ਗੁਰਿੰਦਰ ਸਿੰਘ
ਲੁਧਿਆਣਾ, 5 ਜੂਨ
ਪੰਜਾਬ ਦੇ ਜੇਲ੍ਹਾਂ ਅਤੇ ਮਾਈਨਿੰਗ ਵਿਭਾਗ ਦੇ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਸਰਕਾਰ ਵੱਲੋਂ ਜੇਲ੍ਹਾਂ ਨੂੰ ਗੈਂਗਸਟਰਾਂ ਦਾ ‘ਸੇਫ਼ ਹਾਊਸ’ ਹਰਗਿਜ਼ ਨਹੀਂ ਬਣਨ ਦਿੱਤਾ ਜਾਵੇਗਾ ਅਤੇ ਜੇਲ੍ਹਾਂ ਨੂੰ ਸਹੀ ਅਰਥਾਂ ਵਿੱਚ ਸੁਧਾਰ ਘਰ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ।
ਉਹ ਅੱਜ ਸਥਾਨਕ ਕੇਂਦਰੀ ਜੇਲ੍ਹ ਦਾ ਅਚਨਚੇਤ ਨਿਰੀਖਣ ਕਰਨ ਤੋਂ ਬਾਅਦ ਮੀਡੀਆ ਨਾਲ ਗੈਰ-ਰਸਮੀ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਨੇ ਜੇਲ੍ਹਾਂ ਨੂੰ ਸੁਧਾਰ ਘਰ ਬਣਾਉਣ ਲਈ ਕੋਈ ਵੀ ਕਦਮ ਨਹੀਂ ਚੁੱਕਿਆ, ਸਗੋਂ ਇੱਥੇ ਗੈਂਗਸਟਰਾਂ ਦਾ ਬੋਲਬਾਲਾ ਸੀ ਪਰ ਹੁਣ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਜਿਹਾ ਬਿਲਕੁਲ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਜੇਲ੍ਹਾਂ ਦੇ ਬੁਨਿਆਦੀ ਵਿਕਾਸ ਵੱਲ ਧਿਆਨ ਦੇ ਕੇ ਜੇਲ੍ਹ ਵਿਭਾਗ ਵਿੱਚ ਸਟਾਫ ਦੀ ਕਮੀ ਦੂਰ ਕਰਨ ਲਈ ਨਵੀਂ ਭਰਤੀ ਕੀਤੀ ਜਾ ਰਹੀ ਹੈ ਅਤੇ 1000 ਜੇਲ੍ਹ ਵਾਰਡਨਾਂ ਦੀ ਭਰਤੀ ਪ੍ਰਕਿਰਿਆ ਜਾਰੀ ਹੈ।
ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਲੁਧਿਆਣਾ ਸਮੇਤ ਸੂਬੇ ਦੀਆਂ ਕਈ ਜੇਲ੍ਹਾਂ ਨੂੰ ਹਾਈ ਸਕਿਉਰਿਟੀ ਅਲਰਟ ਦੀ ਕੈਟਾਗਰੀ ਵਿੱਚ ਰੱਖਿਆ ਗਿਆ ਹੈ। ਇਸ ਮੌਕੇ ਪੁਲੀਸ ਕਮਿਸ਼ਨਰ ਡਾ. ਕੌਸਤੁਭ ਸ਼ਰਮਾ, ਜੁਆਇੰਟ ਕਮਿਸ਼ਨਰ ਆਰਐੱਸ ਬਰਾੜ, ਜੇਲ੍ਹ ਸੁਪਰਡੈਂਟ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਜੇਲ੍ਹਾਂ ਨੂੰ ਜਲਦੀ ਮੋਬਾਈਲ ਮੁਕਤ ਕਰਨ ਦਾ ਦਾਅਵਾ
ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਾਅਵਾ ਕੀਤਾ ਹੈ ਕਿ ਅਗਲੇ ਕੁਝ ਮਹੀਨਿਆਂ ਦੌਰਾਨ ਪੰਜਾਬ ਦੀ ਹਰੇਕ ਜੇਲ੍ਹ ਨੂੰ ਮੋਬਾਈਲ ਮੁਕਤ ਕਰ ਦਿੱਤਾ ਜਾਵੇਗਾ ਅਤੇ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ, ਜਿੱਥੋਂ ਦੀਆਂ ਜੇਲ੍ਹਾਂ ‘ਮੋਬਾਈਲ ਫਰੀ’ ਹੋਣਗੀਆਂ। ਉਨ੍ਹਾਂ ਕਿਹਾ ਕਿ ਹਰੇਕ ਜੇਲ੍ਹ ਵਿੱਚ ਜੈਮਰ ਅਤੇ ਆਧੁਨਿਕ ਤਕਨੀਕ ਵਾਲੇ ਸੀਸੀਟੀਵੀ ਕੈਮਰੇ ਸਥਾਪਤ ਕੀਤੇ ਜਾ ਰਹੇ ਹਨ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਕੈਦੀਆਂ ਲਈ ਮੋਬਾਈਲ ਫੋਨ ਬਾਹਰੋਂ ਸੁੱਟੇ ਜਾਂਦੇ ਹਨ ਪਰ ਇਹ ਕੰਮ ਬੰਦ ਕਰਨ ਲਈ ਜਿੱਥੇ ਜੇਲ੍ਹ ਵਿੱਚ ਮੋਬਾਈਲ ਫੋਨ ਵਰਤਣ ਵਾਲੇ ਉੱਤੇ ਸਖ਼ਤੀ ਕੀਤੀ ਜਾ ਰਹੀ ਹੈ, ਉਥੇ ਹੀ ਜਿਸ ਦੇ ਨਾਮ ਉੱਤੇ ਸਿਮ ਚਲਦਾ ਹੋਵੇਗਾ, ਉਸ ਖ਼ਿਲਾਫ਼ ਵੀ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।