ਰਣਜੀਤ ਸਿੰਘ ਸ਼ੀਤਲ
ਦਿੜ੍ਹਬਾ ਮੰਡੀ, 20 ਮਈ
ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦਿੜ੍ਹਬਾ ਵਿੱਚ ਜਗਦੇਵ ਸਿੰਘ ਗਾਗਾ ਜਨਰਲ ਸਕੱਤਰ ਆਲ ਇੰਡੀਆ ਯੂਥ ਕਾਂਗਰਸ ਅਤੇ ਕਾਂਗਰਸ ਦੇ ਸੂਬਾ ਸਕੱਤਰ ਸਤਨਾਮ ਸਿੰਘ ਸੱਤਾ ਦੀ ਅਗਵਾਈ ਹੇਠ ਕੀਤੀ ਗਈ ਵਰਕਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਤੇ ਸੁਨੀਲ ਜਾਖੜ ’ਤੇ ਤਿੱਖੇ ਸ਼ਬਦੀ ਹਮਲੇ ਕੀਤੇ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵੇਂ ਆਗੂਆਂ ਨੇ ਕਾਂਗਰਸ ਨੂੰ ਇੱਥੇ ਤੱਕ ਪਹੁੰਚਾਉਣ ਵਿੱਚ ਵੱਡਾ ਰੋਲ ਅਦਾ ਕੀਤਾ ਹੈ ਕਿਉਂਕਿ ਦੋਵਾਂ ਨੇ ਛੇ ਮਹੀਨੇ ਪਹਿਲਾਂ ਹੀ ਪਾਰਟੀ ਨੂੰ ਕਮਜ਼ੋਰ ਕਰਨ ਲਈ ਵਿਰੋਧੀ ਪਾਰਟੀ ਨਾਲ ਸਮਝੌਤਾ ਕਰ ਲਿਆ ਸੀ।
ਉਨ੍ਹਾਂ ਕਿਹਾ ਕਿ ਹੁਣ ਪਾਰਟੀ ਦੀ ਮਜ਼ਬੂਤੀ ਲਈ ਕਾਂਗਰਸ ਇੱਕਜੁੱਟ ਹੈ ਤੇ ਕਮੀਆਂ ਨੂੰ ਦੂਰ ਕਰਕੇ ਮੁੜ ਸੂਬੇ ਵਿੱਚ ਸਰਕਾਰ ਬਣਾਉਣ ਦੀ ਤਿਆਰੀ ਕੀਤੀ ਜਾਵੇਗੀ ਤੇ ਪਾਰਟੀ ਨੂੰ ਕਮਜ਼ੋਰ ਕਰਨ ਵਾਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਲੋਕਾਂ ਨੇ ‘ਆਪ’ ਨੂੰ ਨਹੀਂ ਜਿਤਾਇਆ, ਸਗੋਂ ਕਾਂਗਰਸ ਨੂੰ ਹਰਾਇਆ ਹੈ। 2027 ਦੀਆਂ ਚੋਣਾਂ ਵਿੱਚ ਹਲਕੇ ਦੇ ਪਾਰਟੀ ਆਗੂਆਂ, ਵਰਕਰਾਂ ਅਤੇ ਸਰਪੰਚਾਂ ਦੀ ਰਾਇ ਲੈ ਕੇ ਕਾਬਲ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ।