ਸ਼ਗਨ ਕਟਾਰੀਆ
ਬਠਿੰਡਾ, 1 ਨਵੰਬਰ
ਜੈਜੀਤ ਸਿੰਘ (ਜੋਜੋ ਜੌਹਲ) ਨੇ ਅੱਜ ਇੱਥੇ ਅਦਾਲਤ ਵਿਚ ਅਰਵਿੰਦ ਕੇਜਰੀਵਾਲ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਹੈ। ਸੀਜੇਐੱਮ ਕਪਿਲ ਦੇਵ ਸਿੰਗਲਾ ਦੀ ਅਦਾਲਤ ਵਿੱਚ ਆਪਣੇ ਵਕੀਲ ਨਾਲ ਕੇਸ ਦਰਜ ਕਰਵਾਉਣ ਆਏ ਜੋਜੋ ਜੌਹਲ ਨੇ ਕਿਹਾ ਕਿ ਕੇਜਰੀਵਾਲ ਨੇ ਉਸ ਦੇ ਸਿਆਸੀ ਅਕਸ ਨੂੰ ਢਾਹ ਲਾਉਣ ਲਈ ਬੇਤੁਕੀ ਬਿਆਨਬਾਜ਼ੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਕੇਜਰੀਵਾਲ ਝੂਠੇ ਦੋਸ਼ਾਂ ਦੀ ਰਾਜਨੀਤੀ ਕਰਨ ਦੇ ਆਦੀ ਹਨ, ਜਿਸ ਦੀ ਮਿਸਾਲ ਇਸ ਤੋਂ ਵੀ ਮਿਲਦੀ ਹੈ ਕਿ ਉਨ੍ਹਾਂ ਪਹਿਲਾਂ ਬਿਕਰਮ ਸਿੰਘ ਮਜੀਠੀਆ ਅਤੇ ਅਰੁਣ ਜੇਤਲੀ ’ਤੇ ਦੋਸ਼ ਲਾਏ ਅਤੇ ਮਗਰੋਂ ਮੁਆਫੀ ਵੀ ਮੰਗ ਲਈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਭਾਵੇਂ ਅਰਵਿੰਦ ਕੇਜਰੀਵਾਲ ਨੂੰ ਝੂਠੇ ਦੋਸ਼ ਲਾਉਣ ’ਤੇ ਕਈ ਵਾਰ ਮਾਣਹਾਨੀ ਦੇ ਕੇਸਾਂ ਦਾ ਸਾਹਮਣਾ ਕਰਨਾ ਪਿਆ ਪਰ ਉਹ ਹਰ ਵਾਰ ਮੁਆਫ਼ੀ ਮੰਗ ਕੇ ਆਪਣਾ ਖਹਿੜਾ ਛੁਡਾਉਂਦੇ ਰਹੇ। ਇਸ ਵਾਰ ਇੱਕ ਵਾਰ ਤਾਂ ਉਨ੍ਹਾਂ ਨੂੰ ਅਦਾਲਤ ਦੀਆਂ ਪੌੜੀਆਂ ਚੜ੍ਹਨੀਆਂ ਹੀ ਪੈਣਗੀਆਂ। ਫਿਰ ਵੀ ਉਹ ਅਗਲਾ ਫੈਸਲਾ ਸਾਥੀਆਂ ਦੀ ਸਲਾਹ ਨਾਲ ਲੈਣਗੇ।
ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਨੇ 29 ਅਕਤੂਬਰ ਨੂੰ ਬਠਿੰਡਾ ’ਚ ਵਪਾਰੀਆਂ ਦੇ ਇਕੱਠ ਨੂੰ ਮੁਖ਼ਾਤਬਿ ਹੁੰਦਿਆਂ ਬਠਿੰਡਾ ਖੇਤਰ ’ਚ ‘ਜੋ-ਜੋ ਟੈਕਸ’ ਦੇ ਪਾਸਾਰੇ ਦਾ ਜ਼ਿਕਰ ਕੀਤਾ ਸੀ। ਇਸੇ ਮੁੱਦੇ ਨੂੰ ਆਧਾਰ ਬਣਾ ਕੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਕਰੀਬੀ ਰਿਸ਼ਤੇਦਾਰ ਜੈਜੀਤ ਸਿੰਘ (ਜੋਜੋ ਜੌਹਲ) ਨੇ ਅੱਜ ਕੇਜਰੀਵਾਲ ਖ਼ਿਲਾਫ਼ ਕੇਸ ਦਾਇਰ ਕੀਤਾ।
ਕੇਸ ਦੀ ਸੁਣਵਾਈ 15 ਨੂੰ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਦਾਇਰ ਕੀਤੇ ਗਏ ਮਾਣਹਾਨੀ ਕੇਸ ’ਚ ਅੱਜ ਅਡੀਸ਼ਨਲ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਪਿਲ ਦੇਵ ਸਿੰਗਲਾ ਦੀ ਅਦਾਲਤ ’ਚ ਜੈਜੀਤ ਜੌਹਲ ਦੇ ਬਿਆਨ ਕਲਮਬੰਦ ਕੀਤੇ ਗਏ। ਭਾਰਤੀ ਦੰਡਾਵਲੀ ਦੀ ਧਾਰਾ 499,500 ਤਹਿਤ ਦਾਇਰ ਕੀਤੇ ਕੇਸ ਦੀ ਅਗਲੀ ਸੁਣਵਾਈ 15 ਨਵੰਬਰ 2021 ਨੂੰ ਹੋਵੇਗੀ।