ਕਰੋੜ ਤੋਂ ਜ਼ਿਆਦਾ ਬਿਜਲੀ ਸਬਸਿਡੀ ਦੇ ਚੁੱਕੀ ਹੈ। ਖੇਤੀ ਲਈ ਮੁਫ਼ਤ ਬਿਜਲੀ ਦੇਣ ਦੀ ਸ਼ੁਰੂਆਤ 1997 ਵਿਚ ਸ਼ੁਰੂ ਹੋਈ ਸੀ ਅਤੇ ਪਹਿਲੇ ਵਰ੍ਹੇ ਬਿਜਲੀ ਸਬਸਿਡੀ ਦਾ ਬਿੱਲ 604 ਕਰੋੜ ਰੁਪਏ ਬਣਿਆ ਸੀ। ਮੌਜੂਦਾ ਸਮੇਂ ਹਰ ਤਰ੍ਹਾਂ ਦੀ ਬਿਜਲੀ ਸਬਸਿਡੀ ਦਾ ਬਿੱਲ 22 ਹਜ਼ਾਰ ਕਰੋੜ ਸਾਲਾਨਾ ਨੂੰ ਛੋਹ ਜਾਣਾ ਹੈ।
