ਪੱਤਰ ਪ੍ਰੇਰਕ
ਐੱਸ.ਏ.ਐੱਸ. ਨਗਰ (ਮੁਹਾਲੀ), 17 ਅਕਤੂਬਰ
ਪੰਜਾਬ ਪੁਲੀਸ ਦੇ ਸੂਬਾਈ ਵਿਸ਼ੇਸ਼ ਅਪਰੇਸ਼ਨ ਸੈੱਲ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਜੇਲ੍ਹ ’ਚੋਂ ਪ੍ਰੋਡਕਸ਼ਨ ਵਾਰੰਟ ’ਤੇ ਹਿਰਾਸਤ ਵਿੱਚ ਲੈ ਲਿਆ ਹੈ। ਜੱਗੂ ਭਗਵਾਨਪੁਰੀਆ ਨੂੰ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਪੰਜ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਜੱਗੂ ਨੂੰ ਧਾਰਾ 384 ਅਤੇ ਅਸਲਾ ਐਕਟ ਤਹਿਤ ਦਰਜ ਇੱਕ ਪੁਰਾਣੇ ਕੇਸ ਵਿੱਚ ਨਾਮਜ਼ਦ ਕਰ ਕੇ ਉਸ ਦੀ ਗ੍ਰਿਫ਼ਤਾਰੀ ਪਾਈ ਹੈ। ਉਧਰ, ਜ਼ਿਲ੍ਹਾ ਪੁਲੀਸ ਵੱਲੋਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਨਿਸ਼ਾਨ ਸਿੰਘ ਨੂੰ ਅੱਜ ਫ਼ਰੀਦਕੋਟ ਤੋਂ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ ਫਿਰ ਤੋਂ ਜੁਡੀਸ਼ਲ ਰਿਮਾਂਡ ਤਹਿਤ ਵਾਪਸ ਜੇਲ੍ਹ ਭੇਜ ਦਿੱਤਾ।