ਸ਼ਗਨ ਕਟਾਰੀਆ
ਬਠਿੰਡਾ, 31 ਦਸੰਬਰ
ਇੱਥੋਂ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਗੈਂਗਸਟਰਾਂ ਨੇ ਜੇਲ੍ਹ ਦੀ ਸੁਰੱਖਿਆ ਲਈ ਤਾਇਨਾਤ ਸੀਆਰਪੀਐੱਫ਼ ਦੇ ਜਵਾਨਾਂ ’ਤੇ ਹਮਲਾ ਕਰ ਦਿੱਤਾ। ਇਸ ਸਬੰਧੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਚਿਨਮੀਤ ਸਿੰਘ ਦੀ ਸ਼ਿਕਾਇਤ ’ਤੇ ਪੁਲੀਸ ਨੇ ਜੇਲ੍ਹ ਮੈਨੂਅਲ ਐਕਟ ਅਤੇ ਸਰਕਾਰੀ ਡਿਊਟੀ ਵਿੱਚ ਵਿਘਨ ਪਾਉਣ ਦੇ ਦੋਸ਼ਾਂ ਹੇਠ ਥਾਣਾ ਕੈਂਟ ਵਿੱਚ ਪਰਚਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਹਮਲਾ ਕਰਨ ਵਾਲਿਆਂ ’ਚ ਸ਼ਾਮਲ ਗੈਂਗਸਟਰ ਦਿਲਪ੍ਰੀਤ ਬਾਬਾ ਤੇ ਰਾਜਵੀਰ ਸਿੰਘ ਤੋਂ ਇਲਾਵਾ ਹਵਾਲਾਤੀ ਕਰਮਜੀਤ ਸਿੰਘ ਖ਼ਿਲਾਫ਼ ਧਾਰਾ- 353, 186 ਅਤੇ ਸੈਕਸ਼ਨ- 52 ਜੇਲ੍ਹ ਮੈਨੂਅਲ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਹਮਲੇ ਦਾ ਆਧਾਰ ਬਹਿਸਬਾਜ਼ੀ ਨੂੰ ਦੱਸਿਆ ਗਿਆ ਹੈ। ਡਿਊਟੀ ’ਤੇ ਹਾਜ਼ਰ ਹੋਰਨਾਂ ਕਰਮਚਾਰੀਆਂ ਨੇ ਗੈਂਗਸਟਰਾਂ ਨੂੰ ਕਾਬੂ ਕਰ ਕੇ ਬੈਰਕਾਂ ਵਿੱਚ ਬੰਦ ਕੀਤਾ। ਸੂਤਰਾਂ ਅਨੁਸਾਰ ਹਮਲਾਵਰਾਂ ਨੇ ਲੋਹੇ ਦੀ ਰਾਡ ਅਤੇ ਤੇਜ਼ਧਾਰ ਹਥਿਆਰ ਨਾਲ ਕੇਂਦਰੀ ਬਲ ਦੇ ਜਵਾਨਾਂ ਨੂੰ ਨਿਸ਼ਾਨਾ ਬਣਾਇਆ ਪਰ ਜੇਲ੍ਹ ਪ੍ਰਸ਼ਾਸਨ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ। ਉਧਰ ਥਾਣਾ ਕੈਂਟ ਦੇ ਮੁਖੀ ਵਰੁਣ ਸਿੰਘ ਨੇ ਕਿਹਾ ਕਿ ਉਹ ਹਮਲਾਵਰਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛ-ਪੜਤਾਲ ਸਮੇਤ ਹਮਲੇ ’ਚ ਵਰਤੀਆਂ ਵਸਤਾਂ ਦੀ ਬਰਾਮਦਗੀ ਕਰਵਾਉਣਗੇ। ਦੱਸਣਯੋਗ ਹੈ ਕਿ ਪੰਜਾਬ ਪੁਲੀਸ ਨੇ ਚੰਡੀਗੜ੍ਹ ਪੁਲੀਸ ਦੇ ਸਹਿਯੋਗ ਨਾਲ ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਨੂੰ ਜੁਲਾਈ 2018 ਵਿੱਚ ਚੰਡੀਗੜ੍ਹ ਦੇ ਬੱਸ ਅੱਡੇ ਨੇੜਿਓਂ ਗ੍ਰਿਫ਼ਤਾਰ ਕੀਤਾ ਸੀ। ਜਾਣਕਾਰੀ ਅਨੁਸਾਰ ਬਠਿੰਡਾ ਜੇਲ੍ਹ ’ਚ ਕਈ ਗੈਂਗਸਟਰ ਬੰਦ ਹਨ, ਜਿਨ੍ਹਾਂ ਵਿੱਚੋਂ ਕੁਝ ‘ਏ’ ਕੈਟਾਗਰੀ ਦੇ ਹਨ। ਗੈਂਗਸਟਰਾਂ ਵਿਚਕਾਰ ਕਈ ਵਾਰ ਖੂਨੀ ਝੜਪਾਂ ਵੀ ਹੋ ਚੁੱਕੀਆਂ ਹਨ। ਅਜਿਹੀਆਂ ਘਟਨਾਵਾਂ ਨੂੰ ਵੇਖਦਿਆਂ ਸੁਰੱਖਿਆ ਨੂੰ ਹੋਰ ਸਖ਼ਤ ਕਰਨ ਦੇ ਮੰਤਵ ਨਾਲ ਕੇਂਦਰੀ ਜੇਲ੍ਹ ਬਠਿੰਡਾ ’ਚ ਸੀਆਰਪੀਐੱਫ ਦੇ ਜਵਾਨ ਤਾਇਨਾਤ ਕੀਤੇ ਗਏ ਸਨ।