ਜਾਖੜ ਦੋਸ਼ ਸਾਬਤ ਕਰਨ ਜਾਂ ਮੁਆਫੀ ਮੰਗਣ: ਵਿਧਾਇਕ ਗੋਲਡੀ
ਪੰਕਜ ਕੁਮਾਰ
ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੂੰ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਭਾਜਪਾ ਆਗੂ ਉਨ੍ਹਾਂ ਖਿਲਾਫ ਲਾਏ ਗਏ ਦੋਸ਼ਾਂ ਨੂੰ ਜਾਂ ਤਾਂ ਸਿੱਧ ਕਰਨ ਜਾਂ ਮੁਆਫੀ ਮੰਗਣ। ਉਨ੍ਹਾਂ ਕਿਹਾ ਕਿ ਜੇ ਭਾਜਪਾ ਪ੍ਰਧਾਨ ਆਪਣੇ ਦੋਸ਼ ਸਿੱਧ ਕਰ ਦਿੰਦੇ ਹਨ ਤਾਂ ਉਹ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸੁਨੀਲ ਜਾਖੜ ਵੱਲੋਂ ਉਨ੍ਹਾਂ ਸਣੇ ਕੁਝ ਹੋਰਾਂ ਦੇ ਗੈਂਗਸਟਰਾਂ ਨਾਲ ਸਬੰਧ ਹੋਣ ਸਬੰਧੀ ਕਥਿਤ ਬਿਆਨ ਦਿੱਤਾ ਗਿਆ ਸੀ। ਵਿਧਾਇਕ ਗੋਲਡੀ ਨੇ ਕਿਹਾ ਕਿ ਅਬੋਹਰ ਦੇ ਕੱਪੜਾ ਵਪਾਰੀ ਸੰਜੈ ਵਰਮਾ ਕਤਲ ਮਾਮਲੇ ਵਿੱਚ ਦੋਸ਼ੀਆਂ ਨੂੰ ਫੜਨ ਲਈ ਪੁਲੀਸ ਕਾਰਵਾਈ ਕਰ ਰਹੀ ਹੈ। ਹੁਣ ਤੱਕ ਇਸ ਸਬੰਧੀ ਕਈ ਮੁਲਜ਼ਮ ਕਾਬੂ ਵੀ ਕੀਤੇ ਗਏ ਹਨ। ਇਸ ਸੰਵੇਦਨਸ਼ੀਲ ਮੁੱਦੇ ’ਤੇ ਕਿਸੇ ਨੂੰ ਵੀ ਰਾਜਨੀਤੀ ਨਹੀਂ ਕਰਨੀ ਚਾਹੀਦੀ ਪਰ ਭਾਜਪਾ ਆਗੂ ਇਸ ਮੁੱਦੇ ’ਤੇ ਰਾਜਨੀਤੀ ਕਰ ਰਹੇ ਹਨ। ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤਾਂ ਗੈਂਗਸਟਰਾਂ ਖਿਲਾਫ ਸਖਤ ਕਾਰਵਾਈ ਕਰ ਰਹੀ ਹੈ। ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਦੇ ਜਵਾਬ ਵਿੱਚ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਸੰਜੈ ਵਰਮਾ ਕਤਲ ਕੇਸ ਦੇ ਦੋਸ਼ੀਆਂ ਦੀ ਭਾਲ ਲਈ ਪੁਲੀਸ ਛਾਪੇ ਮਾਰ ਰਹੀ ਹੈ ਤੇ ਬਹੁਤ ਜਲਦ ਸਾਰੇ ਮੁਲਜ਼ਮ ਸਲਾਖਾਂ ਪਿੱਛੇ ਹੋਣਗੇ।
ਇੱਕ ਹੋਰ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਸਮਾਜਿਕ ਜੀਵਨ ਵਿੱਚ ਵਿਚਰਦਿਆਂ ਬਹੁਤ ਸਾਰੇ ਲੋਕ ਸਿਆਸੀ ਆਗੂਆਂ ਨਾਲ ਫੋਟੋ ਕਰਵਾ ਲੈਂਦੇ ਹਨ, ਇਸ ਦਾ ਇਹ ਮਤਲਬ ਨਹੀਂ ਹੈ ਕਿ ਉਹ ਸਭ ਨੂੰ ਜਾਣਦੇ ਹਨ।