ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 8 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੀਆਂ ਮੈਂਬਰ ਬੀਬੀਆਂ ਅਤੇ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਅਹੁਦੇਦਾਰਾਂ ਨਾਲ ਇਕ ਮੀਟਿੰਗ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਬਿਹਤਰ ਸਮਾਜ ਦੀ ਸਿਰਜਣਾ ਲਈ ਔਰਤਾਂ ਨੂੰ ਗੁਰੂ ਸਾਹਿਬਾਨ ਦੀ ਸੋਚ ’ਤੇ ਚੱਲਦਿਆਂ ਸਮਾਜਿਕ ਕੁਰੀਤੀਆਂ ਵਿਰੁੱਧ ਲਾਮਬੰਦ ਹੋਣਾ ਚਾਹੀਦਾ ਹੈ।
ਇੱਥੇ ਭਾਈ ਗੁਰਦਾਸ ਹਾਲ ਵਿੱਚ ਮੀਟਿੰਗ ਦੌਰਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਔਰਤਾਂ ਦਾ ਸਮਾਜ ਵਿਚ ਅਹਿਮ ਯੋਗਦਾਨ ਹੈ। ਉਨ੍ਹਾਂ ਬੀਬੀਆਂ ਨੂੰ ਅਪੀਲ ਕੀਤੀ ਕਿ ਉਹ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁੰਦਿਆਂ ਆਪੋ-ਆਪਣੇ ਇਲਾਕਿਆਂ ਵਿਚ ਸਿੱਖ ਧਰਮ ਦਾ ਪ੍ਰਚਾਰ ਕਰਨ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਚਲਾਈ ਪ੍ਰਚਾਰ ਲਹਿਰ ਵਿਚ ਸਹਿਯੋਗੀ ਬਣਨ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ‘ਘਰਿ ਘਰਿ ਅੰਦਰਿ ਧਰਮਸਾਲ’ ਲਹਿਰ ਤਹਿਤ ਬੀਬੀਆਂ ਦੇ ਸਮਾਗਮ ਵੀ ਕੀਤੇ ਜਾਣਗੇ, ਜਿਨ੍ਹਾਂ ਲਈ ਬੀਬੀਆਂ ਨੂੰ ਭਰਵਾਂ ਸਹਿਯੋਗ ਦੇਣਾ ਚਾਹੀਦਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਨੌਜਵਾਨ ਬੱਚੀਆਂ ਨੂੰ ਬਿਹਤਰ ਮੌਕੇ ਮੁਹੱਈਆ ਕਰਵਾਉਣ ਲਈ ਯਤਨਸ਼ੀਲ ਹੈ। ਇਸ ਤੋਂ ਪਹਿਲਾਂ ਕਮੇਟੀ ਨੇ ਅੰਮ੍ਰਿਤਧਾਰੀ ਸਿੱਖ ਬੱਚੀਆਂ ਨੂੰ ਮੁਫ਼ਤ ਵਿੱਦਿਆ ਦੇਣ ਲਈ ਵੀ ਪਹਿਲਕਦਮੀ ਕੀਤੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਗੁਰਿੰਦਰ ਕੌਰ ਭੋਲੂਵਾਲ, ਹਰਜਿੰਦਰ ਕੌਰ ਚੰਡੀਗੜ੍ਹ, ਗੁਰਪ੍ਰੀਤ ਕੌਰ ਰੂਹੀ, ਜੋਗਿੰਦਰ ਕੌਰ, ਮਨਜੀਤ ਕੌਰ ਤੇ ਦਿੱਲੀ ਕਮੇਟੀ ਦੀ ਮੀਤ ਪ੍ਰਧਾਨ ਰਣਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਬੀਬੀਆਂ ਮੌਜੂਦ ਸਨ।