ਜਾਖੜ ਨੇ ਆਤਿਸ਼ੀ ਦੀ ਵੀਡੀਓ ਦੀ ਜਾਂਚ ’ਤੇ ਸਵਾਲ ਚੁੱਕੇ
ਮੁੱਖ ਮੰਤਰੀ ਤੋਂ ਅਸਤੀਫ਼ਾ ਮੰਗਿਆ; ਚੰਡੀਗੜ੍ਹ ’ਚ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਅੈਲਾਨ
‘ਆਪ’ ਆਗੂ ਆਤਿਸ਼ੀ ਵੱਲੋਂ ਦਿੱਲੀ ਵਿਧਾਨ ਸਭਾ ਵਿੱਚ ਗੁਰੂ ਤੇਗ ਬਹਾਦਰ ਜੀ ਬਾਰੇ ਕਥਿਤ ਟਿੱਪਣੀ ਦਾ ਮਾਮਲਾ ਗਰਮਾਉਂਦਾ ਜਾ ਰਿਹਾ ਹੈ। ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਚੰਡੀਗੜ੍ਹ ਵਿੱਚ ਆਤਿਸ਼ੀ ਦੀ ਵੀਡੀਓ ਬਾਰੇ ਪੰਜਾਬ ਪੁਲੀਸ ਦੀ ਕਾਰਵਾਈ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਪੁਲੀਸ ਨੇ 24 ਘੰਟਿਆਂ ਦੇ ਅੰਦਰ ਆਤਿਸ਼ੀ ਦੀ ਵੀਡੀਓ ਦੀ ਫੋਰੈਂਸਿਕ ਜਾਂਚ ਕਰਵਾ ਕੇ ਕਲੀਨ ਚਿੱਟ ਦੇ ਦਿੱਤੀ ਅਤੇ ਵੀਡੀਓ ਵਾਇਰਲ ਕਰਨ ਵਾਲਿਆਂ ਖ਼ਿਲਾਫ਼ ਕੇਸ ਵੀ ਦਰਜ ਕਰ ਦਿੱਤੇ, ਪਰ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਬੰਧਤ ਵੀਡੀਓ ਅਤੇ ਜ਼ਿਲ੍ਹਾ ਪਰਿਸ਼ਦ ਚੋਣਾਂ ਦੌਰਾਨ ਪਟਿਆਲਾ ਦੇ ਐੱਸ ਐੱਸ ਪੀ ਦੀ ਵਾਇਰਲ ਹੋਈ ਆਡੀਓ ਦੀ ਜਾਂਚ ਹਾਲੇ ਤੱਕ ਨਹੀਂ ਹੋ ਸਕੀ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ, ਵਧ ਰਹੇ ਨਸ਼ਿਆਂ ਅਤੇ ਹੋਰ ਮੁੱਦਿਆਂ ਨੂੰ ਲੈ ਕੇ 16 ਜਨਵਰੀ ਨੂੰ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਮੁੱਖ ਮੰਤਰੀ ਮਾਨ ਨੂੰ ਚੁਣੌਤੀ ਦਿੱਤੀ ਕਿ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਜਾਂ ਆਪਣੀ ਕਥਿਤ ਵੀਡੀਓ ਦੀ ਜਾਂਚ ਕਰਵਾ ਕੇ ਸੱਚਾਈ ਸਾਹਮਣੇ ਲਿਆਉਣ।
ਉਨ੍ਹਾਂ ਪਟਿਆਲਾ ਦੇ ਐੱਸ ਐੱਸ ਪੀ ਦੀ ਆਡੀਓ ਦੀ ਵੀ ਨਿਰਪੱਖ ਜਾਂਚ ਮੰਗੀ। ਉਨ੍ਹਾਂ ਕਿਹਾ ਕਿ ਜੁਲਾਈ 2025 ਵਿੱਚ ਬੇਅਦਬੀ ਰੋਕਣ ਲਈ ਪਾਸ ਕੀਤੇ ਗਏ ਮਤੇ ’ਤੇ ਹਾਲੇ ਤੱਕ ਕੋਈ ਕਾਨੂੰਨ ਨਹੀਂ ਬਣਿਆ, ਜਦਕਿ ‘ਆਪ’ ਆਗੂ ਖੁਦ ਬੇਅਦਬੀ ਵਰਗੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ।

